ਨਵੀਂ ਦਿੱਲੀ- ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਟਰੈਫਿਕ ਸਮੱਸਿਆ ਨੂੰ ਦੂਰ ਕਰਨ ਦੇ ਉਦੇਸ਼ ਨਾਲ ਦੋ ਰੇਲਵੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਪੰਜਾਬ ਅਤੇ ਹਰਿਆਣਾ ਵਿੱਚ ‘ਹਾਈਬ੍ਰਿਡ ਐਨੂਇਟੀ ਮੋਡ’ ’ਤੇ 1878.31 ਕਰੋੜ ਰੁਪਏ ਦੀ ਲਾਗਤ ਨਾਲ 19.2 ਕਿਲੋਮੀਟਰ ਲੰਬਾਈ ਵਾਲੇ ਛੇ ਮਾਰਗੀ ਪਹੁੰਚ-ਨਿਯੰਤਰਿਤ ਜ਼ੀਰਕਪੁਰ ਬਾਈਪਾਸ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਸ੍ਰੀ ਵੈਸ਼ਨਵ ਨੇ ਕਿਹਾ ਕਿ ਕੈਬਨਿਟ ਨੇ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ 104 ਕਿਲੋਮੀਟਰ ਦੇ ਤਿਰੂਪਤੀ-ਪਕਲਾ-ਕਟਪੜੀ ਸਿੰਗਲ ਰੇਲਵੇ ਲਾਈਨ ਸੈਕਸ਼ਨ ਨੂੰ 1,332 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਦੁੱਗਣਾ ਕਰਨ ਨੂੰ ਵੀ ਮਨਜ਼ੂਰੀ ਦੇ ਦਿੱਤੀ।
ਇਕ ਅਧਿਕਾਰਤ ਰਿਲੀਜ਼ ਵਿਚ ਕਿਹਾ ਗਿਆ ਹੈ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਜ਼ੀਰਕਪੁਰ, ਪੰਚਕੂਲਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਭੀੜ-ਭੜੱਕੇ(ਟਰੈਫਿਕ ਸਮੱਸਿਆ) ਨੂੰ ਘੱਟ ਕਰਨਾ ਹੈ। ਇਸ ਤੋਂ ਇਲਾਵਾ ਪਟਿਆਲਾ, ਦਿੱਲੀ, ਮੋਹਾਲੀ ਐਰੋਸਿਟੀ ਤੋਂ ਆਵਾਜਾਈ ਨੂੰ ਮੋੜਨਾ ਅਤੇ ਹਿਮਾਚਲ ਪ੍ਰਦੇਸ਼ ਨਾਲ ਸਿੱਧਾ ਸੰਪਰਕ ਪ੍ਰਦਾਨ ਕਰਨਾ ਹੈ। ਮੌਜੂਦਾ ਪ੍ਰਸਤਾਵ ਦਾ ਉਦੇਸ਼ ਯਾਤਰਾ ਦੇ ਸਮੇਂ ਨੂੰ ਘਟਾਉਣਾ ਅਤੇ NH-7, NH-5 ਅਤੇ NH-152 ਦੇ ਭੀੜ-ਭੜੱਕੇ ਵਾਲੇ ਸ਼ਹਿਰੀ ਭਾਗ ਵਿੱਚ ਮੁਸ਼ਕਲ ਰਹਿਤ ਆਵਾਜਾਈ ਨੂੰ ਯਕੀਨੀ ਬਣਾਉਣਾ ਹੈ।