ਚੰਡੀਗੜ੍ਹ- ਕੇਂਦਰੀ ਏਜੰਸੀਆਂ ਨੇ ਖਾਲਿਸਤਾਨੀ ਦਹਿਸ਼ਤਗਰਦ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਭਾਰਤ ਲਿਆਉਣ ਦੀ ਤਿਆਰੀ ਖਿੱਚ ਲਈ ਹੈ। ਸੂਤਰਾਂ ਮੁਤਾਬਕ ਕੇਂਦਰੀ ਏਜੰਸੀਆਂ ਅਮਰੀਕੀ ਏਜੰਸੀਆਂ ਦੇ ਸੰਪਰਕ ਵਿਚ ਹਨ।
ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸਬੰਧਤ ਪਾਸੀਆ ਨੂੰ ਇਸ ਸਾਲ 17 ਅਪਰੈਲ ਨੂੰ ਅਮਰੀਕਾ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸੂਤਰਾਂ ਦੀ ਮੰਨੀਏ ਤਾਂ ਪੰਜਾਬ ਪੁਲੀਸ ਨੇ ਪਾਸੀਆ ਨੂੰ ਵਾਪਸ ਭਾਰਤ ਲਿਆਉਣ ਲਈ ਅਮਰੀਕੀ ਕੇਂਦਰੀ ਏਜੰਸੀਆਂ ਨਾਲ ਰਾਬਤਾ ਬਣਾਇਆ ਹੋਇਆ ਹੈ।
ਪੰਜਾਬ ਪੁਲੀਸ ਨੇ ਪਾਸੀਆ ਦੀ ਹਵਾਲਗੀ ਲਈ ਗ੍ਰਹਿ ਮੰਤਰਾਲੇ ਨੂੰ ਇੱਕ ਰਸਮੀ ਬੇਨਤੀ ਸੌਂਪੀ ਸੀ। ਪਾਸੀਆ ’ਤੇ ਪੰਜਾਬ ਵਿੱਚ ਘੱਟੋ-ਘੱਟ 14 ਗ੍ਰਨੇਡ ਹਮਲਿਆਂ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ, ਜਿਸ ਵਿੱਚ ਪੁਲੀਸ ਥਾਣੇ, ਧਾਰਮਿਕ ਸਥਾਨਾਂ ਅਤੇ ਜਨਤਕ ਸ਼ਖਸੀਅਤਾਂ ਦੇ ਘਰਾਂ ਨੂੰ ਨਿਸ਼ਾਨਾ ਬਣਾਉਣ ਦਾ ਦੋੋਸ਼ ਹੈ।
ਪਾਸੀਆ ਇਸ ਵੇਲੇ ਕੈਲੀਫੋਰਨੀਆ ਦੇ ਸੈਕਰਾਮੈਂਟੋ ਵਿਚ ਅਮਰੀਕੀ ਏਜੰਸੀਆਂ ਦੀ ਹਿਰਾਸਤ ਵਿਚ ਹੈ। ਕਾਬਿਲੇਗੌਰ ਹੈ ਕਿ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਅਤੇ ਗੁਰਪ੍ਰੀਤ ਉਰਫ਼ ਗੋਪੀ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਵਿਚ ਪਿਛਲੇ ਸਾਲ ਦਸੰਬਰ ਵਿਚ ਬਟਾਲਾ ਦੇ ਘਣੀਏ ਕੇ ਬਾਂਗਰ ਪੁਲੀਸ ਥਾਣੇ ’ਤੇ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਲਈ ਸੀ।
ਕੌਮੀ ਜਾਂਚ ਏਜੰਸੀ (NIA) ਨੇ ਪਾਸੀਆ ਸਣੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਸੱਤ ਦਹਿਸ਼ਗਰਦਾਂ ਖਿਲਾਫ਼ ਹਮਲੇ ਦੀ ਸਾਜ਼ਿਸ਼ ਅਤੇ ਅੰਜਾਮ ਦੇਣ ਵਿੱਚ ਉਨ੍ਹਾਂ ਦੀ ਭੂਮਿਕਾ ਲਈ ਗੈਰ-ਕਾਨੂੰਨੀ ਸਰਗਰਮੀਆਂ (ਰੋਕਥਾਮ) ਐਕਟ ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ ਚਾਰਜਸ਼ੀਟ ਦਾਇਰ ਕੀਤੀ ਹੋਈ ਹੈ।