ਚੰਡੀਗੜ੍ਹ:ਇਕ ਮਿਸਾਲੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ 12 ਅਪਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਵਿਸ਼ੇਸ਼ ਕਿਸਾਨ ਮਿਲਣੀ ਕਰਵਾਉਣ ਲਈ ਅਧਿਕਾਰੀਆਂ ਨੂੰ ਆਖਿਆ।
ਇੱਥੇ ਅਧਿਕਾਰਕ ਰਿਹਾਇਸ਼ ਵਿਖੇ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਕਿਸਾਨ ਮਿਲਣੀ ਲਵਾਈ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਬਾਰੇ ਜਾਗਰੂਕ ਕਰਨ ਉਤੇ ਕੇਂਦਰਤ ਹੋਵੇਗੀ। ਉਨ੍ਹਾਂ ਕਿਹਾ ਕਿ ਮਿਲਣੀ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਲਵਾਈ ਘੱਟ ਪਾਣੀ ਦੀ ਵਰਤੋਂ ਕਰਨ ਵਾਲੀਆਂ ਤਕਨੀਕਾਂ ਰਾਹੀਂ ਕਰਨ ਬਾਰੇ ਜਾਣੂੰ ਕਰਵਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੌਰਾਨ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਵਾਨਿਤ ਵੱਧ ਝਾੜ ਵਾਲੀਆਂ ਕਿਸਮਾਂ ਦੀ ਵਰਤੋਂ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਉਤੇ ਜ਼ੋਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇਗਾ ਕਿ ਅਕਤੂਬਰ ਵਿੱਚ ਝੋਨਾ ਵੇਚਣ ਵੇਲੇ ਵੱਧ ਨਮੀ ਹੋਣ ਕਾਰਨ ਕਿਸਾਨਾਂ ਨੂੰ ਆਉਂਦੀਆਂ ਦਿੱਕਤਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਝੋਨੇ ਦੀ ਲਵਾਈ ਅਗੇਤੀ ਕਰਦਿਆਂ ਪਹਿਲੀ ਜੂਨ ਤੋਂ ਕਰਵਾਉਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਜ਼ੋਨਾਂ ਵਿੱਚ ਵੰਡ ਕੇ ਝੋਨੇ ਦੀ ਲਵਾਈ ਯਕੀਨੀ ਬਣਾਈ ਜਾਵੇਗੀ, ਜਿਸ ਲਈ ਪੰਜਾਬ ਸਰਕਾਰ ਲੋੜੀਂਦੇ ਪ੍ਰਬੰਧ ਤੇ ਯੋਜਨਾਬੰਦੀ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਲਵਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੂਬੇ ਨੂੰ ਜ਼ੋਨਾਂ ਵਿੱਚ ਵੰਡਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਜ਼ੋਨਾਂ ਦੇ ਹਿਸਾਬ ਨਾਲ ਝੋਨੇ ਦੀ ਲਵਾਈ ਲਈ ਜਲਦੀ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ ਤਾਂ ਕਿ ਕਿਸਾਨ ਇਸ ਤੋਂ ਫਾਇਦਾ ਲੈ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਿਲਣੀ ਦੌਰਾਨ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸੂਬਾ ਸਰਕਾਰ ਉੱਘੇ ਖੇਤੀਬਾੜੀ ਮਾਹਿਰਾਂ ਨੂੰ ਨਾਲ ਜੋੜੇਗੀ। ਇਸ ਦੌਰਾਨ ਉਨ੍ਹਾਂ ਦੁਹਰਾਇਆ ਕਿ ਨਕਲੀ ਬੀਜਾਂ ਦੀ ਵਿਕਰੀ ਰੋਕਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਅਤੇ ਇਸ ਘਿਨਾਉਣੇ ਜੁਰਮ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।