ਚੰਡੀਗੜ੍ਹ: ਫ਼ਸਲਾਂ ’ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੋਰ ਮੰਗਾਂ ਬਾਰੇ ਕੇਂਦਰ ਤੇ ਕਿਸਾਨਾਂ ਵਿਚਕਾਰ ਅੱਜ ਚੰਡੀਗੜ੍ਹ ਵਿਚ ਹੋਈ ਛੇਵੇਂ ਗੇੜ ਦੀ ਮੀਟਿੰਗ ਵਿੱਚ ਫ਼ਸਲਾਂ ’ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਬਾਰੇ ਗੱਲ ਅੱਗੇ ਤੁਰ ਪਈ। ਹਾਲਾਂਕਿ ਇਸ ਮੀਟਿੰਗ ਵਿੱਚ ਕੋਈ ਫ਼ੈਸਲਾ ਨਹੀਂ ਲਿਆ ਗਿਆ ਪਰ ਕੇਂਦਰੀ ਮੰਤਰੀਆਂ ਨੇ ਕਿਸਾਨਾਂ ਨਾਲ ਅਗਲੀ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ਵਿੱਚ ਹੀ ਨਿਰਧਾਰਿਤ ਕਰ ਦਿੱਤੀ ਹੈ। ਮੀਟਿੰਗ ਵਿੱਚ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪਿਊਸ਼ ਗੋਇਲ ਤੇ ਪ੍ਰਹਿਲਾਦ ਜੋਸ਼ੀ ਨੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ 28 ਮੈਂਬਰੀ ਵਫ਼ਦ ਨਾਲ ਗੱਲਬਾਤ ਕੀਤੀ। ਇਹ ਮੀਟਿੰਗ ਤਿੰਨ ਘੰਟੇ ਤੋਂ ਵੱਧ ਸਮਾਂ ਚੱਲੀ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਖੁੱਡੀਆਂ ਅਤੇ ਲਾਲਚੰਦ ਕਟਾਰੂਚੱਕ ਵੀ ਮੌਜੂਦ ਸਨ। ਚੰਡੀਗੜ੍ਹ ਦੇ ਸੈਕਟਰ-26 ਦੇ ਮਗਸੀਪਾ ਵਿੱਚ ਹੋਈ ਮੀਟਿੰਗ ਦੌਰਾਨ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਚੌਹਾਨ ਨੇ ਆਉਂਦਿਆਂ ਹੀ ਸਭ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਇਸ ਤੋਂ ਬਾਅਦ ਕੇਂਦਰੀ ਮੰਤਰੀਆਂ ਨੇ ਕਿਸਾਨਾਂ ਦੇ ਵੱਖ-ਵੱਖ ਮੁੱਦਿਆਂ ’ਤੇ ਗੱਲਬਾਤ ਕੀਤੀ। ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੇ ਸਾਰੀਆਂ ਫ਼ਸਲਾਂ ਦੀ ਐੱਮਐੱਸਪੀ ’ਤੇ ਖਰੀਦ ਦੀ ਕਾਨੂੂੰਨੀ ਗਾਰੰਟੀ ਦੇਣ ਦੀ ਮੰਗ ਕੀਤੀ। ਇਸ ਦੌਰਾਨ ਕਿਸਾਨਾਂ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਖਰੀਦੀਆਂ ਜਾਣ ਵਾਲੀਆਂ ਫ਼ਸਲਾਂ ਅਤੇ ਐੱਮਐੱਸਪੀ ਤੋਂ ਘੱਟ ਭਾਅ ’ਤੇ ਖਰੀਦੀਆਂ ਜਾਣ ਵਾਲੀਆਂ ਫ਼ਸਲਾਂ ਦੇ ਅੰਕੜੇ ਪੇਸ਼ ਕੀਤੇ। ਇਸ ਦੇ ਨਾਲ ਹੀ ਕਿਸਾਨਾਂ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ 25 ਤੋਂ 30 ਹਜ਼ਾਰ ਕਰੋੜ ਰੁਪਏ ਦੇ ਬਜਟ ਨਾਲ ਫ਼ਸਲਾਂ ਦੀ ਐੱਮਐੱਸਪੀ ’ਤੇ ਯਕੀਨੀ ਖਰੀਦ ਕਰ ਸਕਦੀ ਹੈ। ਕੇਂਦਰੀ ਮੰਤਰੀਆਂ ਨੇ ਕਿਸਾਨਾਂ ਵੱਲੋਂ ਪੇਸ਼ ਕੀਤੇ ਇਨ੍ਹਾਂ ਅੰਕੜਿਆਂ ਦੀ ਵਿਸਥਾਰਪੂਰਵਕ ਰਿਪੋਰਟ ਸੌਂਪਣ ਦੀ ਅਪੀਲ ਕੀਤੀ ਤਾਂ ਕਿ ਕੇਂਦਰ ਸਰਕਾਰ ਆਪਣੇ ਖੇਤੀ ਮਾਹਿਰਾਂ ਨਾਲ ਵਿਚਾਰ ਕਰ ਕੇ ਇਸ ਸਬੰਧੀ ਕੋਈ ਠੋਸ ਫ਼ੈਸਲਾ ਲੈ ਸਕੇ। ਇਸ ਮੌਕੇ ਕੇਂਦਰੀ ਖੇਤੀ ਮੰਤਰੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਪਰ ਡੱਲੇਵਾਲ ਨੇ ਆਪਣੀ ਭੁੱਖ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ।
ਕਿਸਾਨਾਂ ਨਾਲ ਚੰਗੇ ਮਾਹੌਲ ਵਿੱਚ ਗੱਲਬਾਤ ਹੋਈ: ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਕੇਂਦਰੀ ਖੇਤੀ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਬਹੁਤ ਹੀ ਚੰਗੇ ਮਾਹੌਲ ਵਿੱਚ ਹੋਈ ਹੈ। ਉਨ੍ਹਾਂ ਨੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਕੀਤੇ ਜਾ ਰਹੇ ਕੰਮਾਂ ਬਾਰੇ ਵੀ ਕਿਸਾਨਾਂ ਨੂੰ ਜਾਣੂੰ ਕਰਵਾਇਆ ਅਤੇ ਉਸ ਤੋਂ ਬਾਅਦ ਕਿਸਾਨਾਂ ਦੀਆਂ ਮੰਗਾਂ ਨੂੰ ਵੀ ਧਿਆਨ ਨਾਲ ਸੁਣਿਆ। ਉਨ੍ਹਾਂ ਕਿਹਾ ਕਿ 19 ਮਾਰਚ ਨੂੰ ਕਿਸਾਨਾਂ ਨਾਲ ਅਗਲੀ ਮੀਟਿੰਗ ਕੀਤੀ ਜਾਵੇਗੀ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਦੌਰਾਨ ਕਿਸਾਨਾਂ ਨੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਵੀ ਕਿਸਾਨਾਂ ਦਾ ਪੱਖ ਪੂਰਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ 19 ਮਾਰਚ ਨੂੰ ਹੋਣ ਵਾਲੀ ਮੀਟਿੰਗ ਦੇ ਚੰਗੇ ਨਤੀਜੇ ਸਾਹਮਣੇ ਆ ਸਕਦੇ ਹਨ। ਜ਼ਿਕਰਯੋਗ ਹੈ ਕਿ ਅੱਜ ਦੀ ਮੀਟਿੰਗ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਐਂਬੂਲੈਂਸ ਰਾਹੀਂ ਪਹੁੰਚੇ।
ਪੰਜਾਬ ਸਰਕਾਰ ਵਿਧਾਨ ਸਭਾ ’ਚ ਕਿਸਾਨਾਂ ਦੇ ਹੱਕ ਵਿੱਚ ਪਹਿਰਾ ਦੇਵੇ: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਹੋਰਨਾਂ ਆਗੂਆਂ ਨੇ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਤੋਂ ਵੀ ਕਿਸਾਨਾਂ ਦੇ ਹੱਕ ਵਿੱਚ ਪਹਿਰਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਕਿਸਾਨਾਂ ਦੀਆਂ 12 ਮੰਗਾਂ ਦੇ ਹੱਕ ਵਿੱਚ ਅਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਨਵੀਂ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਵਿਰੁੱਧ ਮਤਾ ਪਾਸ ਕਰੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕਿਸਾਨੀ ਤੇ ਹੋਰਨਾਂ ਮੰਗਾਂ ਲਈ ਮੁਲਾਕਾਤ ਕਰਨ ਲਈ ਸਮਾਂ ਮੰਗਿਆ।
ਕਿਸਾਨਾਂ ਨੂੰ ਮਜਬੂਰੀ ’ਚ ਫ਼ਸਲ ਵੇਚਣ ਤੋਂ ਰੋਕਣ ਲਈ ਯੋਜਨਾ ਦੀ ਤਿਆਰੀ: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਦੇ ਉਪਾਅ ਕਰ ਰਹੀ ਹੈ ਕਿ ਕਿਸਾਨਾਂ ਨੂੰ ਆਪਣੀ ਫ਼ਸਲ, ਖ਼ਾਸ ਤੌਰ ’ਤੇ ਫ਼ਲਾਂ ਤੇ ਸਬਜ਼ੀਆਂ ਨਾਮਾਤਰ ਕੀਮਤਾਂ ’ਤੇ ਨਾ ਵੇਚਣੀਆਂ ਪੈਣ। ਉਨ੍ਹਾਂ ਕੌਮੀ ਰਾਜਧਾਨੀ ਵਿੱਚ 22 ਤੋਂ 24 ਫਰਵਰੀ ਤੱਕ ਹੋਣ ਵਾਲੇ ‘ਪੂਸਾ ਖੇਤੀ ਵਿਗਿਆਨ ਮੇਲਾ’ 2025 ਦਾ ਉਦਘਾਟਨ ਕਰਨ ਤੋਂ ਬਾਅਦ ਇਹ ਗੱਲ ਆਖੀ। ਚੌਹਾਨ ਨੇ ਲੈਬਾਰਟਰੀਆਂ ਤੋਂ ਬੀਜਾਂ ਦੀਆਂ ਨਵੀਆਂ ਕਿਸਮਾਂ ਤੇ ਤਕਨਾਲੋਜੀ ਜਲਦੀ ਤੋਂ ਜਲਦੀ ਕਿਸਾਨਾਂ ਤੱਕ ਪਹੁੰਚਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਸਮੱਸਿਆਵਾਂ ਨੂੰ ਸਮਝਣ ਲਈ ਕਿਸਾਨਾਂ ਦੇ ਨਾਲ ਉਨ੍ਹਾਂ ਦੀਆਂ ਜਥਬੰਦੀਆਂ ਰਾਹੀਂ ਸਿੱਧੀ ਚਰਚਾ ਕਰ ਰਹੀ ਹੈ ਅਤੇ ਫਿਰ ਹੱਲ ਲਈ ਯੋਜਨਾਵਾਂ ਬਣਾ ਰਹੀ ਹੈ। ਮੰਤਰੀ ਨੇ ਕਿਹਾ, ‘‘ਜਿੱਥੇ-ਜਿੱਥੇ ਸਮੱਸਿਆਵਾਂ ਦਿਖ ਰਹੀਆਂ ਹਨ, ਅਸੀਂ ਯੋਜਨਾਵਾਂ ਬਣਾ ਰਹੇ ਹਾਂ।’’ ਉਨ੍ਹਾਂ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਪਿਛਲੇ ਕੁਝ ਸਾਲਾਂ ਵਿੱਚ ਸਰਕਾਰ ਵੱਲੋਂ ਉਠਾਏ ਗਏ ਕਦਮਾਂ ਦਾ ਜ਼ਿਕਰ ਕੀਤਾ। ਚੌਹਾਨ ਨੇ ਕਿਹਾ ਕਿ ਸਰਕਾਰ ਨੇ ਚੌਲ ਤੇ ਪਿਆਜ਼ ਦੀ ਬਰਾਮਦ ਤੋਂ ਰੋਕ ਹਟਾ ਦਿੱਤੀ ਹੈ ਜਦਕਿ ਖੁਰਾਕੀ ਤੇਲਾਂ ’ਤੇ ਦਰਾਮਦ ਫੀਸ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਟਮਾਟਰ ਦੀਆਂ ਕੀਮਤਾਂ ਵਿੱਚ ਨਿਘਾਰ ਨੂੰ ਦੇਖਦੇ ਹੋਏ ਕਿਸਾਨਾਂ ਦੀ ਮਦਦ ਲਈ ਕਦਮ ਉਠਾਏ ਜਾਣਗੇ। ਉਨ੍ਹਾਂ ਕਿਹਾ, ‘‘ਮੈਂ ਆਪਣੇ ਕਿਸਾਨੀ ਭਾਈਚਾਰੇ ਨੂੰ ਭਰੋਸਾ ਦੇਣਾ ਚਾਹੁੰਦਾ ਹਾਂ ਕਿ ਅਸੀਂ ਕਿਸਾਨਾਂ ਦੀ ਭਲਾਈ ਲਈ ਸਾਰੇ ਅਹਿਮ ਫੈਸਲੇ ਲਵਾਂਗੇ। ਚਿੰਤਾ ਨਾ ਕਰੋ।’’ ਉਨ੍ਹਾਂ ਕਿਹਾ, ‘‘ਕੁਝ ਮੁੱਦੇ ਹਨ, ਜਿਨ੍ਹਾਂ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਖੇਤ ਪੱਧਰ ’ਤੇ ਕੀਮਤਾਂ ਘੱਟ ਹਨ ਅਤੇ ਖ਼ਪਤਕਾਰ ਵਾਧੂ ਕੀਮਤਾਂ ਦੇ ਰਹੇ ਹਨ। ਵਿਚਾਲੇ ਫਾਇਦਾ ਕੌਣ ਲੈਂਦਾ ਹੈ? ਲਾਭ ਦਾ ਮਾਰਜਨ ਘੱਟ ਹੋਣਾ ਚਾਹੀਦਾ ਹੈ।’’ ਮੰਤਰੀ ਨੇ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ ਕਿ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਨਾਮਾਤਰ ਕੀਮਤਾਂ ’ਤੇ ਨਾ ਵੇਚਣੀਆਂ ਪੈਣ। ਖੁਰਾਕ ਉਤਪਾਦਨ ਵਿੱਚ ਭਾਰਤ ਨੂੰ ਆਤਮਨਿਰਭਰ ਬਣਾਉਣ ਲਈ ਭਾਰਤੀ ਖੇਤੀ ਖੋਜ ਕੌਂਸਲ (ਆਈਸੀਏਆਰ) ਦੇ ਵਿਗਿਆਨੀਆਂ ਦੀ ਸ਼ਲਾਘਾ ਕਰਦੇ ਹੋਏ ਚੌਹਾਨ ਨੇ ਕਿਹਾ ਕਿ ਕਿਸਾਨਾਂ ਨੂੰ ਫਾਇਦਾ ਪਹੁੰਚਾਉਣ ਲਈ ਨਵੀਆਂ ਕਿਸਮਾਂ ਤੇ ਤਕਨਾਲੋਜੀ ਨੂੰ ਜਲਦੀ ਤੋਂ ਜਲਦੀ ਖੇਤਾਂ ਤੱਕ ਪਹੁੰਚਾਉਣ ਦੀ ਲੋੜ ਹੈ। ਉਨ੍ਹਾਂ ਕਿਹਾ, ‘‘ਚੰਗੀ ਕਿਸਮ ਦੇ ਬੀਜ ਮੁਹੱਈਆ ਕਰਵਾਉਣਾ ਬਹੁਤ ਜ਼ਰੂਰੀ ਹੈ। ਕਿਸਾਨਾਂ ਨੂੰ ਇਸ ਦੀ ਲੋੜ ਹੈ। ਆਈਸੀਏਆਰ ਇਨ੍ਹਾਂ ਬੀਜਾਂ ਨੂੰ ਵਿਕਸਤ ਕਰ ਰਿਹਾ ਹੈ। ਸਾਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਇਹ ਬੀਜ ਜਲਦੀ ਤੋਂ ਜਲਦੀ ਕਿਸਾਨਾਂ ਤੱਕ ਪਹੁੰਚਣ।’’ ਚੌਹਾਨ ਨੇ ਕਿਹਾ ਕਿ ਉਹ ਦਿੱਲੀ ਵਿੱਚ ਸਥਿਤ ਕ੍ਰਿਸ਼ੀ ਭਵਨ ਵਿੱਚ ਬੈਠਣ ਦੀ ਥਾਂ ਖੇਤਾਂ ਵਿੱਚ ਜਾ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਸਮਝਦੇ ਹਨ। ਉਹ ਆਪਣੇ ਮੰਤਰਾਲੇ ਦੇ ਅਧਿਕਾਰੀਆਂ ਤੇ ਆਈਸੀਏਆਰ ਦੇ ਵਿਗਿਆਨੀਆਂ ਨੂੰ ਵੀ ਅਜਿਹਾ ਕਰਨ ਵਾਸਤੇ ਕਹਿੰਦੇ ਹਨ। ਉਨ੍ਹਾਂ ਦੁਹਾਰਾਇਆ ਕਿ ਸਰਕਾਰ ਫ਼ਸਲਾਂ ਵਿੱਚ ਸੁਧਾਰ ਰਾਹੀਂ ਖੇਤੀ ਉਤਪਾਦਨ ਵਧਾਉਣ, ਉਤਪਾਦਨ ਲਾਗਤ ਘਟਾਉਣ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਸਹੀ ਮੁੱਲ ਦਿਵਾਉਣ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ।
ਮਸਰ, ਮਾਂਹ ਤੇ ਅਰਹਰ ਦੀਆਂ ਦਾਲਾਂ ਦੀ ਸਾਰੀ ਫ਼ਸਲ ਖ਼ਰੀਦਣ ਦਾ ਭਰੋਸਾ ਦਿਵਾਇਆ-ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਸਰਕਾਰ ਕਣਕ ਤੇ ਝੋਨਾ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ’ਤੇ ਖ਼ਰੀਦ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਮਸਰੀ, ਮਾਂਹ ਤੇ ਅਰਹਰ ਦੀਆਂ ਦਾਲਾਂ ਦੀ ਸਾਰੀ ਫ਼ਸਲ ਖ਼ਰੀਦੇਗੀ ਤਾਂ ਜੋ ਕਿਸਾਨਾਂ ਨੂੰ ਹੋਰ ਵਧੇਰੇ ਦਾਲਾਂ ਉਗਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਭਾਰਤ ਨੂੰ 2047 ਤੱਕ ਇਕ ਵਿਕਸਤ ਦੇਸ਼ ਬਣਾਉਣ ਲਈ ਕਿਸਾਨਾਂ ਤੇ ਖੇਤੀਬਾੜੀ ਖੇਤਰ ਦਾ ਵਿਕਾਸ ਕਰਨਾ ਕਾਫੀ ਜ਼ਰੂਰੀ ਹੈ।
…ਜਦੋਂ ਕੇਂਦਰੀ ਮੰਤਰੀ ਨੇ ਜਹਾਜ਼ ਦੀ ਟੁੱਟੀ ਹੋਈ ਸੀਟ ’ਤੇ ਸਫ਼ਰ ਕੀਤਾ-ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਟਾਟਾ ਗਰੁੱਪ ਦੀ ਮਾਲਕੀ ਵਾਲੀ ਏਅਰ ਇੰਡੀਆ ’ਤੇ ਟੁੱਟੀ ਅਤੇ ਦੱਬੀ ਹੋਈ ਸੀਟ ਅਲਾਟ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕੇਂਦਰੀ ਹਵਾਬਾਜ਼ੀ ਮੰਤਰੀ ਕੇ ਰਾਮਮੋਹਨ ਨਾਇਡੂ ਨੂੰ ਇਸ ਏਅਰਲਾਈਨ ’ਤੇ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਹੈ। ਦੂਜੇ ਪਾਸੇ ਏਅਰ ਇੰਡੀਆ ਨੇ ਇਸ ਘਟਨਾਕ੍ਰਮ ਲਈ ਮੁਆਫੀ ਮੰਗਦਿਆਂ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ (ਡੀਜੀਸੀਏ) ਨੇ ਏਅਰ ਇੰਡੀਆ ਤੋਂ ਰਿਪੋਰਟ ਵੀ ਮੰਗ ਲਈ ਹੈ। ਇਸ ਤੋਂ ਪਹਿਲਾਂ ਸ਼ਿਵਰਾਜ ਚੌਹਾਨ ਨੇ ਐਕਸ ’ਤੇ ਪੋਸਟ ਪਾ ਕੇ ਇਸ ਘਟਨਾ ਨੂੰ ਅਨੈਤਿਕ ਦੱਸਦਿਆਂ ਕਿਹਾ ਕਿ ਇਹ ਏਅਰਲਾਈਨ ਯਾਤਰੀਆਂ ਤੋਂ ਪੂਰਾ ਕਿਰਾਇਆ ਵਸੂਲਦੀ ਹੈ ਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਨੁਕਸਦਾਰ ਸੀਟਾਂ ’ਤੇ ਬਿਠਾਉਂਦੀ ਹੈ।