ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਸੋਧੇ ਹੋਏ ਅਨੁਮਾਨਾਂ ਵਿੱਚ 25 ਕਰੋੜ ਰੁਪਏ ਦੇ ਵਾਧੂ ਫੰਡਾਂ ਦਾ ਐਲਾਨ ਕਰਕੇ ਵੱਡਾ ਤੋਹਫ਼ਾ ਦਿੱਤਾ ਹੈ।ਮੇਅਰ ਹਰਪ੍ਰੀਤ ਕੌਰ ਬਬਲਾ ਅਤੇ ਕਮਿਸ਼ਨਰ ਅਮਿਤ ਕੁਮਾਰ ਦੀ ਮੌਜੂਦਗੀ ਵਿੱਚ ਕਟਾਰੀਆ ਨੇ ਭਰੋਸਾ ਦਿੱਤਾ ਕਿ ਉਹ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਨਾਲ ਨਿਗਮ ਦੇ ਨਾਲ ਹਨ।
ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਵੈਂਡਰਾਂ ਦੀਆਂ ਮੁਸ਼ਕਲਾਂ ਨੂੰ ਸੁਲਝਾਉਣ ਅਤੇ ਮਾਫੀਆ ਗਰੁੱਪਾਂ ਵੱਲੋਂ ਕੀਤੀ ਜਾਂਦੀ ਲੁੱਟ ਨੂੰ ਖ਼ਤਮ ਕਰਨ ’ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਮੇਅਰ ਦੇ ਕਾਰਜਕਾਲ ਨੂੰ ਵਧਾਉਣ ਦੀ ਹਿਮਾਇਤ ਕਰਦਿਆਂ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਨਾਲ ਵੀ ਮੁਲਾਕਾਤ ਕਰਨਗੇ। ਨਿਗਮ ਵੱਲੋਂ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਪਾਰਕਿੰਗ ਦੇ ਨਵੇਂ ਨਿਯਮਾਂ ਅਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਦੀ ਯੋਜਨਾ ਵੀ ਪੇਸ਼ ਕੀਤੀ ਗਈ, ਜਿਸ ਤਹਿਤ ਚਾਰ ਪਹੀਆ ਵਾਹਨਾਂ ਲਈ 500 ਰੁਪਏ ਅਤੇ ਦੋ ਪਹੀਆ ਵਾਹਨਾਂ ਲਈ 250 ਰੁਪਏ ਮਹੀਨਾਵਾਰ ਪਾਸ ਦੀ ਸਹੂਲਤ ਦਿੱਤੀ ਜਾਵੇਗੀ।
ਮੀਟਿੰਗ ਦੌਰਾਨ ਪਾਣੀ ਦੀਆਂ ਪੁਰਾਣੀਆਂ ਪਾਈਪਾਂ ਨੂੰ ਬਦਲਣ ਅਤੇ 6 ਕਮਿਊਨਿਟੀ ਸੈਂਟਰਾਂ ਦੇ ਨਵੀਨੀਕਰਨ ‘ਤੇ ਵੀ ਸਹਿਮਤੀ ਬਣੀ। ਦੂਜੇ ਪਾਸੇ, ਸਿਆਸੀ ਮਾਹੌਲ ਵੀ ਗਰਮ ਰਿਹਾ; ਜਿੱਥੇ ਕਾਂਗਰਸੀ ਕੌਂਸਲਰ ਸਚਿਨ ਗਾਲਵ ਨੇ ਦਲ-ਬਦਲੀ ਵਿਰੋਧੀ ਕਾਨੂੰਨ ਲਾਗੂ ਕਰਨ ਦੀ ਮੰਗ ਕੀਤੀ, ਉੱਥੇ ਹੀ ‘ਆਪ’ ਕੌਂਸਲਰ ਯੋਗੇਸ਼ ਢੀਂਗਰਾ ਨੇ 24 ਘੰਟੇ ਪਾਣੀ ਦੀ ਸਪਲਾਈ ਦੇ ਪ੍ਰੋਜੈਕਟ ਨੂੰ ਰੱਦ ਕਰਨ ਦੀ ਮੰਗ ਉਠਾਈ। ਨਿਗਮ ਪ੍ਰਸ਼ਾਸਨ ਦਾ ਦਾਅਵਾ ਹੈ ਕਿ ਵਧ ਰਹੀ ਮਾਲੀਆ ਉਗਰਾਹੀ ਨਾਲ ਚੰਡੀਗੜ੍ਹ ਨੂੰ ਦੇਸ਼ ਦਾ ਨੰਬਰ ਇੱਕ ਸ਼ਹਿਰ ਬਣਾਉਣ ਦਾ ਟੀਚਾ ਜਲਦ ਪੂਰਾ ਹੋਵੇਗਾ।
