ਕਾਸੀਬੁੱਗਾ- ਸ਼੍ਰੀਕਾਕੁਲਮ ਜ਼ਿਲ੍ਹੇ ਦੇ ਇੱਕ ਮੰਦਰ ਵਿੱਚ ਵਾਪਰੀ ਭਗਦੜ ਦੀ ਘਟਨਾ ਕਾਰਨ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਸ਼੍ਰੀਕਾਕੁਲਮ ਜ਼ਿਲ੍ਹੇ ਵਿੱਚ ਇੱਕ ਮੰਦਰ ਵਿੱਚ ਭਗਦੜ ਮਚਣ ਕਾਰਨ ਘੱਟੋ-ਘੱਟ ਨੌਂ ਲੋਕਾਂ ਅੱਠ ਔਰਤਾਂ ਅਤੇ ਇੱਕ ਲੜਕਾ – ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।
ਇਸ ਘਟਨਾ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਨੇ ‘ਐਕਸ’ (X) ‘ਤੇ ਇੱਕ ਪੋਸਟ ਵਿੱਚ ਕਿਹਾ, “ਸ਼੍ਰੀਕਾਕੁਲਮ ਜ਼ਿਲ੍ਹੇ ਦੇ ਕਾਸ਼ੀਬੁੱਗਾ ਵੈਂਕਟੇਸ਼ਵਰ ਮੰਦਰ ਵਿੱਚ ਹੋਈ ਭਗਦੜ ਤੋਂ ਮੈਂ ਦੁਖੀ ਹਾਂ। ਇਹ ਬਹੁਤ ਦੁੱਖ ਦੀ ਗੱਲ ਹੈ ਕਿ ਇਸ ਮੰਦਭਾਗੀ ਘਟਨਾ ਵਿੱਚ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਮੈਂ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ।’’ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਖਮੀ ਵਿਅਕਤੀਆਂ ਲਈ ਬਿਹਤਰ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਅਤੇ ਸਥਾਨਕ ਨੇਤਾਵਾਂ ਨੂੰ ਭਗਦੜ ਵਾਲੀ ਥਾਂ ‘ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਹਨ।ਮੌਤਾਂ ਅਤੇ ਜ਼ਖਮੀਆਂ ਦੀ ਸਹੀ ਗਿਣਤੀ ਦੀ ਅਧਿਕਾਰੀਆਂ ਵੱਲੋਂ ਅਜੇ ਪੁਸ਼ਟੀ ਕੀਤੀ ਜਾਣੀ ਬਾਕੀ ਹੈ।
