ਪਟਿਆਲਾ- ਸ਼ਹੀਦ ਕਰਤਾਰ ਸਿੰਘ ਸਰਾਭਾ ਵੈੱਲਫੇਅਰ ਟਰੱਸਟ ਪਟਿਆਲਾ ਵੱਲੋਂ ਟਰੱਸਟ ਦੇ ਪ੍ਰਧਾਨ ਅਕਸ਼ੈ ਕੁਮਾਰ ਖਨੌਰੀ ਦੀ ਅਗਵਾਈ ਹੇਠ ਛੇਵਾਂ ਵਿਦਿਆਰਥੀ ਅਤੇ ਅਧਿਆਪਕ ਸਨਮਾਨ ਸਮਾਰੋਹ ਮੁਲਤਾਨੀ ਮੱਲ ਮੋਦੀ ਕਾਲਜ ਦੇ ਆਡੀਟੋਰੀਅਮ ਵਿੱਚ ਕਰਵਾਇਆ ਗਿਆ। ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਜਮਾਤ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਵਿੱਚੋਂ ਮੈਰਿਟ ’ਚ ਆਉਣ ਵਾਲੇ 29 ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ 36 ਅਧਿਆਪਕਾਂ ਅਤੇ 21 ਪ੍ਰਿੰਸੀਪਲਾਂ ਦਾ ਸਨਮਾਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਮੋਦੀ ਕਾਲਜ ਦੇ ਪ੍ਰਿੰਸੀਪਲ ਡਾ. ਨੀਰਜ ਗੋਇਲ ਅਤੇ ਟਰੱਸਟ ਦੇ ਪ੍ਰਧਾਨ ਅਕਸ਼ੈ ਕੁਮਾਰ ਖਨੌਰੀ ਨੇ ਆਏ ਮਹਿਮਾਨਾਂ ਨੂੰ ਬੂਟੇ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ। ਟਰੱਸਟ ਦੇ ਪ੍ਰਧਾਨ ਅਕਸ਼ੈ ਕੁਮਾਰ ਖਨੌਰੀ ਨੇ ਕਿਹਾ ਕਿ ਟਰੱਸਟ ਦਾ ਉਦੇਸ਼ ਵਿਸ਼ੇਸ਼ ਤੌਰ ’ਤੇ ਵਿਦਿਆਰਥੀਆਂ ਅੰਦਰ ਛਿਪੀ ਹੋਈ ਪ੍ਰਤਿਭਾ ਨੂੰ ਬਾਹਰ ਕੱਢਣਾ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨਾ ਹੈ। ਮੋਦੀ ਕਾਲਜ ਦੇ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਕਿਹਾ ਕਿ ਵਿਦਿਆਰਥੀ ਅਤੇ ਅਧਿਆਪਕਾਂ ਨੂੰ ਸਨਮਾਨਿਤ ਕਰਨਾ ਟਰੱਸਟ ਦਾ ਵੱਡਾ ਉਪਰਾਲਾ ਹੈ। ਇਸ ਮੌਕੇ ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸੁੱਖੀ ਬਾਠ ਨੇ ਕਿਹਾ ਕਿ ਸਮਾਜ ਵਿੱਚ ਨਾਂ-ਪੱਖੀ ਸੋਚ ਖ਼ਤਮ ਕਰਨ ਦੀ ਲੋੜ ਹੈ ਤੇ ਮਾਂ ਬੋਲੀ ਪੰਜਾਬੀ ਨੂੰ ਅੱਜ ਦੇ ਸਮੇਂ ਪ੍ਰਫੁਲਿਤ ਕਰਨ ਦੀ ਵਧੇਰੇ ਲੋੜ ਹੈ। ਉਨ੍ਹਾਂ ਸਨਮਾਨਿਤ ਸ਼ਖ਼ਸੀਅਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਮੁੱਖ ਮਹਿਮਾਨ ਪ੍ਰਸਿੱਧ ਸਮਾਜ ਸੇਵਕ ਰਾਜੀਵ ਬਾਂਸਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸਿੰਘ ਅਤੇ ਡੀਐੱਸਪੀ ਡਾ. ਮਨੋਜ ਗੋਰਸ਼ੀ, ਸੇਵਾਮੁਕਤ ਪ੍ਰਿੰਸੀਪਲ ਅਜੀਤ ਸਿੰਘ ਭੱਟੀ, ਚੇਅਰਮੈਨ ਮਾਰਕੀਟ ਕਮੇਟੀ ਡਕਾਲਾ ਹਨੀ ਮਾਹਲਾ ਤੇ ਪੇਪਰ ਬੋਰਡ ਮਿੱਲ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਲਾਲ ਮਿੱਤਲ ਆਦਿ ਹਾਜ਼ਰ ਸਨ।
previous post
