ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿੱਚ ਨਿਵੇਸ਼ ਲਈ ਦੇਸ਼ ਦੇ ਪ੍ਰਮੁੱਖ ਉਦਯੋਗਪਤੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਤੇਜ਼ੀ ਨਾਲ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਹੈ। ਸੋਮਵਾਰ ਦੇਰ ਸ਼ਾਮ ਗੁਰੂਗ੍ਰਾਮ ਵਿਚ ਉਦਯੋਗ ਜਗਤ ਦੇ ਆਗੂਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਸ਼ੁਰੂ ਤੋਂ ਹੀ ਮਿਹਨਤੀ ਤੇ ਉੱਦਮੀ ਭਾਵਨਾ ਅਤੇ ਅਮੀਰ ਵਿਰਾਸਤ ਵਜੋਂ ਜਾਣਿਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਦੇ ਉਦਯੋਗਿਕ ਸਫ਼ਰ ਵਿੱਚ ਇੱਕ ਵੱਡੀ ਤਬਦੀਲੀ ਅਤੇ ਪ੍ਰਗਤੀ ਦੇਖਣ ਨੂੰ ਮਿਲੀ ਹੈ। ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਅਗਲੇ ਸਾਲ 13 ਤੋਂ 15 ਮਾਰਚ ਨੂੰ ਮੁਹਾਲੀ ਵਿਚ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਛੇਵੇਂ ਐਡੀਸ਼ਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੀ ਮੌਜੂਦ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸੂਬਾ ਇੱਕ ਉਦਯੋਗਿਕ ਹੱਬ ਬਣ ਗਿਆ ਹੈ, ਜੋ ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਹੈਂਡ ਟੂਲ, ਸਾਈਕਲ, ਆਈਟੀ, ਸੈਰ-ਸਪਾਟਾ ਅਤੇ ਹੋਰ ਖੇਤਰਾਂ ਵਿੱਚ ਮੋਹਰੀ ਬਣ ਕੇ ਉੱਭਰਿਆ ਹੈ। ਪੰਜਾਬ ਦੀ ਉਦਯੋਗਿਕ ਤਰੱਕੀ ਨੇ ਦੁਨੀਆਂ ਭਰ ਵਿੱਚ ਛਾਪ ਛੱਡੀ ਹੈ ਤੇ ਨਿਵੇਸ਼ਕਾਂ ਨੇ ਸੂਬੇ ਦੀ ਸਮਰੱਥਾ ਨੂੰ ਪਛਾਣਿਆ ਹੈ। ਉਨ੍ਹਾਂ ਕਿਹਾ ਕਿ ਮਾਰਚ, 2022 ਤੋਂ ਪੰਜਾਬ ਨੂੰ 1.23 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਹਾਸਲ ਹੋਏ ਹਨ, ਜਿਸ ਨਾਲ 4.7 ਲੱਖ ਤੋਂ ਵੱਧ ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ। ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਦੀ ਗੱਲ ਹੈ ਕਿ ਪੰਜਾਬ ਕਈ ਵੱਕਾਰੀ ਆਲਮੀ ਕੰਪਨੀਆਂ ਦਾ ਘਰ ਹੈ, ਜਿਨ੍ਹਾਂ ਵਿੱਚ ਨੈਸਲੇ, ਕਲਾਸ, ਫਰੂਡੇਨਬਰਗ, ਕਾਰਗਿਲ, ਵਰਬੀਓ, ਡੇਨੋਨ ਅਤੇ ਹੋਰ ਸ਼ਾਮਲ ਹਨ, ਜੋ ਇੱਥੇ ਆਪਣਾ ਕਾਰੋਬਾਰ ਸਥਾਪਤ ਕਰਕੇ ਸੂਬੇ ਦੇ ਆਰਥਿਕ ਪ੍ਰਗਤੀ ਵਿੱਚ ਵੱਡਾ ਯੋਗਦਾਨ ਪਾ ਰਹੀਆਂ ਹਨ।
