ਚੰਡੀਗੜ੍ਹ- ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਸ਼ਨਿੱਚਰਵਾਰ ਨੂੰ ਇੱਥੇ ਪਾਰਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਦੀ ਮੌਜੂਦਗੀ ਵਿੱਚ ਮੁੜ ਕਾਂਗਰਸ ’ਚ ਸ਼ਾਮਲ ਹੋਏ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ।
ਵੜਿੰਗ ਨੇ ਐਕਸ ਪੋਸਟ ਸਾਂਝੀ ਕਰਦਿਆਂ ਕਿਹਾ, “ਛੋਟੇ ਭਰਾ ਗੋਲਡੀ ਜੀ ਦਾ ਪਾਰਟੀ ਵਿਚ ਤਹਿ ਦਿਲੋਂ ਸਵਾਗਤ ਹੈ। ਉਹ ਅੱਜ ਜਨਰਲ ਸਕੱਤਰ ਅਤੇ ਸੂਬਾ ਇੰਚਾਰਜ ਭੁਪੇਸ਼ ਬਘੇਲ ਜੀ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਜੀ ਦੀ ਮੌਜੂਦਗੀ ਵਿੱਚ ਰਸਮੀ ਤੌਰ ’ਤੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।’’ ਜ਼ਿਕਰਯੋਗ ਹੈ ਕਿ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਬਘੇਲ ਇੱਥੇ ਦੋ ਦਿਨਾਂ ਦੌਰੇ ’ਤੇ ਹਨ ਅਤੇ ਪਾਰਟੀ ਆਗੂਆਂ ਨਾਲ ਕਈ ਮੀਟਿੰਗਾਂ ਕਰ ਰਹੇ ਹਨ।
ਗੌਰਤਲਬ ਹੈ ਕਿ ਗੋਲਡੀ ਪਿਛਲੇ ਸਾਲ ਮਈ ਵਿਚ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ ਸਨ। 2024 ਦੀਆਂ ਲੋਕ ਸਭਾ ਚੋਣਾਂ ਲਈ ਸੰਗਰੂਰ ਲੋਕ ਸਭਾ ਸੀਟ ਤੋਂ ਪਾਰਟੀ ਟਿਕਟ ਨਾ ਮਿਲਣ ਤੋਂ ਬਾਅਦ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ ਗੋਲਡੀ ਕੁਝ ਮਹੀਨਿਆਂ ਬਾਅਦ ਆਮ ਆਦਮੀ ਪਾਰਟੀ ਤੋਂ ਵੀ ਵੱਖ ਹੋ ਗਿਆ ਸੀ। ਗੋਲਡੀ 2017 ਵਿੱਚ ਕਾਂਗਰਸ ਦੀ ਟਿਕਟ ’ਤੇ ਧੂਰੀ ਵਿਧਾਨ ਸਭਾ ਸੀਟ ਤੋਂ ਜਿੱਤ ਕੇ ਵਿਧਾਇਕ ਬਣੇ ਸਨ।