ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਦਿਆਰਥੀ ਆਦਿਤਯ ਠਾਕੁਰ ਹੱਤਿਆ ਕਾਂਡ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਅੱਜ ਇਥੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਰੋਹ ਵਿੱਚ ਆਏ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦਾ ਗੇਟ ਬੰਦ ਕਰ ਦਿੱਤਾ ਹੈ। ਉਧਰ ਮੌਕੇ ਨੂੰ ਦੇਖਦਿਆਂ ਪੁਲੀਸ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੌਰਾਨ ਮ੍ਰਿਤਕ ਵਿਦਿਆਰਥੀ ਦਾ ਪਿਤਾ ਵਰਸਿਟੀ ਅੰਦਰ ਮੌਜੂਦ ਹੈ।
ਰੋਹ ਸਾਹਮਣੇ ਆਉਣ ਤੋਂ ਬਾਅਦ ਹੱਤਿਆ ਕਾਂਡ ਦੀ ਮੈਜਿਸਟਰੇਟ ਜਾਂਚ ਦੇ ਹੁਕਮ ਕਰ ਦਿੱਤੇ ਗਏ ਹਨ। ਚੰਡੀਗੜ੍ਹ ਦੇ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਦਫਤਰ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਐੱਸਡੀਐੱਮ ਸੈਂਟਰਲ ਨੂੰ ਇਸ ਹੱਤਿਆ ਕਾਂਡ ਦੀ ਜਾਂਚ ਸੌਂਪੀ ਗਈ ਹੈ ਅਤੇ ਇਸ ਸਬੰਧੀ ਹਫਤਿਆਂ ਦੇ ਅੰਦਰ-ਅੰਦਰ ਜਾਂਚ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ।
ਅਧਿਕਾਰੀਆਂ ਅਨੁਸਾਰ ਜਾਂਚ ਵਿਚ ਇਹ ਪਤਾ ਲਗਾਇਆ ਜਾਵੇਗਾ ਕਿ ਹਰਿਆਣਵੀ ਗਾਇਕ ਮਾਸੂਮ ਸ਼ਰਮਾ ਦਾ ਸ਼ੋਅ ਕਰਵਾਉਣ ਵਿਚ ਕਿਹੜੇ ਅਧਿਕਾਰੀਆਂ ਦੀ ਭੂਮਿਕਾ ਰਹੀ ਅਤੇ ਸ਼ੋਅ ਵਿੱਚ ਸੁਰੱਖਿਆ ਪੱਖ ਬਾਰੇ ਵੀ ਜਾਂਚ ਕੀਤੀ ਜਾਵੇਗੀ।