ਪਟਿਆਲਾ- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਅਗਵਾਈ ਕਰ ਰਹੀ ਕੈਬਨਿਟ ਸਬ-ਕਮੇਟੀ ਦੇ ਮੈਂਬਰ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰੰਮ ਤਹਿਤ 35 ਦਿਨਾਂ ’ਚ ਪੁਲੀਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ 2954 ਕੇਸ ਦਰਜ ਕੀਤੇ ਹਨ। ਜਦਕਿ 55 ਤਸਕਰਾਂ ਦੀਆਂ ਨਜਾਇਜ਼ ਉਸਾਰੀਆਂ ਢਾਹੁਣ ਸਮੇਤ 196 ਕਿਲੋ ਹੈਰੋਇਨ, 55 ਕਿਲੋ ਚਰਸ ਅਤੇ ਗਾਂਜਾ ਤੇ 5.93 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ/ਜ਼ਬਤ ਕੀਤੀ ਗਈ ਹੈ। ਅੱਜ ਇਥੇ ਸਰਕਟ ਹਾਊਸ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਤਸਕਰਾਂ ਖ਼ਿਲਾਫ ਕਾਰਵਾਈ ਦੇ ਨਾਲ ਨਾਲ ਨਸ਼ੇ ਦੀ ਬਿਮਾਰੀ ਨਾਲ ਜੂਝ ਰਹੇ ਵਿਅਕਤੀਆਂ ਨੂੰ ਇਲਾਜ ਮੁਹੱਈਆ ਕਰਵਾਉਣ ਲਈ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਨਸ਼ਾ ਛੱਡਣ ਵਾਲਿਆਂ ਦੀ ਗਿਣਤੀ ਦੁੱਗਣੀ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਤੋਂ ਪਹਿਲਾਂ ਹੀ ਨਸ਼ਾ ਕਰ ਰਹੇ ਵਿਅਕਤੀਆਂ ਦੇ ਇਲਾਜ ਲਈ ਪੁਖ਼ਤਾ ਪ੍ਰਬੰਧ ਕਰ ਲਏ ਗਏ ਸਨ, ਜਿਸ ਸਕਦਾ ਸੂਬੇ ਭਰ ਵਿੱਚਲੇ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਕਲੀਨਿਕਾਂ ’ਚ ਹਜ਼ਾਰਾਂ ਲੋਕਾਂ ਨੇ ਇਲਾਜ ਸ਼ੁਰੂ ਕਰਵਾਇਆ ਹੈ, ਜਿਨ੍ਹਾਂ ਨੂੰ ਕਿੱਤਾ ਮੁਖੀ ਕੋਰਸ ਵੀ ਕਰਵਾਏ ਜਾ ਰਹੇ ਹਨ ਤੇ ਰੁਜ਼ਗਾਰ ਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵੀ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ । ਇਸ ਤੋਂ ਇਲਾਵਾ, ਸਕੂਲਾਂ ਸਮੇਤ ਪਿੰਡਾਂ ਤੇ ਸਹਿਰਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਕਮੇਟੀਆਂ ਦਾ ਗਠਨ ਵੀ ਕੀਤਾ ਹੈ ਜੋ ਆਪੋ-ਆਪਣੇ ਖੇਤਰਾਂ ਵਿੱਚ ਨਸ਼ਿਆਂ ਦੀ ਤਸਕਰੀ ਪ੍ਰਤੀ ਲੋਕਾਂ ਨੂੰ ਸੁਚੇਤ ਕਰ ਰਹੀਆਂ ਹਨ। ਪੰਜਾਬ ਪੁਲੀਸ ਦੀ ਸਖ਼ਤੀ ਕਾਰਨ ਪਾਕਿਸਤਾਨ ਤੋਂ ਡਰੋਨ ਰਾਹੀਂ ਆਉਣ ਵਾਲੇ ਨਸ਼ੇ ਵਿੱਚ ਵੀ ਵੱਡੀ ਕਮੀ ਆਈ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਉਹ ਆਨਲਾਈਨ ਦਵਾਈਆਂ ਦੀ ਵਿਕਰੀ ਦੇ ਮਾਮਲੇ ਸਬੰਧੀ ਕੇਂਦਰੀ ਸਿਹਤ ਮੰਤਰੀ ਨਾਲ ਸੋਮਵਾਰ ਨੂੰ ਮੁਲਾਕਾਤ ਕਰਕੇ ਈ-ਸਿਗਰਟ ਸਮੇਤ ਅਜਿਹੇ ਹੋਰ ਨਸ਼ੀਲੇ ਪਦਾਰਥਾਂ ਦਾ ਮਾਮਲਾ ਉਠਾਉਣਗੇ। ਡਾ. ਬਲਬੀਰ ਸਿੰਘ ਨੇ ਪਿਛਲੀਆਂ ਸਰਕਾਰਾਂ ’ਚ ਨਸ਼ਾ ਤਸਕਰਾਂ ਨੂੰ ਸਿਆਸੀ ਪੁਸ਼ਤ ਪਨਾਹੀ ਮਿਲਣ ਕਾਰਨ ਹੀ ਇਹ ਬਿਮਾਰੀ ਪੰਜਾਬ ’ਚ ਫੈਲੀ ਹੈ। ਉਨ੍ਹਾਂ ਕਿਹਾ ਕਿ ਵਟਸਐਪ ਹੈਲਪਲਾਈਨ ਨੰਬਰ 9779100200 ’ਤੇ ਕੋਈ ਵੀ ਵਿਅਕਤੀ ਨਸ਼ਾ ਤਸਕਰਾਂ ਬਾਰੇ ਜਾਦਕਾਰੀ ਦੇ ਸਕਦਾ ਹੈ।