ਯੂਪੀ: ਇੱਥੇ ਬੁੰਦੇਲਖੰਡ ਐਕਸਪ੍ਰੈਸ ਵੇਅ ’ਤੇ ਅੱਜ ਇੱਕ ਤੇਜ਼ ਰਫ਼ਤਾਰ ਬੱਸ ਦੇ ਇੱਕ ਕਾਰ ਨਾਲ ਟਕਰਾਉਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਇਹ ਘਟਨਾ ਮੌਦਾਹਾ ਥਾਣਾ ਖੇਤਰ ਵਿੱਚ ਵਾਪਰੀ। ਮੌਦਾਹਾ ਦੇ ਐਸਐਚਓ ਸੰਤੋਸ਼ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸਿੱਧਗੋਪਾਲ (65), ਰਾਮ ਸਹੋਦਰ (40) ਅਤੇ ਘਨਸ਼ਿਆਮ (55) ਵਜੋਂ ਹੋਈ ਹੈ ਜੋ ਸਾਰੇ ਮਹੋਬਾ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਉਨ੍ਹਾਂ ਕਿਹਾ ਕਿ ਚਾਰ ਜ਼ਖਮੀਆਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਬੰਦਾ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਪੁਲੀਸ ਅਨੁਸਾਰ ਕਾਰ ਸਵਾਰ ਆਪਣੀ ਮਾਂ ਦੀਆਂ ਅਸਥੀਆਂ ਲੈ ਕੇ ਪ੍ਰਯਾਗਰਾਜ ਜਾ ਰਹੇ ਸਨ। ਹਾਦਸੇ ਤੋਂ ਬਾਅਦ ਬੱਸ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਐਸਐਚਓ ਨੇ ਕਿਹਾ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
