ਚੰਡੀਗਡ਼੍ਹ- ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਧਿਰਾਂ ਨੇ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸ ਦੌਰਾਨ ਭਾਜਪਾ ਵੱਲੋਂ ਪੰਜਾਬ ਵਿੱਚ ਆਪਣੇ ਪੈਰ ਜਮਾਉਣ ਲਈ ਵੱਖਰੀ ਰਣਨੀਤੀ ’ਤੇ ਕੰਮ ਕੀਤਾ ਜਾ ਰਿਹਾ ਹੈ। ਭਾਜਪਾ ਹਰਿਆਣਾ ਸਰਕਾਰ ਦੇ ਸਹਾਰੇ ਪੰਜਾਬੀਆਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸੇ ਲਈ ਹਰਿਆਣਾ ਸਰਕਾਰ ਵੱਲੋਂ ਪਿਛਲੇ ਕੁਝ ਸਮੇਂ ਵਿੱਚ ਪੰਜਾਬੀਆਂ ਲਈ ਕਈ ਫ਼ੈਸਲੇ ਕੀਤੇ ਗਏ ਹਨ, ਜਿਸ ਦਾ ਪੰਜਾਬ ਦੀ ਸਿਆਸਤ ’ਤੇ ਅਸਰ ਪੈ ਸਕਦਾ ਹੈ। ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀਆਂ ਪੰਜਾਬ ਵਿੱਚ ਫੇਰੀਆਂ ਵੱਧ ਗਈਆਂ ਹਨ। ਅੱਜ ਵੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚਾਰ ਸਾਹਿਬਜ਼ਾਦਿਆਂ ਨੂੰ ਸਿਜਦਾ ਕਰਨ ਲਈ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿੱਚ ਮੱਥਾ ਟੇਕਿਆ।
ਜ਼ਿਕਰਯੋਗ ਹੈ ਕਿ ਹਰਿਆਣਾ ਸਰਕਾਰ ਨੇ ਪਿਛਲੇ ਦਿਨੀਂ ਦਿੱਲੀ ਸਿੱਖ ਕਤਲੇਆਮ ਦੇ 121 ਪੀੜਤ ਪਰਿਵਾਰਾਂ ਦੇ ਜੀਆਂ ਨੂੰ ਨੌਕਰੀ ਦੇਣ ਦੇ ਫ਼ੈਸਲਾ ਕੀਤਾ ਸੀ। ਇਸ ਦੇ ਨਾਲ ਹੀ ਹਰਿਆਣਾ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਕੁਰੂਕਸ਼ੇਤਰ ਵਿੱਚ ਧਾਰਮਿਕ ਸਮਾਗਮ ਕੀਤਾ ਗਿਆ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ। ਇਸ ਤੋਂ ਬਾਅਦ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਵਿੱਚ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਨੂੰ ਮਨਾਉਣ ਸਬੰਧੀ ਧੰਨਵਾਦ ਮਤਾ ਪੇਸ਼ ਕਰਦਿਆਂ ਚਰਚਾ ਕਰਵਾਈ ਗਈ।
