ਨਵੀਂ ਦਿੱਲੀ- ਦਿੱਲੀ ਵਿੱਚ ਨਵੇਂ ਸਾਲ ਦੇ ਜਸ਼ਨਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਦੱਖਣੀ-ਪੂਰਬੀ ਦਿੱਲੀ ਪੁਲੀਸ ਨੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਰਾਤ ਭਰ ਇੱਕ ਵਿਆਪਕ ਤਲਾਸ਼ੀ ਮੁਹਿੰਮ ਚਲਾਈ। ‘ਆਪ੍ਰੇਸ਼ਨ ਆਘਾਤ 3.0’ (Operation Aaghat 3.0) ਨਾਮ ਦੀ ਇਸ ਵਿਸ਼ੇਸ਼ ਮੁਹਿੰਮ ਤਹਿਤ ਖੇਤਰ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਛਾਪੇਮਾਰੀ ਅਤੇ ਨਾਕਾਬੰਦੀ ਕੀਤੀ ਗਈ। ਪੁਲੀਸ ਅਧਿਕਾਰੀਆਂ ਅਨੁਸਾਰ ਇਸ ਕਾਰਵਾਈ ਦੌਰਾਨ ਆਰਮਜ਼ ਐਕਟ, ਐਕਸਾਈਜ਼ ਐਕਟ, ਐੱਨਡੀਪੀਐੱਸ ਐਕਟ ਅਤੇ ਜੂਆ ਐਕਟ ਦੇ ਤਹਿਤ ਕੁੱਲ 285 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨਵੇਂ ਸਾਲ ਦੀਆਂ ਪਾਰਟੀਆਂ ਦੌਰਾਨ ਸੰਭਾਵੀ ਅਪਰਾਧਾਂ ਨੂੰ ਰੋਕਣ ਲਈ 504 ਵਿਅਕਤੀਆਂ ਨੂੰ ਇਹਤਿਆਤ ਵਜੋਂ ਹਿਰਾਸਤ ਵਿੱਚ ਲਿਆ ਗਿਆ ਹੈ।
ਪੁਲੀਸ ਨੇ ਇਸ ਮੁਹਿੰਮ ਦੌਰਾਨ 116 ਨਾਮੀ ਅਪਰਾਧੀਆਂ (Bad Characters) ਨੂੰ ਕਾਬੂ ਕੀਤਾ ਅਤੇ 10 ਸੰਪਤੀ ਨਾਲ ਸਬੰਧਤ ਅਪਰਾਧੀਆਂ ਤੇ 5 ਵਾਹਨ ਚੋਰਾਂ ਨੂੰ ਗ੍ਰਿਫ਼ਤਾਰ ਕੀਤਾ। ਬਰਾਮਦਗੀ ਦੇ ਮਾਮਲੇ ਵਿੱਚ ਪੁਲੀਸ ਨੇ 21 ਦੇਸੀ ਪਿਸਤੌਲ, 20 ਜ਼ਿੰਦਾ ਕਾਰਤੂਸ ਅਤੇ 27 ਚਾਕੂ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਭਾਰੀ ਮਾਤਰਾ ਵਿੱਚ ਨਜਾਇਜ਼ ਸ਼ਰਾਬ ਅਤੇ ਨਸ਼ੀਲੇ ਪਦਾਰਥ ਵੀ ਜ਼ਬਤ ਕੀਤੇ ਗਏ ਹਨ, ਜੋ ਜਸ਼ਨਾਂ ਤੋਂ ਪਹਿਲਾਂ ਸਪਲਾਈ ਕੀਤੇ ਜਾਣੇ ਸਨ। ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੁਲਿਸ ਨੇ 310 ਚੋਰੀ ਹੋਏ ਜਾਂ ਗੁੰਮ ਹੋਏ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ। ਵਾਹਨ ਚੋਰੀ ਵਿਰੁੱਧ ਕਾਰਵਾਈ ਕਰਦਿਆਂ 231 ਦੋਪਹੀਆ ਵਾਹਨ ਅਤੇ ਇੱਕ ਚਾਰ ਪਹੀਆ ਵਾਹਨ ਜ਼ਬਤ ਕੀਤਾ ਗਿਆ ਹੈ। ਕੁੱਲ ਮਿਲਾ ਕੇ 1,306 ਲੋਕਾਂ ਨੂੰ ਪੁਲੀਸ ਵੱਲੋਂ ਪੁੱਛਗਿੱਛ ਲਈ ਰੋਕਿਆ ਗਿਆ। ਸੀਨੀਅਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤੀ ਗਈ ਹੈ ਕਿਉਂਕਿ ਨਵੇਂ ਸਾਲ ਦੇ ਮੌਕੇ ‘ਤੇ ਅਪਰਾਧਿਕ ਘਟਨਾਵਾਂ ਵਿੱਚ ਵਾਧਾ ਹੋਣ ਦਾ ਖ਼ਦਸ਼ਾ ਰਹਿੰਦਾ ਹੈ।
