ਜੈਪੁਰ- ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਕਿ ਅਮਰੀਕਾ ਨਾਲ ਪ੍ਰਸਤਾਵਿਤ ਦੁਵੱਲੇ ਵਪਾਰ ਸਮਝੌਤੇ ’ਤੇ ਗੱਲਬਾਤ ਅੱਗੇ ਵਧ ਰਹੀ ਹੈ। ਉਨ੍ਹਾਂ ਦੱਸਿਆ ਕਿ ਅਮਰੀਕੀ ਵਫ਼ਦ ਗੱਲਬਾਤ ਲਈ ਨਵੀਂ ਦਿੱਲੀ ਵਿੱਚ ਮੌਜੂਦ ਹੈ। ਗੋਇਲ ਨੇ ‘ਪ੍ਰਵਾਸੀ ਰਾਜਸਥਾਨੀ ਦਿਵਸ’ ਮੌਕੇ ’ਤੇ ਗੱਲਬਾਤ ਕਰਦਿਆਂ ਕਿਹਾ, “ ਉਨ੍ਹਾਂ ਨਾਲ ਗੱਲਬਾਤ ਲਗਾਤਾਰ ਅੱਗੇ ਵਧ ਰਹੀ ਹੈ। ਅਸੀਂ ਦੁਵੱਲੇ ਵਪਾਰ ਸਮਝੌਤੇ ਦੀ ਦਿਸ਼ਾ ਵਿੱਚ ਅੱਗੇ ਵਧ ਰਹੇ ਹਾਂ।”
ਮੰਤਰੀ ਨੇ ਨਾਲ ਹੀ ਅਮਰੀਕੀ ਅਧਿਕਾਰਤ ਵਫ਼ਦ ਨਾਲ ਮੁਲਾਕਾਤ ਕਰਨ ਦਾ ਸੰਕੇਤ ਦਿੱਤਾ। ਇਸ ਸਮਝੌਤੇ ਲਈ ਅਮਰੀਕਾ ਦੇ ਮੁੱਖ ਵਾਰਤਾਕਾਰ ਅਤੇ ਦੱਖਣੀ ਤੇ ਮੱਧ ਏਸ਼ੀਆ ਲਈ ਸਹਾਇਕ ਅਮਰੀਕੀ ਵਪਾਰ ਪ੍ਰਤੀਨਿਧੀ ਬ੍ਰੈਂਡਨ ਲਿੰਚ, ਭਾਰਤ ਦੇ ਮੁੱਖ ਵਾਰਤਾਕਾਰ ਅਤੇ ਵਣਜ ਵਿਭਾਗ ਦੇ ਸੰਯੁਕਤ ਸਕੱਤਰ ਦਰਪਣ ਜੈਨ ਨਾਲ ਚਰਚਾ ਕਰਨਗੇ। ਇਹ ਦੌਰਾ ਬਹੁਤ ਮਹੱਤਵਪੂਰਨ ਹੈ ਕਿਉਂਕਿ ਭਾਰਤ ਅਤੇ ਅਮਰੀਕਾ ਸਮਝੌਤੇ ਦੇ ਪਹਿਲੇ ਪੜਾਅ ਨੂੰ ਅੰਤਿਮ ਰੂਪ ਦੇਣ ਲਈ ਕੰਮ ਕਰ ਰਹੇ ਹਨ।
