ਅੰਮ੍ਰਿਤਸਰ- ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਖੁਫੀਆ ਸੂਚਨਾ ਦੇ ਅਧਾਰ ’ਤੇ ਕੀਤੇ ਅਪਰੇਸ਼ਨ ਦੌਰਾਨ ਸਰਹੱਦ ਪਾਰੋਂ ਹਥਿਆਰ ਤਸਕਰੀ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਪੰਜ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ X ਉਤੇ ਪਾਈ ਇਕ ਪੋਸਟ ਰਾਹੀਂ ਦਿੱਤੀ ਹੈ।
ਡੀਜੀਪੀ ਨੇ ਖੁਲਾਸਾ ਕੀਤਾ ਹੈ ਕਿ ਕਾਬੂ ਕੀਤੇ ਗਏ ਤਸਕਰ ਦੇ ਕੋਲੋਂ ਪੰਜ ਪਿਸਤੌਲ ਬਰਾਮਦ ਕੀਤੇ ਹਨ। ਇਨ੍ਹਾਂ ਵਿੱਚ ਦੋ ਪਿਸਤੌਲ ਨੌਂ ਐਮਐਮ ਦੇ, ਦੋ ਪਿਸਤੌਲ ਪੁਆਇੰਟ 30 ਬੋਰ ਦੇ ਅਤੇ ਇੱਕ ਪਿਸਤੌਲ ਪੁਆਇੰਟ 32 ਬੋਰ ਦਾ ਹੈ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਇਸ ਵਿਅਕਤੀ ਨੇ ਹਥਿਆਰਾਂ ਦੀ ਇਹ ਖੇਪ ਭਾਰਤੀ ਸਰਹੱਦ ਨੇੜਲੇ ਇਲਾਕੇ ਵਿੱਚੋਂ ਪ੍ਰਾਪਤ ਕੀਤੀ ਅਤੇ ਉਹ ਇਸ ਖੇਪ ਨੂੰ ਅਗਾਂਹ ਸਪਲਾਈ ਵਾਸਤੇ ਲਿਜਾ ਰਿਹਾ ਸੀ ਕਿ ਇਸ ਦੌਰਾਨ ਪੁਲੀਸ ਟੀਮ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਦਾ ਪਾਕਿਸਤਾਨੀ ਤਸਕਰਾਂ ਨਾਲ ਸੰਪਰਕ ਬਣਿਆ ਹੋਇਆ ਸੀ। ਇਹ ਹਥਿਆਰ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਦੇਣ ਵਾਸਤੇ ਭੇਜੇ ਗਏ ਸਨ ਤਾਂ ਜੋ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਵਾਲੇ ਮਾਹੌਲ ਨੂੰ ਅਸ਼ਾਂਤ ਕੀਤਾ ਜਾ ਸਕੇ। ਇਸ ਸਬੰਧ ਵਿੱਚ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਅੰਮ੍ਰਿਤਸਰ ਦੇ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਉਨ੍ਹਾਂ ਆਖਿਆ ਕਿ ਇਹ ਮਾਮਲਾ ਸਰਹੱਦ ਪਾਰੋਂ ਨਸ਼ਾ ਤਸਕਰੀ ਨਾਲ ਸਬੰਧਤ ਹੈ। ਇਸ ਮਾਮਲੇ ਵਿੱਚ ਕਾਬੂ ਕੀਤੇ ਗਏ ਵਿਅਕਤੀ ਦੇ ਨਾਲ ਸਬੰਧਤ ਹੋਰ ਸੰਪਰਕ ਸੂਤਰਾਂ ਦੀ ਵੀ ਪੜਤਾਲ ਕੀਤੀ ਜਾਵੇਗੀ।
