ਚੰਡੀਗਡ਼੍ਹ- ਪੰਜਾਬ ਵਿੱਚ ਸਾਲ 2025 ਦੌਰਾਨ ਆਮ ਆਦਮੀ ਪਾਰਟੀ (ਆਪ) ਨੇ ਦੋ ਵਿਧਾਨ ਸਭਾ ਹਲਕਿਆਂ ਵਿੱਚ ਹੋਈ ਜ਼ਿਮਨੀ ਚੋਣ ਅਤੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਵਿੱਚ ਜਿੱਤ ਦਰਜ ਕੀਤੀ। ਇਸ ਦੇ ਨਾਲ ਹੀ ਪਾਰਟੀ ਨੇ ਹੁਣੇ ਤੋਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿੱਢ ਦਿੱਤੀ ਹੈ। ਦੂਜੇ ਪਾਸੇ ‘ਆਪ’ ਸਰਕਾਰ ਚੌਥੇ ਸਾਲ ਵੀ ਔਰਤਾਂ ਨੂੰ ਇਕ ਹਜ਼ਾਰ ਰੁਪਏ ਮਹੀਨਾ ਦੇਣ ਵਿੱਚ ਨਾਕਾਮ ਰਹੀ ਹੈ। ਇਸ ਤੋਂ ਇਲਾਵਾ ‘ਆਪ’ ਸੂਬੇ ’ਚ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਮੁੱਦੇ ’ਤੇ ਵਾਰ-ਵਾਰ ਵਿਰੋਧੀਆਂ ਦੇ ਨਿਸ਼ਾਨੇ ’ਤੇ ਰਹੀ ਹੈ।
ਇਸ ਵਰ੍ਹੇ ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਅਤੇ ਤਰਨ ਤਾਰਨ ਵਿੱਚ ਜ਼ਿਮਨੀ ਚੋਣਾਂ ਹੋਈਆਂ ਹਨ। ਇਨ੍ਹਾਂ ਚੋਣਾਂ ਦੌਰਾਨ ‘ਆਪ’ ਦੇ ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਤੋਂ 10,631 ਅਤੇ ਹਰਮੀਤ ਸਿੰਘ ਸੰਧੂ ਨੇ ਤਰਨ ਤਾਰਨ ਤੋਂ 12,091 ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਦਸੰਬਰ ਮਹੀਨੇ ਵਿੱਚ ਸੂਬੇ ਦੀਆਂ 347 ਜ਼ਿਲ੍ਹਾ ਪਰਿਸ਼ਦ ਜ਼ੋਨਾਂ ਅਤੇ 2838 ਬਲਾਕ ਸਮਿਤੀ ਦੇ ਜ਼ੋਨਾਂ ਵਿੱਚ ‘ਆਪ’ ਨੇ ਭਾਰੀ ਬਹੁਮਤ ਨਾਲ ਜਿੱਤ ਦਰਜ ਕੀਤੀ ਹੈ। ਇਨ੍ਹਾਂ ਚੋਣਾਂ ਦੌਰਾਨ ‘ਆਪ’ ਨੇ ਜ਼ਿਲ੍ਹਾ ਪਰਿਸ਼ਦ ਵਿੱਚ 218 ਅਤੇ ਬਲਾਕ ਸਮਿਤੀ ਵਿੱਚ 1529 ਜ਼ੋਨਾਂ ਵਿੱਚ ਜਿੱਤ ਹਾਸਲ ਕੀਤੀ ਹੈ।
‘ਆਪ’ ਨੇ ਪੰਜਾਬ ਭਰ ਵਿੱਚ ਸਿਹਤ, ਸਿੱਖਿਆ, ਰੁਜ਼ਗਾਰ, ਬਿਜਲੀ, ਖੇਤੀਬਾੜੀ ਸਣੇ ਹਰ ਖੇਤਰ ਵਿੱਚ ਮਿਸਾਲੀ ਕੰਮ ਕਰਨ ਦੇ ਦਾਅਵੇ ਕੀਤੇ ਹਨ ਪਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਚੌਥੇ ਸਾਲ ਵੀ ਪੂਰਾ ਨਹੀਂ ਹੋ ਸਕਿਆ। ਇਸ ਕਰ ਕੇ ਔਰਤਾਂ ਵਿੱਚ ਨਾਰਾਜ਼ਗੀ ਪਾਈ ਜਾ ਰਹੀ ਹੈ। ਸੂਤਰਾਂ ਅਨੁਸਾਰ ‘ਆਪ’ ਵਿੱਤ ਵਰ੍ਹੇ 2026-27 ਦੇ ਬਜਟ ਵਿੱਚ ਔਰਤਾਂ ਨੂੰ ਇਕ ਹਜ਼ਾਰ ਰੁਪਏ ਦੇਣ ਦਾ ਐਲਾਨ ਕਰ ਸਕਦੀ ਹੈ। ਇਸ ਲਈ ਸੂਬਾ ਸਰਕਾਰ ਵੱਲੋਂ ਅੰਦਰਖਾਤੇ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਹਾਲਾਂਕਿ ਦੇਖਣਾ ਹੋਵੇਗਾ ਕਿ ਇਸ ਵਿੱਚ ਸੂਬਾ ਸਰਕਾਰ ਕਿੰਨੀ ਕੁ ਕਾਮਯਾਬ ਹੁੰਦੀ ਹੈ। ਪੰਜਾਬ ਵਿੱਚ ਇਕ ਕਰੋੜ ਤੋਂ ਵੱਧ ਮਹਿਲਾ ਵੋਟਰ ਹਨ, ਜੇ ਸੂਬਾ ਸਰਕਾਰ ਐਲਾਨ ਮੁਤਾਬਕ 1000 ਰੁਪਏ ਦਿੰਦੀ ਹੈ ਤਾਂ ਸਰਕਾਰੀ ਖਜ਼ਾਨੇ ’ਤੇ ਇੱਕ ਹਜ਼ਾਰ ਕਰੋੜ ਰੁਪਏ ਮਹੀਨੇ ਦਾ ਵਿੱਤੀ ਬੋਝ ਪਵੇਗਾ। ‘ਆਪ’ ਵੱਲੋਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ ਲਈ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਲੁਭਾਉਣ ਵਾਲੇ ਫ਼ੈਸਲੇ ਲਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਦੇ ਨੌਜਵਾਨਾਂ ਲਈ ਪਿਛਲੇ ਦਿਨੀਂ 3000 ਖੇਡ ਮੈਦਾਨ ਜਲਦੀ ਤਿਆਰ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਇਲਾਵਾ ਸੂਬੇ ਵਿੱਚ ਨੌਜਵਾਨਾਂ ਨੂੰ 17,000 ਖੇਡ ਕਿੱਟਾਂ ਵੰਡਣ ਦਾ ਐਲਾਨ ਵੀ ਕੀਤਾ ਸੀ।
‘ਆਪ’ ਨੇ ਮੌਜੂਦਾ ਵਰ੍ਹੇ ਦੌਰਾਨ ਦੋ ਵਿਧਾਇਕਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ। ‘ਆਪ’ ਨੇ 29 ਜੂਨ 2025 ਨੂੰ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਪਾਰਟੀ ਵਿੱਚੋਂ ਕੱਢ ਦਿੱਤਾ ਸੀ। ਇਸ ਤੋਂ ਬਾਅਦ ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਿਰੁੱਧ ਕੇਸ ਦਰਜ ਹੋਣ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਸੀ।
