ਟੋਰਾਂਟੋ- ਟੋਰਾਂਟੋ ਯੂਨੀਵਰਸਿਟੀ ਦੇ ਸਕਾਰਬਰੋ ਕੈਂਪਸ ਨੇੜੇ ਇੱਕ 20 ਸਾਲਾ ਭਾਰਤੀ ਪੀਐੱਚਡੀ (doctoral) ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ ਅਤੇ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਤਲ ਦੇ ਰੂਪ ਵਿੱਚ ਕਰ ਰਹੇ ਹਨ। ਕੈਨੇਡੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਦੀ ਰਿਪੋਰਟ ਅਨੁਸਾਰ ਗੋਲੀਬਾਰੀ ਮੰਗਲਵਾਰ ਨੂੰ ਹੋਈ ਸੀ ਅਤੇ ਟੋਰਾਂਟੋ ਪੁਲੀਸ ਨੇ ਬੁੱਧਵਾਰ ਨੂੰ ਮ੍ਰਿਤਕ ਦੀ ਪਛਾਣ ਸ਼ਿਵਾਂਕ ਅਵਸਥੀ ਵਜੋਂ ਕੀਤੀ ਹੈ।
ਡਿਊਟੀ ਇੰਸਪੈਕਟਰ ਜੈਫ ਐਲਿੰਗਟਨ ਨੇ ਦੱਸਿਆ ਕਿ ਪੁਲੀਸ ਨੂੰ ਮੰਗਲਵਾਰ ਦੁਪਹਿਰ ਕਰੀਬ 3:30 ਵਜੇ ਹਾਈਲੈਂਡ ਕਰੀਕ ਟ੍ਰੇਲ ਅਤੇ ਓਲਡ ਕਿੰਗਸਟਨ ਰੋਡ ਦੇ ਖੇਤਰ ਵਿੱਚ ਇੱਕ ਜ਼ਖਮੀ ਵਿਅਕਤੀ ਦੇ ਜ਼ਮੀਨ ‘ਤੇ ਪਏ ਹੋਣ ਦੀ ਸੂਚਨਾ ਮਿਲੀ ਸੀ। ਜਦੋਂ ਅਧਿਕਾਰੀ ਉੱਥੇ ਪਹੁੰਚੇ ਤਾਂ ਉਨ੍ਹਾਂ ਨੂੰ ਗੋਲੀ ਨਾਲ ਜ਼ਖਮੀ ਹੋਇਆ ਇੱਕ ਵਿਅਕਤੀ ਮਿਲਿਆ, ਜਿਸ ਨੂੰ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ।
ਪੁਲੀਸ ਨੇ ਦੱਸਿਆ ਕਿ ਸ਼ੱਕੀ ਵਿਅਕਤੀ ਪੁਲੀਸ ਦੇ ਪਹੁੰਚਣ ਤੋਂ ਪਹਿਲਾਂ ਹੀ ਇਲਾਕੇ ਵਿੱਚੋਂ ਫਰਾਰ ਹੋ ਗਿਆ ਸੀ ਅਤੇ ਫਿਲਹਾਲ ਕੋਈ ਹੁਲੀਆ ਜਾਰੀ ਨਹੀਂ ਕੀਤਾ ਗਿਆ ਹੈ। ਟੋਰਾਂਟੋ ਵਿੱਚ ਭਾਰਤੀ ਕੌਂਸੁਲੇਟ ਨੇ ਐਕਸ (X) ‘ਤੇ ਪੋਸਟ ਕਰਕੇ ਨੌਜਵਾਨ ਵਿਦਿਆਰਥੀ ਦੀ “ਦੁਖਦਾਈ ਮੌਤ” ‘ਤੇ “ਡੂੰਘੇ ਦੁੱਖ” ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਹਾ ਹੈ ਕਿ ਕੌਂਸੁਲੇਟ ਦੁਖੀ ਪਰਿਵਾਰ ਦੇ ਸੰਪਰਕ ਵਿੱਚ ਹੈ ਅਤੇ ਸਥਾਨਕ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਵੀ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਸੁਰੱਖਿਆ ਦੇ ਮੱਦੇਨਜ਼ਰ ਅਲਰਟ ਜਾਰੀ ਕੀਤਾ ਹੈ।
