ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੱਸਿਆ ਕਿ ਹੁਣ ਤਿੰਨ ਪਵਿੱਤਰ ਸ਼ਹਿਰਾਂ ਅੰਮ੍ਰਿਤਸਰ ਦਾ ਗਲਿਆਰਾ ਖੇਤਰ, ਤਲਵੰਡੀ ਸਾਬੋ ਅਤੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਮੀਟ, ਤੰਬਾਕੂ, ਸ਼ਰਾਬ, ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਸਿੱਖਾਂ ਵਿੱਚ ਸਤਿਕਾਰਯੋਗ ਤਿੰਨ ਸਥਾਨਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਫੈਸਲਾ ਹੁਣ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਤੋਂ ਬਾਅਦ ਲਾਗੂ ਹੋ ਗਿਆ ਹੈ। ਪਿਛਲੇ ਮਹੀਨੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਏ ਪੰਜਾਬ ਵਿਧਾਨ ਸਭਾ ਦੇ ਇੱਕ ਵਿਸ਼ੇਸ਼ ਸੈਸ਼ਨ ਦੌਰਾਨ ਸਰਬਸੰਮਤੀ ਨਾਲ ਇੱਕ ਮਤਾ ਪਾਸ ਕੀਤਾ ਗਿਆ ਸੀ। ਇਹ ਸੈਸ਼ਨ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਸੱਦਿਆ ਗਿਆ ਸੀ।
ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਸ਼ਹਿਰਾਂ ਵਿਚ ਸਾਰੇ ਜ਼ਰੂਰੀ ਪ੍ਰਬੰਧ ਕਰੇਗੀ ਅਤੇ ਈ-ਰਿਕਸ਼ਾ, ਮਿੰਨੀ-ਬੱਸਾਂ, ਸ਼ਟਲ ਬੱਸਾਂ ਅਤੇ ਹੋਰ ਜਨਤਕ ਆਵਾਜਾਈ ਸੇਵਾਵਾਂ ਸਮੇਤ ਹੋਰ ਸਹੂਲਤਾਂ ਪ੍ਰਦਾਨ ਕਰੇਗੀ। ਸਰਕਾਰ ਇਹ ਯਕੀਨੀ ਬਣਾਏਗੀ ਕਿ ਦੁਨੀਆ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਸ਼ਹਿਰਾਂ ਵਿੱਚ ਹੁਣ ਸਖ਼ਤ ਨਿਯਮ ਲਾਗੂ ਹੋਣਗੇ। ਮਾਸ, ਸ਼ਰਾਬ, ਤੰਬਾਕੂ ਅਤੇ ਕਿਸੇ ਵੀ ਨਸ਼ੀਲੇ ਪਦਾਰਥ ਦੀ ਵਿਕਰੀ ’ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹਿਰਾਂ ਦਾ ਢੁਕਵਾਂ ਵਿਕਾਸ ਹੋਵੇਗਾ। ਇਹ ਸ਼ਹਿਰ ਨਾ ਸਿਰਫ਼ ਧਾਰਮਿਕ ਕੇਂਦਰ ਹਨ ਸਗੋਂ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਦਾ ਬਹੁਤ ਮਹੱਤਵਪੂਰਨ ਪ੍ਰਤੀਕ ਵੀ ਹਨ। ਉਨ੍ਹਾਂ ਸਮੁੱਚੀ ਸਿੱਖ ਸੰਗਤ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਇਹ ਫੈਸਲਾ ਹੁਣ ਲਾਗੂ ਹੋ ਗਿਆ ਹੈ ਅਤੇ ਸ਼ਹਿਰਾਂ ਨੇ ਅਧਿਕਾਰਤ ਤੌਰ ’ਤੇ ਪਵਿੱਤਰ ਸ਼ਹਿਰਾਂ ਦਾ ਦਰਜਾ ਹਾਸਲ ਕਰ ਲਿਆ ਹੈ।
