December 28, 2025
ਖਾਸ ਖ਼ਬਰਪੰਜਾਬਰਾਸ਼ਟਰੀ

ਕਰਨਲ ਬਾਠ ਮਾਮਲਾ: ਪੁਲੀਸ ਅਧਿਕਾਰੀਆਂ ਵਿਰੁੱਧ ਅਨੁਸਾਸ਼ਨੀ ਕਾਰਵਾਈ ਦੀ ਸਿਫਾਰਸ਼

ਕਰਨਲ ਬਾਠ ਮਾਮਲਾ: ਪੁਲੀਸ ਅਧਿਕਾਰੀਆਂ ਵਿਰੁੱਧ ਅਨੁਸਾਸ਼ਨੀ ਕਾਰਵਾਈ ਦੀ ਸਿਫਾਰਸ਼

ਪਟਿਆਲਾ- ਕਰਨਲ ਬਾਠ ਮਾਮਲੇ ਵਿਚ ਕਾਰਵਾਈ ਕਰਦਿਆਂ ਪਟਿਆਲਾ ਪੁਲੀਸ ਨੇ ਚਾਰ ਦੋਸ਼ੀ ਇੰਸਪੈਕਟਰਾਂ ਅਤੇ ਦੋ ਹੋਰ ਅਧਿਕਾਰੀਆਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈਆਂ ਦੀ ਸਿਫ਼ਾਰਸ਼ ਕੀਤੀ ਹੈ, ਜਿਸ ਵਿੱਚ ਸੇਵਾ ਵਿੱਚ ਕਟੌਤੀ ਅਤੇ ਤਰੱਕੀਆਂ ’ਤੇ ਰੋਕ ਸ਼ਾਮਲ ਹੈ।

ਅਧਿਕਾਰੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਅਧਿਕਾਰੀਆਂ ਲਈ ਤਿੰਨ ਸਾਲ ਦੀ ਸੇਵਾ ਕਟੌਤੀ ਅਤੇ ਇਸ ਮਿਆਦ ਲਈ ਕੋਈ ਤਨਖਾਹ ਵਾਧਾ ਨਾ ਦੇਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਇੱਕ ਅਧਿਕਾਰੀ ਨੇ ਦੱਸਿਆ, “ਇਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਤਿੰਨ ਸਾਲ ਤੱਕ ਕੋਈ ਤਰੱਕੀ ਨਹੀਂ ਮਿਲੇਗੀ ਅਤੇ ਉਨ੍ਹਾਂ ਦੀ ਤਨਖਾਹ ਵਿੱਚ ਵੀ ਕੋਈ ਵਾਧਾ ਨਹੀਂ ਹੋਵੇਗਾ।”

ਪੁਲੀਸ ਨੇ ਆਪਣੀ ਜਾਂਚ ਸਿਫ਼ਾਰਸ਼ਾਂ ਵਿੱਚ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਸਾਰੇ ਅਧਿਕਾਰੀ ਮੁਅੱਤਲ ਰਹਿਣਗੇ ਅਤੇ ਉਨ੍ਹਾਂ ਦੀ ਤਾਇਨਾਤੀ ਸਿਰਫ਼ ਪਟਿਆਲਾ ਤੋਂ ਬਾਹਰ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਹਿਲਾਂ ਹੀ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਦਿੱਤੀ ਸੀ ਅਤੇ ਇਸ ਮਾਮਲੇ ਵਿੱਚ ਸੀਬੀਆਈ ਵੱਲੋਂ ਐੱਫਆਈਆਰ ਦਰਜ ਕੀਤੀ ਹੈ। ਇਸ ਘਟਨਾ ਨੂੰ ਚਾਰ ਮਹੀਨਿਆਂ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਕਿਸੇ ਵੀ ਦੋਸ਼ੀ ਪੁਲੀਸ ਮੁਲਾਜ਼ਮ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।

ਇਸ ਦੌਰਾਨ ਪਟਿਆਲਾ ਦੇ ਐੱਸਐੱਸਪੀ ਵਰੁਣ ਸ਼ਰਮਾ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਇੱਕ ਐਸਪੀ ਪੱਧਰ ਦੇ ਅਧਿਕਾਰੀ ਦੁਆਰਾ ਕੀਤੀ ਗਈ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਕਾਰਵਾਈ ਦੀ ਸਿਫ਼ਾਰਸ਼ ਕੀਤੀ ਹੈ। ਉਨ੍ਹਾਂ ਕਿਹਾ, “ਦੋਸ਼ੀ ਜਾਂਚ ਰਿਪੋਰਟ ਦੀਆਂ ਸਿਫ਼ਾਰਸ਼ਾਂ ’ਤੇ ਜਵਾਬ ਦੇ ਸਕਦੇ ਹਨ।”

ਪਟਿਆਲਾ ਪੁਲੀਸ ਨੇ ਪਹਿਲਾਂ ਤਿੰਨ ਇੰਸਪੈਕਟਰ ਹੈਰੀ ਬੋਪਾਰਾਏ, ਰੋਨੀ ਸਿੰਘ, ਅਤੇ ਹਰਜਿੰਦਰ ਢਿੱਲੋਂ ਸਮੇਤ ਹੋਰ ਪੁਲੀਸ ਕਰਮਚਾਰੀਆਂ ਖਿਲਾਫ਼ 109, 310, 155(2), 117(2), 126(2), ਅਤੇ 351(2) ਤਹਿਤ ਐਫਆਈਆਰ ਦਰਜ ਕੀਤੀ ਸੀ। ਹਾਲਾਂਕਿ ਚੌਥੇ ਇੰਸਪੈਕਟਰ ਦਾ ਨਾਮ ਬਾਅਦ ਵਿੱਚ ਬੀਐੱਨਐੱਸ ਦੀਆਂ ਧਾਰਾਵਾਂ 299 ਅਤੇ 191 ਤਹਿਤ ਐਫਆਈਆਰ ਵਿੱਚ ਜੋੜਿਆ ਗਿਆ ਸੀ।

ਕੀ ਸੀ ਮਾਮਲਾ ?

ਕਥਿਤ ਘਟਨਾ 13 ਅਤੇ 14 ਮਾਰਚ ਦੀ ਦਰਮਿਆਨੀ ਰਾਤ ਨੂੰ ਵਾਪਰੀ ਸੀ, ਜਦੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦਾ ਪੁੱਤਰ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਦੇ ਨੇੜੇ ਇੱਕ ਸੜਕ ਕਿਨਾਰੇ ਢਾਬੇ ’ਤੇ ਮੌਜੂਦ ਸਨ। ਪਰਿਵਾਰ ਨੇ ਦਾਅਵਾ ਕੀਤਾ ਕਿ ਜਦੋਂ ਉਹ ਆਪਣੀ ਕਾਰ ਦੇ ਬਾਹਰ ਖੜ੍ਹੇ ਖਾਣਾ ਖਾ ਰਹੇ ਸਨ, ਤਾਂ ਕੁਝ ਸਾਦੇ ਕੱਪੜਿਆਂ ਵਿੱਚ ਪੁਲੀਸ ਅਧਿਕਾਰੀ ਉਨ੍ਹਾਂ ਕੋਲ ਆਏ ਅਤੇ ਕਰਨਲ ਨੂੰ ਆਪਣੀ ਗੱਡੀ ਹਟਾਉਣ ਲਈ ਕਿਹਾ ਤਾਂ ਜੋ ਉਹ ਆਪਣੀ ਗੱਡੀ ਖੜ੍ਹੀ ਕਰ ਸਕਣ। ਜਿਸ ਤੋਂ ਬਾਅਦ ਵਿੱਚ ਇੱਕ ਦਰਜਨ ਤੋਂ ਵੱਧ ਪੁਲੀਸ ਕਰਮਚਾਰੀਆਂ ਨੇ ਕਥਿਤ ਤੌਰ ’ਤੇ ਕਰਨਲ ਅਤੇ ਉਨ੍ਹਾਂ ਦੇ ਪੁੱਤਰ ਨਾਲ ਕੁੱਟਮਾਰ ਕੀਤੀ ਸੀ।

Related posts

ਹੌਂਡਾ ਅਮੇਜ਼ 2024 ਦੀ ਲਾਂਚਿੰਗ ਤੋਂ ਪਹਿਲਾਂ ਸ਼ੁਰੂ ਹੋਈ ਅਣਅਧਿਕਾਰਤ ਬੁਕਿੰਗ, ਸ਼ਾਨਦਾਰ ਫੀਚਰਜ਼ ਨਾਲ 4 ਦਸੰਬਰ ਨੂੰ ਹੋਵੇਗੀ ਲਾਂਚ

Current Updates

‘ਹਮਲੇ ਪਿੱਛੋਂ ਦੇਸ਼ ’ਚ ਕਸ਼ਮੀਰੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹੈ’

Current Updates

ਗ਼ੈਰਕਾਨੂੰਨੀ ਆਨਲਾਈਨ ਸੱਟੇਬਾਜ਼ੀ ਕੇਸ: ਈਡੀ ਵੱਲੋਂ Meta ਤੇ Google ਤਲਬ

Current Updates

Leave a Comment