ਪਾਰਟੀ ਪ੍ਰਤੀ ਵਿਸ਼ਵਾਸ ਪ੍ਰਗਟ ਕਰਨ ਲਈ ਕੀਤਾ ਆਮ ਲੋਕਾਂ ਦਾ ਧੰਨਵਾਦ
ਪਟਿਆਲਾ- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਇਸ ਨੂੰ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੌਦੀਆ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀਆਂ ਨੀਤੀਆਂ, ਲੀਡਰਸ਼ਿਪ ਅਤੇ ਸਮੁੱਚੀ ਸਰਕਾਰ ਦੀ ਕਾਰਗੁਜ਼ਾਰੀ ਦੀ ਜਿੱਤ ਕਰਾਰ ਦਿੱਤਾ ਹੈ।
ਸ੍ਰੀ ਮਹਿਤਾ ਨੇ ਕਿਹਾ ਆਮ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਚੋਣ ਨਤੀਜਿਆਂ ਨੇ ਸਾਫ਼ ਕਰ ਦਿੱਤਾ ਹੈ ਕਿ ਪੰਜਾਬ ਦੀ ਜਨਤਾ ਪਾਰਟੀ ਦੀ ਲੋਕ-ਪੱਖੀ ਸੋਚ, ਪਾਰਦਰਸ਼ੀ ਸ਼ਾਸਨ ਅਤੇ ਇਮਾਨਦਾਰ ਰਾਜਨੀਤੀ ‘ਤੇ ਪੂਰਾ ਭਰੋਸਾ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਇੱਕ ਚੋਣ ਨਤੀਜਾ ਨਹੀਂ, ਸਗੋਂ ਆਮ ਆਦਮੀ ਪਾਰਟੀ ਦੀ ਨੀਤੀ, ਨੀਅਤ ਅਤੇ ਨੇਤਾਗਿਰੀ ਪ੍ਰਤੀ ਲੋਕਾਂ ਦੇ ਵਿਸ਼ਵਾਸ ਦਾ ਸਪੱਸ਼ਟ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਨੇ ਦੇਸ਼ ਦੀ ਰਾਜਨੀਤੀ ਵਿੱਚ ਇਮਾਨਦਾਰ ਅਤੇ ਜਵਾਬਦੇਹ ਸ਼ਾਸਨ ਦਾ ਜੋ ਮਾਡਲ ਪੇਸ਼ ਕੀਤਾ, ਉਹ ਅੱਜ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਰਾਹੀਂ ਜ਼ਮੀਨ ‘ਤੇ ਉਤਰਦਾ ਨਜ਼ਰ ਆ ਰਿਹਾ ਹੈ।
ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਕੀਤੀਆਂ ਇਤਿਹਾਸਕ ਸੁਧਾਰਾਂ, ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੇ ਨਵੀਨੀਕਰਨ, ਆਮ ਆਦਮੀ ਕਲੀਨਿਕਾਂ ਦੀ ਸਥਾਪਨਾ, ਹਰ ਘਰ ਲਈ ਮੁਫ਼ਤ ਬਿਜਲੀ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਅਤੇ ਭ੍ਰਿਸ਼ਟਾਚਾਰ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈਆਂ ਨੇ ਲੋਕਾਂ ਦੇ ਮਨ ਵਿੱਚ ਸਰਕਾਰ ਪ੍ਰਤੀ ਭਰੋਸਾ ਹੋਰ ਮਜ਼ਬੂਤ ਕੀਤਾ ਹੈ।
ਤੇਜਿੰਦਰ ਮਹਿਤਾ ਨੇ ਕਿਹਾ ਕਿ ਲੋਕਾਂ ਨੇ ਪੁਰਾਣੀ ਰਾਜਨੀਤੀ, ਖ਼ਾਨਦਾਨੀ ਸਿਆਸਤ ਅਤੇ ਖਾਲੀ ਵਾਅਦਿਆਂ ਨੂੰ ਨਕਾਰ ਕੇ ਵਿਕਾਸਮੁਖੀ ਅਤੇ ਲੋਕ-ਕੇਂਦਰਿਤ ਰਾਜਨੀਤੀ ਨੂੰ ਚੁਣਿਆ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਪੱਧਰ ‘ਤੇ ਆਮ ਆਦਮੀ ਪਾਰਟੀ ਦੀ ਮਜ਼ਬੂਤ ਹਾਜ਼ਰੀ ਨਾਲ ਹੁਣ ਵਿਕਾਸ ਕਾਰਜਾਂ ਨੂੰ ਪਿੰਡ ਪੱਧਰ ਤੱਕ ਤੇਜ਼ੀ ਨਾਲ ਲਿਜਾਇਆ ਜਾਵੇਗਾ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।
ਉਨ੍ਹਾਂ ਨੇ ਪਾਰਟੀ ਦੇ ਸਮੂਹ ਵਰਕਰਾਂ, ਵਲੰਟੀਅਰਾਂ, ਬੂਥ ਪੱਧਰ ਦੇ ਸਹਿਯੋਗੀਆਂ ਅਤੇ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਸਾਰੇ ਆਮ ਆਦਮੀ ਪਾਰਟੀ ਪਰਿਵਾਰ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਇਮਾਨਦਾਰੀ ਨਾਲ ਪੂਰਾ ਕਰੇਗੀ।
ਅੰਤ ਵਿੱਚ ਤੇਜਿੰਦਰ ਮਹਿਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਹਰ ਵਰਗ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਦਲਿਤਾਂ, ਨੌਜਵਾਨਾਂ, ਮਹਿਲਾਵਾਂ ਅਤੇ ਵਪਾਰੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਜ਼ਿਲ੍ਹੇ ਦੇ ਸਮੁੱਚੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਲੋਕਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਉਣਾ ਹੀ ਪਾਰਟੀ ਦੀ ਸਭ ਤੋਂ ਵੱਡੀ ਪਹਿਲ ਰਹੇਗੀ
