ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਆਪਣੀ ਸਰਕਾਰੀ ਰਿਹਾਇਸ਼ ’ਤੇ 10ਵੀਂ ਅਤੇ 12ਵੀਂ ਜਮਾਤ ਵਿੱਚ ਸਿਖਰਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਪਹਿਲਾਂ ਹੀ ਕ੍ਰਾਂਤੀਕਾਰੀ ਬਦਲਾਅ ਕੀਤੇ ਹਨ, ਜਿਸ ਨਾਲ ਮਨਚਾਹੇ ਨਤੀਜੇ ਸਾਹਮਣੇ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਪੇਂਡੂ ਇਲਾਕਿਆਂ ਦੇ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 96.09 ਫੀਸਦੀ ਹੈ। ਸ਼ਹਿਰੀ ਸਕੂਲਾਂ ਵਿੱਚ ਵੀ ਪਾਸ ਪ੍ਰਤੀਸ਼ਤਤਾ ਲਗਭਗ 94 ਫ਼ੀਸਦ ਰਹੀ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਅਜਿਹਾ ਪ੍ਰਭਾਵ ਹੈ ਕਿ ਬੋਰਡ ਪ੍ਰੀਖਿਆਵਾਂ ਵਿੱਚ ਜ਼ਿਆਦਾਤਰ ਟੌਪਰ ਛੋਟੇ ਅਤੇ ਦੂਰ-ਦੁਰਾਡੇ ਪਿੰਡਾਂ ਤੋਂ ਹਨ। ਇਸੇ ਤਰ੍ਹਾਂ 10ਵੀਂ ਦੇ ਇਮਤਿਹਾਨ ਵਿੱਚ ਪੰਜਾਬ ਦੇ 7009 ਸਕੂਲਾਂ ਵਿੱਚੋਂ 4024 ਸਕੂਲਾਂ ਦਾ ਨਤੀਜਾ 100 ਫ਼ੀਸਦ ਰਿਹਾ ਹੈ।
ਮੁੱਖ ਮੰਤਰੀ ਨੇ ਵਿਦਿਆਰਥੀਆਂ ਨੇ ਪੜ੍ਹ ਲਿਖ ਕੇ ਜ਼ਿੰਦਗੀ ਵਿੱਚ ਕਾਮਯਾਬ ਹੋਣ ਅਤੇ ਹੋਰਨਾਂ ਵਿਦਿਆਰਥੀਆਂ ਲਈ ਰੋਲ ਮਾਡਲ ਬਣਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਇਸ ਦੇ ਨਾਲ ਹੀ ਕਾਮਯਾਬੀ ਹਾਸਲ ਕਰਨ ਤੋਂ ਬਾਅਦ ਵਿਦਿਆਰਥੀਆਂ ਨੂੰ ਜ਼ਮੀਨ ’ਤੇ ਟਿੱਕੇ ਰਹਿਣ ਲਈ ਵੀ ਪ੍ਰੇਰਿਆ।
