ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਮੌਤ ਦੀ ਸਜ਼ਾ ਪਾਉਣ ਵਾਲੇ ਦੋਸ਼ੀਆਂ ਨੂੰ ਫਾਂਸੀ ਦੇਣ ਦੇ ਮੌਜੂਦਾ ਢੰਗ ਨੂੰ ਕਾਨੂੰਨ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ 21 ਜਨਵਰੀ ਨੂੰ ਦਲੀਲਾਂ ਸੁਣੇਗਾ। ਪਟੀਸ਼ਨ ਪਾਉਣ ਵਾਲਿਆਂ ਨੇ ਮੰਗ ਕੀਤੀ ਹੈ ਕਿ ਫਾਂਸੀ ਦੇਣ ਨਾਲੋਂ ਘਾਤਕ ਟੀਕਾ ਜਾਂ ਗੈਸ ਵਾਲੇ ਚੈਂਬਰ ਰਾਹੀਂ ਮੌਤ ਦੀ ਸਜ਼ਾ ਦੇਣ ’ਤੇ ਵਿਚਾਰ ਕੀਤਾ ਜਾਵੇ।
ਇਸ ਮਾਮਲੇ ਦੀ ਸੁਣਵਾਈ ਜਸਟਿਸ ਵਿਕਰਮ ਨਾਥ ਅਤੇ ਸੰਦੀਪ ਮਹਿਤਾ ਦੇ ਬੈਂਚ ਨੇ ਕੀਤੀ। ਇਸ ਦੌਰਾਨ ਅਟਾਰਨੀ ਜਨਰਲ ਆਰ ਵੈਂਕਟਰਮਾਨੀ ਨੇ ਬੈਂਚ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਾਮਲੇ ’ਤੇ ਜਨਵਰੀ 2026 ਵਿੱਚ ਸੁਣਵਾਈ ਕੀਤੀ ਜਾਵੇ। ਇਸ ਸਬੰਧੀ 2017 ਵਿੱਚ ਪਟੀਸ਼ਨ ਦਾਇਰ ਕਰਨ ਵਾਲੇ ਸੀਨੀਅਰ ਵਕੀਲ ਰਿਸ਼ੀ ਮਲਹੋਤਰਾ ਨੇ ਕਿਹਾ ਕਿ ਇਹ ਮਾਮਲਾ ਫਾਂਸੀ ਵਾਂਗ ਲਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਅਟਾਰਨੀ ਜਨਰਲ ਨੇ ਪਹਿਲਾਂ ਅਦਾਲਤ ਨੂੰ ਦੱਸਿਆ ਸੀ ਕਿ ਕੇਂਦਰ ਚੁੱਕੇ ਜਾਣ ਵਾਲੇ ਮੁੱਦਿਆਂ ਦੀ ਸਮੀਖਿਆ ਕਰਨ ਲਈ ਇੱਕ ਕਮੇਟੀ ਦੀ ਨਿਯੁਕਤੀ ’ਤੇ ਵਿਚਾਰ ਕਰ ਰਿਹਾ ਹੈ।
