ਨਵੀਂ ਦਿੱਲੀ- ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਨੇ ਉੱਚ ਸਿੱਖਿਆ ਸੰਸਥਾਵਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਜੂਨੀਅਰ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਨ ਲਈ ਬਣਾਏ ਗਏ ਕਿਸੇ ਵੀ ਗੈਰ ਰਸਮੀ ‘Whatsapp Group’ ਉੱਤੇ ਨਜ਼ਰ ਰੱਖਣ। ਅਧਿਕਾਰੀਆਂ ਨੇ ਕਿਹਾ ਕਿ ਇਸ ਤਰ੍ਹਾਂ ਦੇ ‘ਗਰੁੱਪ’ ਨੂੰ ‘ਰੈਗਿੰਗ’ ਮੰਨਿਆ ਜਾਵੇਗਾ ਤੇ ‘ਰੈਗਿੰਗ’ ਰੋਕੂ ਨੇਮਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਯੂਜੀਸੀ ਨੂੰ ਸਾਲਾਨਾ ਨਵੇਂ ਵਿਦਿਆਰਥੀਆਂ ਵੱਲੋਂ ਦਰਜਨਾਂ ਸ਼ਿਕਾਇਤਾਂ ਮਿਲਦੀਆਂ ਹਨ, ਜਿਸ ਵਿਚ ਸੀਨੀਅਰ ਵਿਦਿਆਰਥੀਆਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਜਾਂਦੇ ਹਨ।
ਯੂਜੀਸੀ ਨੇ ਆਪਣੇ ਨਵੇਂ ਹੁਕਮਾਂ ਵਿਚ ਕਿਹਾ, ‘‘ਕਈ ਮਾਮਲਿਆਂ ਵਿਚ ਸੀਨੀਅਰ ਵਿਦਿਆਰਥੀ ਗ਼ੈਰਰਸਮੀ ‘ਵਟਸਐਪ ਗਰੁੱਪ’ ਬਣਾਉਂਦੇ ਹਨ, ਜੂਨੀਅਰ ਵਿਦਿਆਰਥੀਆਂ ਨਾਲ ਸੰਪਰਕ ਕਰਦੇ ਹਨ ਤੇ ਉਨ੍ਹਾਂ ਨੂੰ ਮਾਨਸਿਕ ਰੂਪ ਵਿਚ ਤੰਗ ਪ੍ਰੇਸ਼ਾਨ ਕਰਦੇ ਹਨ। ਇਹ ਵੀ ‘ਰੈਗਿੰਗ’ ਦੇ ਬਰਾਬਰ ਹੈ ਤੇ ਇਸ ਲਈ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।’’
ਕਮਿਸ਼ਨ ਨੇ ਕਿਹਾ, ‘‘ਯੂਨੀਵਰਸਿਟੀ ਕੈਂਪਸ ਵਿਚ ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਉਪਰ ਹੈ ਤੇ ਇਸ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ‘ਰੈਗਿੰਗ’ ਰੋਕੂ ਨੇਮਾਂ ਨੂੰ ਲਾਗੂ ਕਰਨ ਵਿਚ ਨਾਕਾਮੀ ਕਰਕੇ ਗ੍ਰਾਂਟ ਰੋਕਣ ਸਣੇ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ।’’ ਕਮਿਸ਼ਨ ਵੱਲੋਂ ਜਾਰੀ ਐਡਵਾਈਜ਼ਰੀ ਵਿਚ ਉਨ੍ਹਾਂ ਘਟਨਾਵਾਂ ਦਾ ਵੀ ਜ਼ਿਕਰ ਹੈ, ਜਿਸ ਵਿਚ ਜੂਨੀਅਰ ਵਿਦਿਆਰਥੀਆਂ ਨੂੰ ਧਮਕੀ ਦਿੱਤੀ ਗਈ ਸੀ ਕਿ ਜੇਕਰ ਉਹ ਸੀਨੀਅਰ ਵਿਦਿਆਰਥੀਆਂ ਦੇ ਹੁਕਮਾਂ ਦੀ ਪਾਲਣਾ ਨਹੀਂ ਕਰਨਗੇ ਤਾਂ ਉਨ੍ਹਾਂ ਸਮਾਜਿਕ ਬਾਈਕਾਟ ਕੀਤਾ ਜਾਵੇਗਾ।
ਵਿਦਿਆਰਥੀਆਂ ਨੂੰ ਵਾਲ ਕੱਟਣ ਲਈ ਮਜਬੂਰ ਕਰਨਾ, ਉਨ੍ਹਾਂ ਨੂੰ ਲੰਬੇ ਸਮੇਂ ਤੱਕ ਜਗਾਉਣਾ ਜਾਂ ਉਨ੍ਹਾਂ ਨਾਲ ਬਦਸਲੂਕੀ ਕਰਨਾ ਵੀ ਰੈਗਿੰਗ ਦੇ ਹੋਰ ਰੂਪਾਂ ਵਜੋਂ ਦਰਸਾਇਆ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ, ‘‘ਅਜਿਹੀਆਂ ਹਰਕਤਾਂ ਸਰੀਰਕ ਅਤੇ ਮਾਨਸਿਕ ਤੌਰ ’ਤੇ ਪੀੜਾ ਦਿੰਦੀਆਂ ਹਨ ਅਤੇ ਰੈਗਿੰਗ ਵਿਰੋਧੀ ਨਿਯਮਾਂ ਦੀ ਗੰਭੀਰ ਉਲੰਘਣਾ ਹਨ ਅਤੇ ਪੂਰੀ ਤਰ੍ਹਾਂ ਅਸਵੀਕਾਰਨਯੋਗ ਹਨ।’’