ਨਵੀਂ ਦਿੱਲੀ- ਭਾਰਤ ਨੇ ਬੰਗਲਾਦੇਸ਼ ਵਿੱਚ ਹਿੰਦੂਆਂ, ਈਸਾਈਆਂ ਅਤੇ ਬੋਧੀਆਂ ਸਮੇਤ ਘੱਟ ਗਿਣਤੀ ਭਾਈਚਾਰਿਆਂ ਵਿਰੁੱਧ ਲਗਾਤਾਰ ਹੋ ਰਹੀ ਹਿੰਸਾ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਮੈਮਨਸਿੰਘ ਵਿੱਚ ਹਿੰਦੂ ਨੌਜਵਾਨ ਦੀਪੂ ਚੰਦਰ ਦਾਸ ਦੇ ਕਤਲ ਦੀ ਸਖ਼ਤ ਨਿੰਦਾ ਕਰਦਿਆਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦਿੱਤੀ ਜਾਵੇ।
ਭਾਰਤ ਨੇ ਸਪੱਸ਼ਟ ਕੀਤਾ ਕਿ ਬੰਗਲਾਦੇਸ਼ ਵਿੱਚ ਅੰਤਰਿਮ ਸਰਕਾਰ ਦੇ ਕਾਰਜਕਾਲ ਦੌਰਾਨ ਘੱਟ ਗਿਣਤੀਆਂ ਵਿਰੁੱਧ ਹਿੰਸਾ ਦੀਆਂ 2,900 ਤੋਂ ਵੱਧ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਨੂੰ ਸਿਰਫ਼ ‘ਮੀਡੀਆ ਦੀ ਅਤਿਕਥਨੀ’ ਜਾਂ ‘ਸਿਆਸੀ ਹਿੰਸਾ’ ਕਹਿ ਕੇ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਸ ਦੇ ਨਾਲ ਹੀ ਭਾਰਤ ਨੇ ਬੰਗਲਾਦੇਸ਼ ਵਿੱਚ ਹੋਣ ਵਾਲੀਆਂ ਆਗਾਮੀ ਸੰਸਦੀ ਚੋਣਾਂ ਬਾਰੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਇਹ ਚੋਣਾਂ ਆਜ਼ਾਦ, ਨਿਰਪੱਖ ਅਤੇ ਸਾਰੀਆਂ ਸਿਆਸੀ ਧਿਰਾਂ ਦੀ ਸ਼ਮੂਲੀਅਤ ਵਾਲੀਆਂ ਹੋਣੀਆਂ ਚਾਹੀਦੀਆਂ ਹਨ।
ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (BNP) ਦੇ ਕਾਰਜਕਾਰੀ ਚੇਅਰਮੈਨ ਤਾਰਿਕ ਰਹਿਮਾਨ ਦੀ ਵਤਨ ਵਾਪਸੀ ’ਤੇ ਪ੍ਰਤੀਕਿਰਿਆ ਦਿੰਦਿਆਂ ਨਵੀਂ ਦਿੱਲੀ ਨੇ ਕਿਹਾ ਕਿ ਇਸ ਘਟਨਾਕ੍ਰਮ ਨੂੰ ਸਾਰੀਆਂ ਧਿਰਾਂ ਦੀ ਚੋਣਾਂ ਵਿੱਚ ਹਿੱਸੇਦਾਰੀ ਯਕੀਨੀ ਬਣਾਉਣ ਦੇ ਸੰਦਰਭ ਵਿੱਚ ਦੇਖਿਆ ਜਾਣਾ ਚਾਹੀਦਾ ਹੈ। ਭਾਰਤ ਨੇ ਦੁਹਰਾਇਆ ਕਿ ਉਹ ਗੁਆਂਢੀ ਦੇਸ਼ ਵਿੱਚ ਹੋ ਰਹੀ ਹਰ ਹਲਚਲ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ।
