December 27, 2025
ਖਾਸ ਖ਼ਬਰਰਾਸ਼ਟਰੀ

ਜੰਮੂ ਕਸ਼ਮੀਰ ਦੇ ਕੁਝ ਹਿੱਸਿਆਂ ’ਚ ਭਾਰੀ ਮੀਂਹ ਦੀ ਚੇਤਾਵਨੀ; ਅਮਰਨਾਥ ਯਾਤਰਾ ਮੁਲਤਵੀ

ਜੰਮੂ ਕਸ਼ਮੀਰ ਦੇ ਕੁਝ ਹਿੱਸਿਆਂ ’ਚ ਭਾਰੀ ਮੀਂਹ ਦੀ ਚੇਤਾਵਨੀ; ਅਮਰਨਾਥ ਯਾਤਰਾ ਮੁਲਤਵੀ

ਅਮਰਨਾਥ ਯਾਤਰਾ: ਕਸ਼ਮੀਰ ਵਾਦੀ ਵਿਚ ਪਿਛਲੇ 36 ਘੰਟਿਆਂ ਤੋਂ ਪੈ ਰਹੇ ਭਾਰੀ ਮੀਂਹ ਕਰਕੇ ਵੀਰਵਾਰ ਨੂੰ ਅਮਰਨਾਥ ਯਾਤਰਾ ਮੁਲਤਵੀ ਕਰ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਜੰਮੂ ਕਸ਼ਮੀਰ ਦੇ ਕੁਝ ਹਿੱਸਿਆਂ ਵਿਚ ਹੋਰ ਭਾਰੀ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਹੈ।

ਯਾਤਰਾ ਮੁਲਤਵੀ ਕਰਨ ਦਾ ਫੈਸਲਾ ਗੰਦਰਬਲ ਜ਼ਿਲ੍ਹੇ ਵਿਚ ਬਾਲਟਾਲ ਰੂਟ ’ਤੇ ਢਿੱਗਾਂ ਡਿੱਗਣ ਕਰਕੇ ਇਕ ਮਹਿਲਾ ਸ਼ਰਧਾਲੂ ਦੀ ਮੌਤ ਤੇ ਤਿੰਨ ਹੋਰਨਾਂ ਦੇ ਜ਼ਖ਼ਮੀ ਹੋਣ ਦੀ ਘਟਨਾ ਤੋਂ ਬਾਅਦ ਲਿਆ ਗਿਆ ਹੈ। ਕਸ਼ਮੀਰ ਦੇ ਡਿਵੀਜ਼ਨਲ ਕਮਿਸ਼ਨਰ ਵਿਜੈ ਕੁਮਾਰ ਬਿਧੂੜੀ ਨੇ ਕਿਹਾ, ‘‘ਸ੍ਰੀ ਅਮਰਨਾਥ ਯਾਤਰਾ 17 ਜੁਲਾਈ 2025 ਨੂੰ ਪਹਿਲਗਾਮ ਅਤੇ ਬਾਲਟਾਲ ਦੋਵਾਂ ਬੇਸ ਕੈਂਪਾਂ ਤੋਂ ਮੁਅੱਤਲ ਕਰ ਦਿੱਤੀ ਗਈ ਹੈ। ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਰਕੇ, ਦੋਵਾਂ ਰੂਟਾਂ ’ਤੇ ਮੁਰੰਮਤ ਦਾ ਕੰਮ ਕਰਨਾ ਜ਼ਰੂਰੀ ਹੋ ਗਿਆ ਹੈ।’’

ਉਨ੍ਹਾਂ ਕਿਹਾ, ‘‘ਬੀਤੀ ਰਾਤ ਪੰਜਤਰਨੀ ਬੇਸ ਕੈਂਪ ’ਤੇ ਰੁਕੇ ਸ਼ਰਧਾਲੂਆਂ ਨੂੰ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਅਤੇ ਬਚਾਅ ਟੀਮਾਂ ਦੀ ਤਾਇਨਾਤੀ ਦਰਮਿਆਨ ਬਾਲਟਾਲ ਜਾਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।’’ ਬਿਧੂੜੀ ਨੇ ਕਿਹਾ ਕਿ ਬੀਆਰਓ ਨੇ ਕੰਮ ਪੂਰਾ ਕਰਨ ਲਈ ਵੱਡੀ ਗਿਣਤੀ ਵਿੱਚ ਵਰਕਰ ਤੇ ਮਸ਼ੀਨਾਂ ਤਾਇਨਾਤ ਕੀਤੀਆਂ ਹਨ ਤਾਂ ਜੋ ਬਾਲਟਾਲ ਅਤੇ ਪਹਿਲਗਾਮ ਦੋਵਾਂ ਬੇਸ ਕੈਂਪਾਂ ਤੋਂ ਯਾਤਰਾ ਮੁੜ ਸ਼ੁਰੂ ਕੀਤੀ ਜਾ ਸਕੇ।ਉਨ੍ਹਾਂ ਕਿਹਾ, ‘‘ਜੇਕਰ ਮੌਸਮ ਠੀਕ ਰਹਿੰਦਾ ਹੈ ਤਾਂ ਯਾਤਰਾ ਸ਼ੁੱਕਰਵਾਰ ਨੂੰ ਮੁੜ ਸ਼ੁਰੂ ਹੋਣ ਦੀ ਉਮੀਦ ਹੈ।’’ ਇੱਕ ਹੋਰ ਅਧਿਕਾਰੀ ਨੇ ਕਿਹਾ ਕਿ ਮੌਸਮ ਨੂੰ ਲੈ ਕੇ ਜਾਰੀ ਐਡਵਾਈਜ਼ਰੀ ਵਿੱਚ ਜੰਮੂ-ਕਸ਼ਮੀਰ ’ਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਗਈ ਹੈ, ਜਿਸ ਵਿੱਚ ਕਸ਼ਮੀਰ ਦੇ ਯਾਤਰਾ ਮਾਰਗ ਵੀ ਸ਼ਾਮਲ ਹਨ। ਇਸ ਸਾਲ ਇਹ ਪਹਿਲੀ ਵਾਰ ਹੈ ਜਦੋਂ ਜੰਮੂ ਤੋਂ ਯਾਤਰਾ ਨੂੰ ਮੁਅੱਤਲ ਕੀਤਾ ਗਿਆ ਹੈ।

ਅਮਰਨਾਥ ਯਾਤਰਾ 3 ਜੁਲਾਈ ਨੂੰ ਸ਼ੁਰੂ ਹੋਈ ਸੀ ਤੇ ਹੁਣ ਤੱਕ 2.35 ਲੱਖ ਤੋਂ ਵੱਧ ਸ਼ਰਧਾਲੂ 3,880 ਮੀਟਰ ਦੀ ਉਚਾਈ ’ਤੇ ਸਥਿਤ ਗੁਫਾ ਮੰਦਰ ਦੇ ਦਰਸ਼ਨ ਕਰ ਚੁੱਕੇ ਹਨ। ਉਪ ਰਾਜਪਾਲ ਮਨੋਜ ਸਿਨਹਾ ਵੱਲੋਂ 2 ਜੁਲਾਈ ਨੂੰ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾਏ ਜਾਣ ਤੋਂ ਬਾਅਦ ਹੁਣ ਤੱਕ ਕੁੱਲ 1,01,553 ਸ਼ਰਧਾਲੂ ਜੰਮੂ ਬੇਸ ਕੈਂਪ ਤੋਂ ਵਾਦੀ ਲਈ ਰਵਾਨਾ ਹੋ ਚੁੱਕੇ ਹਨ।

ਹੁਣ ਤੱਕ ਚਾਰ ਲੱਖ ਤੋਂ ਵੱਧ ਲੋਕਾਂ ਨੇ ਅਮਰਨਾਥ ਯਾਤਰਾ ਲਈ ਔਨਲਾਈਨ ਰਜਿਸਟ੍ਰੇਸ਼ਨ ਕਰਵਾਈ ਹੈ। ਪਿਛਲੇ ਸਾਲ 5.10 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਅਮਰਨਾਥ ਗੁਫਾ ਦੇ ਦਰਸ਼ਨ ਕੀਤੇ ਸਨ। ਇਸ ਸਾਲ ਯਾਤਰਾ 9 ਅਗਸਤ ਨੂੰ ਸਮਾਪਤ ਹੋਵੇਗੀ।

Related posts

ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ; ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇ

Current Updates

ਸਬ-ਇੰਸਪੈਕਟਰ ‘ਤੇ ਔਰਤ ਨੂੰ ਦਰੜਨ ਦੀ ਕੋਸ਼ਿਸ਼ ਦਾ ਦੋਸ਼; ਸੀਸੀਟੀਵੀ ਫੁਟੇਜ ਆਈ ਸਾਹਮਣੇ

Current Updates

ਦਿੱਲੀ ਦੇ ਆਟੋ ਪਾਰਟਸ ਵਪਾਰੀਆਂ ਨੇ ਬੰਗਲਾਦੇਸ਼ ਨਾਲ ਕਾਰੋਬਾਰ ਦਾ ਬਾਈਕਾਟ ਕੀਤਾ

Current Updates

Leave a Comment