ਚੰਡੀਗੜ੍ਹ- ਨਵੇਂ ਸਾਲ 2026 ਦੇ ਸਵਾਗਤ ਅਤੇ 31 ਦਸੰਬਰ ਦੀ ਰਾਤ ਨੂੰ ਲੈ ਕੇ ਪੰਜਾਬ ਪੁਲੀਸ ਨੇ ਸੂਬੇ ਦੇ ਲੋਕਾਂ ਲਈ ਇੱਕ ਬਹੁਤ ਹੀ ਦਿਲਚਸਪ ਅਤੇ ਨਵੇਕਲਾ ਸੱਦਾ ਪੱਤਰ ਜਾਰੀ ਕੀਤਾ ਹੈ। ਪੰਜਾਬ ਪੁਲੀਸ ਵੱਲੋਂ ਸੋਸ਼ਲ ਮੀਡੀਆ ‘ਤੇ ਇੱਕ ਖਾਸ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਪੁਲੀਸ ਨੇ ਹਲਕੇ-ਫੁਲਕੇ ਅੰਦਾਜ਼ ਵਿੱਚ ਸ਼ਰਾਰਤੀ ਅਨਸਰਾਂ ਅਤੇ ਕਾਨੂੰਨ ਤੋੜਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਪੰਜਾਬ ਪੁਲੀਸ ਵੱਲੋਂ ਜਾਰੀ ਇਸ ਵਿਸ਼ੇਸ਼ ਪੋਸਟਰ ਵਿੱਚ ਲਿਖਿਆ ਗਿਆ ਹੈ ਕਿ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੁਲੀਸ ਵੱਲੋਂ ਸੁਰੱਖਿਆ ਦੇ ਖਾਸ ਪ੍ਰਬੰਧ ਕੀਤੇ ਗਏ ਹਨ। ਇਸ ਨਵੇਕਲੇ ਸੱਦਾ ਪੱਤਰ ਵਿੱਚ ਪੰਜਾਬ ਪੁਲੀਸ ਨੇ ‘ਵਿਸ਼ੇਸ਼ ਆਫਰਾਂ’ ਦਾ ਜ਼ਿਕਰ ਕਰਦਿਆਂ ਲਿਖਿਆ ਹੈ ਕਿ ਜੇ ਕੋਈ ਵਿਅਕਤੀ ਨਵੇਂ ਸਾਲ ਦੀ ਰਾਤ ਸ਼ਰਾਬ ਪੀ ਕੇ ਗੱਡੀ ਚਲਾਉਂਦਾ, ਜਨਤਕ ਥਾਵਾਂ ‘ਤੇ ਹੰਗਾਮਾ ਕਰਦਾ, ਸੜਕਾਂ ‘ਤੇ ਲੜਾਈ-ਝਗੜਾ ਕਰਦਾ ਜਾਂ ਕਾਨੂੰਨ ਵਿਵਸਥਾ ਨੂੰ ਭੰਗ ਕਰਦਾ ਪਾਇਆ ਗਿਆ, ਤਾਂ ਉਸ ਲਈ ਉਨ੍ਹਾਂ ਕੋਲ ਕੁਝ ਖਾਸ ਤੋਹਫ਼ੇ ਹਨ।
ਪੱਤਰ ਵਿੱਚ ਵਿਅੰਗਮਈ ਲਹਿਜ਼ੇ ਵਿੱਚ ਦੱਸਿਆ ਗਿਆ ਹੈ ਕਿ ਅਜਿਹੇ ਲੋਕਾਂ ਨੂੰ ‘ਸਿਟੀ ਪੁਲੀਸ ਸਟੇਸ਼ਨ ਵਿੱਚ ਮੁਫ਼ਤ ਐਂਟਰੀ’ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਾਨੂੰਨ ਤੋੜਨ ਵਾਲਿਆਂ ਨੂੰ ਪੁਲੀਸ ਵੱਲੋਂ ‘ਸਪੈਸ਼ਲ ਟ੍ਰੀਟਮੈਂਟ’ (ਖਾਸ ਇਲਾਜ) ਮਿਲੇਗਾ ਅਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਪੰਜਾਬ ਪੁਲੀਸ ਨੇ ਆਮ ਨਾਗਰਿਕਾਂ ਦੀ ਸੁਰੱਖਿਆ ਦਾ ਭਰੋਸਾ ਦਿੰਦੇ ਹੋਏ ਇਹ ਵੀ ਅਪੀਲ ਕੀਤੀ ਹੈ ਕਿ ਜੇਕਰ ਕੋਈ ਵੀ ਵਿਅਕਤੀ ਤੁਹਾਡੀ ਨਵੇਂ ਸਾਲ ਦੀ ਰਾਤ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਤੁਰੰਤ 112 ਨੰਬਰ ਡਾਇਲ ਕਰਕੇ ਪੁਲੀਸ ਨੂੰ ਸੂਚਿਤ ਕੀਤਾ ਜਾ ਸਕਦਾ ਹੈ। ਪੁਲਿਸ ਦਾ ਇਹ ਅੰਦਾਜ਼ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਜਿੱਥੇ ਇੱਕ ਪਾਸੇ ਇਹ ਜਸ਼ਨ ਮਨਾਉਣ ਵਾਲਿਆਂ ਨੂੰ ਜ਼ਿੰਮੇਵਾਰੀ ਦਾ ਅਹਿਸਾਸ ਕਰਵਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਸਪੱਸ਼ਟ ਸੰਦੇਸ਼ ਦੇ ਰਿਹਾ ਹੈ ਕਿ ਪੁਲੀਸ ਪੂਰੀ ਤਰ੍ਹਾਂ ਮੁਸਤੈਦ ਹੈ।
