ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਅੱਜ ਸੰਘਣੀ ਧੁੰਦ ਪਈ ਤੇ ਸੂਰਜ ਦੇ ਦਰਸ਼ਨ ਨਾ ਹੋਏ। ਮੌਸਮ ਵਿਭਾਗ ਨੇ ਕਿਹਾ ਕਿ ਸ਼ਨਿਚਰਵਾਰ ਨੂੰ ਪੰਜਾਬ ਦਾ ਫਰੀਦਕੋਟ ਸਭ ਤੋਂ ਠੰਢਾ ਸਥਾਨ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਰਿਹਾ। ਸਥਾਨਕ ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 9.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਪੰਜ ਡਿਗਰੀ ਵੱਧ ਹੈ।
ਲੁਧਿਆਣਾ ਅਤੇ ਪਟਿਆਲਾ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 9.6 ਅਤੇ 9.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਤਿੰਨ ਡਿਗਰੀ ਵੱਧ ਹੈ। ਪਠਾਨਕੋਟ ਵਿੱਚ ਪਾਰਾ 9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦੋਂ ਕਿ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 5.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਗੁਰਦਾਸਪੁਰ ਦਾ ਘੱਟੋ-ਘੱਟ ਤਾਪਮਾਨ 7.5 ਡਿਗਰੀ ਸੈਲਸੀਅਸ ਰਿਹਾ।
ਕਰਨਾਲ ਵਿੱਚ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ, ਨਾਰਨੌਲ ਵਿੱਚ 5.8 ਡਿਗਰੀ ਸੈਲਸੀਅਸ, ਜਦੋਂ ਕਿ ਰੋਹਤਕ, ਭਿਵਾਨੀ ਅਤੇ ਸਿਰਸਾ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 6.8, 7 ਅਤੇ 7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਸੰਘਣੀ ਧੁੰਦ ਕਾਰਨ ਲੋਕ ਪ੍ਰੇਸ਼ਾਨ ਹੋਏ। ਧੁੰਦ ਇੰਨੀ ਸੰਘਣੀ ਸੀ ਕਿ ਵੰਦੇ ਭਾਰਤ ਤੇ ਸ਼ਤਾਬਦੀ ਸਣੇ ਕਈ ਰੇਲਗੱਡੀਆਂ ਆਪਣੇ ਨਿਰਧਾਰਤ ਸਮੇਂ ਤੋਂ ਕਈ ਕਈ ਘੰਟੇ ਲੇਟ ਚੱਲੀਆਂ, ਜਿਸ ਕਾਰਨ ਯਾਤਰੀਆਂ ਨੂੰ ਬਹੁਤ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਰੇਲਗੱਡੀਆਂ ਦੀ ਦੇਰੀ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਹੋਈ। ਠੰਢ ਵਿੱਚ ਲੋਕ ਸਟੇਸ਼ਨ ’ਤੇ ਖੁੱਲ੍ਹੇ ਵਿਚ ਬੈਠਣ ਨੂੰ ਮਜਬੂਰ ਹੋਏ।
