ਸ੍ਰੀਨਗਰ: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਵਿੱਚ ਮੰਗਲਵਾਰ ਨੂੰ ਹੋਏ ਦਹਿਸ਼ਤੀ ਹਮਲੇ ਵਿੱਚ ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ, ਜਦੋਂਕਿ ਘੱਟੋ-ਘੱਟ 20 ਸੈਲਾਨੀ ਜ਼ਖਮੀ ਹੋ ਗਏ। ਇਹ ਜਾਣਕਾਰੀ ਪੁਲੀਸ ਅਧਿਕਾਰੀਆਂ ਨੇ ਦਿੱਤੀ ਹੈ।
ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਹੈ ਕਿ ਮੌਤਾਂ ਦੀ ਗਿਣਤੀ ਦਾ ਪਤਾ ਲਗਾਇਆ ਜਾ ਰਿਹਾ ਹੈ। ਅਬਦੁੱਲਾ ਨੇ ਐਕਸ ‘ਤੇ ਕੀਤੀ ਇੱਕ ਪੋਸਟ ਵਿੱਚ ਕਿਹਾ, “ਇਹ ਹਮਲਾ ਹਾਲ ਹੀ ਦੇ ਸਾਲਾਂ ਦੌਰਾਨ ਆਮ ਲੋਕਾਂ ‘ਤੇ ਕੀਤੇ ਗਏ ਕਿਸੇ ਵੀ ਹਮਲੇ ਨਾਲੋਂ ਕਿਤੇ ਵੱਡਾ ਹੈ।”
ਹਮਲਾ ਸੈਲਾਨੀਆਂ ਦੇ ਪਸੰਦੀਦਾ ਘਾਹ ਦੇ ਬੈਸਰਨ (Baisaran) ਵਿੱਚ ਬਾਅਦ ਦੁਪਹਿਰ ਕਰੀਬ 3 ਵਜੇ ਹੋਇਆ। ਉਥੇ ਸਿਰਫ਼ ਪੈਦਲ ਜਾਂ ਘੋੜਿਆਂ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ। ਉਥੇ ਸਵੇਰੇ ਸੈਲਾਨੀਆਂ ਦਾ ਇੱਕ ਟੋਲਾ ਘੁੰਮਣ ਗਿਆ ਸੀ।
ਇੱਕ ਚਸ਼ਮਦੀਦ ਗਵਾਹ ਦੇ ਅਨੁਸਾਰ, ਅਣਪਛਾਤੇ ਬੰਦੂਕਧਾਰੀਆਂ ਨੇ ਸੈਲਾਨੀਆਂ ‘ਤੇ ਨੇੜਿਓਂ ਗੋਲੀਬਾਰੀ ਕੀਤੀ, ਜਿਸ ਕਾਰਨ ਕਈ ਲੋਕ ਜ਼ਖਮੀ ਹੋ ਗਏ। ਹਮਲੇ ਵਿਚ ਵਾਲ-ਵਾਲ ਬਚੀ ਇੱਕ ਔਰਤ ਨੇ ਫ਼ੋਨ ‘ਤੇ ਪੀਟੀਆਈ ਨੂੰ ਦੱਸਿਆ, “ਮੇਰੇ ਪਤੀ ਦੇ ਸਿਰ ਵਿੱਚ ਗੋਲੀ ਲੱਗੀ ਹੈ, ਜਦੋਂ ਕਿ ਹਮਲੇ ਵਿੱਚ ਸੱਤ ਹੋਰ ਵਿਅਕਤੀ ਵੀ ਜ਼ਖ਼ਮੀ ਹੋਏ ਸਨ।” ਔਰਤ ਨੇ ਆਪਣੀ ਪਛਾਣ ਨਹੀਂ ਦੱਸੀ ਪਰ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਣ ਵਿੱਚ ਮਦਦ ਦੀ ਬੇਨਤੀ ਕੀਤੀ।
ਅਧਿਕਾਰੀਆਂ ਨੇ ਕਿਹਾ ਕਿ ਜ਼ਖਮੀਆਂ ਨੂੰ ਸੁਰੱਖਿਅਤ ਕੱਢਣ ਲਈ ਇੱਕ ਹੈਲੀਕਾਪਟਰ ਸੇਵਾ ਵਿੱਚ ਲਗਾਇਆ ਗਿਆ ਹੈ ਅਤੇ ਕੁਝ ਜ਼ਖਮੀਆਂ ਨੂੰ ਸਥਾਨਕ ਲੋਕਾਂ ਨੇ ਆਪਣੇ ਘੋੜਿਆਂ ਰਾਹੀਂ ਘਾਹ ਦੇ ਮੈਦਾਨਾਂ ਤੋਂ ਹੇਠਾਂ ਲਿਆਂਦਾ।
ਇਹ ਹਮਲਾ ਉਸ ਵੇਲੇ ਕੀਤਾ ਗਿਆ ਜਦੋਂ ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਭਾਰਤ ਦੇ ਚਾਰ-ਰੋਜ਼ਾ ਸਰਕਾਰੀ ਦੌਰੇ ਉਤੇ ਆਏ ਹੋਏ ਹਨ। ਉਹ ਮੰਗਲਵਾਰ ਨੂੰ ਰਾਜਸਥਾਨ ਦੀ ਯਾਤਰਾ ਉਤੇ ਸਨ।
ਇਹ ਘਟਨਾ ਉਦੋਂ ਵਾਪਰੀ ਹੈ ਜਦੋਂ ਕਸ਼ਮੀਰ ਸਾਲਾਂ ਤੋਂ ਅਤਿਵਾਦ ਦੀ ਮਾਰ ਝੱਲਣ ਤੋਂ ਬਾਅਦ ਸੈਲਾਨੀਆਂ ਦੀ ਆਮਦ ਵਿੱਚ ਵਾਧਾ ਦੇਖ ਰਿਹਾ ਹੈ। ਇਸ ਤੋਂ ਇਲਾਵਾ, 38 ਦਿਨਾਂ ਦੀ ਅਮਰਨਾਥ ਯਾਤਰਾ ਵੀ 3 ਜੁਲਾਈ ਨੂੰ ਸ਼ੁਰੂ ਹੋਣ ਵਾਲੀ ਹੈ। ਦੇਸ਼ ਭਰ ਤੋਂ ਲੱਖਾਂ ਸ਼ਰਧਾਲੂ ਦੋ ਰੂਟਾਂ – ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਰਵਾਇਤੀ 48 ਕਿਲੋਮੀਟਰ ਪਹਿਲਗਾਮ ਰਸਤਾ ਅਤੇ ਗੰਦਰਬਲ ਜ਼ਿਲ੍ਹੇ ਵਿੱਚ ਛੋਟਾ 14 ਕਿਲੋਮੀਟਰ ਦਾ ਪਰ ਖੜ੍ਹਵਾਂ ਬਾਲਟਾਲ ਰਸਤਾ, ਰਾਹੀਂ ਗੁਫਾ ਤੀਰਥ ਸਥਾਨ ਦੀ ਯਾਤਰਾ ਕਰਦੇ ਹਨ।