ਫਗਵਾੜਾ- ਇੱਥੋਂ ਦੇ ਨਜ਼ਦੀਕੀ ਪਿੰਡ ਦਰਵੇਸ਼ ਵਿੱਚ ਵੱਡੇ ਤੜਕੇ ਆਪ ਆਗੂ ਦਲਜੀਤ ਰਾਜੂ ਦੀ ਰਿਹਾਇਸ਼ ‘ਤੇ ਦੋ ਅਣਪਛਾਤੇ ਨਕਾਬਪੋਸ਼ਾਂ ਵੱਲੋਂ ਗੋਲੀਬਾਰੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੌਕੇ ਹਮਲਾਵਰਾਂ ਨੇ ਅੰਦਾਜ਼ਨ 23-24 ਰਾਊਂਡ ਫਾਇਰ ਕੀਤੇ। ਆਪ ਆਗੂ ਰਾਜੂ ਨੇ ਦੱਸਿਆ ਕਿ ਗੋਲੀਬਾਰੀ ਹੋਣ ਸਮੇਂ ਉਹ, ਉਨ੍ਹਾਂ ਦੀ ਪਤਨੀ ਅਤੇ ਉਨ੍ਹਾਂ ਦੀ ਧੀ ਪਹਿਲੀ ਮੰਜ਼ਿਲ ’ਤੇ ਸੁੱਤੇ ਹੋਏ ਸਨ। ਇਸ ਘਟਨਾ ਦੌਰਾਨ ਪਰਿਵਾਰ ਵਾਲ ਵਾਲ ਬਚ ਗਿਆ।
ਸੂਚਨਾ ਮਿਲਦਿਆਂ ਹੀ ਪੁਲੀਸ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਤੜਕਸਾਰ ਫਗਵਾੜਾ ਐੱਸਪੀ ਮਾਧਵੀ ਸ਼ਰਮਾ ਅਤੇ ਡੀਐੱਸਪੀ ਭਰਤ ਭੂਸ਼ਣ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਹਲਕਾ ਇੰਚਾਰਜ ਹਰਨੂਰ ਸਿੰਘ ਮਾਨ ਸਮੇਤ ਸੀਨੀਅਰ ਆਗੂਆਂ ਨੇ ਮੌਕੇ ਦਾ ਦੌਰਾ ਕੀਤਾ।
ਇਸ ਸਬੰਧੀ ਪੁਲੀਸ ਥਾਣਾ ਸਤਨਾਮਪੁਰਾ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ। ਐੱਸਪੀ ਮਾਧਵੀ ਸ਼ਰਮਾ ਨੇ ਮੀਡੀਆ ਨੂੰ ਪੁਸ਼ਟੀ ਕੀਤੀ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋ ਅਣਪਛਾਤੇ ਹਮਲਾਵਰਾਂ ਵੱਲੋਂ 23-24 ਫਾਇਰ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਪੁਲੀਸ ਸ਼ੱਕੀਆਂ ਦਾ ਪਤਾ ਲਗਾਉਣ ਲਈ ਆਸ-ਪਾਸ ਦੇ ਖੇਤਰਾਂ ਦੀ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ, ਜਦੋਂ ਕਿ ਫਿਰੌਤੀ, ਗੈਂਗ ਗਤੀਵਿਧੀ ਅਤੇ ਨਿਸ਼ਾਨਾ ਬਣਾ ਕੇ ਡਰਾਉਣ-ਧਮਕਾਉਣ ਸਮੇਤ ਕਈ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ। ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਇਸ ਘਟਨਾ ਨੂੰ ਪੰਜਾਬ ਸਰਕਾਰ ਦੀ ਪੂਰੀ ਤਰ੍ਹਾਂ ਨਾਕਾਮੀ ਕਰਾਰ ਦਿੱਤਾ ਹੈ। ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਹਮਲੇ ਦੀ ਨਿੰਦਾ ਕੀਤੀ ਅਤੇ ਦੋਸ਼ ਲਾਇਆ ਕਿ ਆਪ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਵਧ ਗਈਆਂ ਹਨ।
