ਅੰਮ੍ਰਿਤਸਰ- ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਗਠਿਤ ਸ਼੍ਰੋਮਣੀ ਅਕਾਲੀ ਦਲ ਦਾ ਸਰਬਸੰਮਤੀ ਤੇ ਬਿਨਾਂ ਕਿਸੇ ਵਿਰੋਧ ਦੇ ਪ੍ਰਧਾਨ ਐਲਾਨ ਦਿੱਤਾ ਗਿਆ ਹੈ। ਇਸ ਦਾ ਐਲਾਨ ਨਿਗਰਾਨ ਬਣਾਏ ਸੰਤਾ ਸਿੰਘ ਉਮੈਦਪੁਰੀ ਵੱਲੋਂ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਬੀਬੀ ਸਤਵੰਤ ਕੌਰ ਪੁੱਤਰੀ ਸ਼ਹੀਦ ਭਾਈ ਅਮਰੀਕ ਸਿੰਘ ਨੂੰ ਪੰਥਕ ਕੌਂਸਲ ਦੀ ਚੇਅਰਪਰਸਨ ਚੁਣਿਆ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਵਜੋਂ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ ਦੀ ਤਜਵੀਜ਼ ਬਾਬਾ ਸਰਬਜੋਤ ਸਿੰਘ ਬੇਦੀ ਨੇ ਰੱਖੀ ਜਦੋਂਕਿ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਦੀ ਤਾਈਦ ਕੀਤੀ।
ਡੈਲੀਗੇਟ ਇਜਲਾਸ ਵੱਲੋਂ ਸਰਕਾਰ ਕੋਲੋਂ ਮੰਗ ਕੀਤੀ ਗਈ ਹੈ ਕਿ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਵਾਪਸ ਕੀਤੇ ਜਾਣ, ਪੰਜਾਬ ਦੇ ਦਰਿਆਈ ਪਾਣੀਆਂ ਦਾ ਮਸਲਾ ਰਿਪੇਰੀਅਨ ਕਾਨੂੰਨ ਮੁਤਾਬਕ ਹੱਲ ਕੀਤਾ ਜਾਵੇ, ਪੰਜਾਬ ਦੀ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਤੇ ਚਿੰਤਾ ਦਾ ਪ੍ਰਗਟਾਵਾ, ਲੈਂਡ ਪੂਲਿੰਗ ਨੀਤੀ ਦੀ ਸਖਤ ਵਿਰੋਧਤਾ ਕਰਦਿਆਂ ਹੋਇਆ ਇਸ ਨੂੰ ਰੱਦ ਕਰਨ ਦੀ ਮੰਗ, ਭਾਰਤੀ ਸੰਵਿਧਾਨ ਨੂੰ ਫੈਡਰਲ ਰੂਪ ਦੇਣ ਦੀ ਮੰਗ ਅਤੇ ਰਾਜਾਂ ਨੂੰ ਵਧੇਰੇ ਅਧਿਕਾਰ ਦੇਣ ਦੀ ਮੰਗ, ਦੇਸ਼ ਦੀ ਤਰੱਕੀ ਵਾਸਤੇ ਵਪਾਰ ਲਈ ਅਟਾਰੀ ਸਰਹੱਦ ਹੁਸੈਨੀ ਵਾਲਾ ਸਰਹੱਦ ਖੋਲਣ ਦੀ ਮੰਗ ਆਦਿ ਸ਼ਾਮਲ ਹਨ।
