ਚੰਡੀਗੜ੍ਹ- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੂੰ ਪੰਜਾਬ ਪੁਲੀਸ ਦੇ ਸਪੈਸ਼ਲ ਸਿਕਿਉਰਟੀ ਬਰਾਂਚ ਵੱਲੋਂ ਨਿਜ਼ਾਮੂਦੀਨ ਰੇਲਵੇ ਸਟੇਸ਼ਨ, ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਪੁਲੀਸ ਦਾ ਕਾਰਵਾਈ ਦੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਮੇਤ ਵੱਖ-ਵੱਖ ਜਥੇਬੰਦੀਆਂ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਮਗਨਰੇਗਾ ਦੇ ਮਸਲੇ ਨੂੰ ਲੈ ਕੇ ਵਿਸ਼ੇਸ਼ ਇਜਲਾਸ ਕਰਕੇ ਮਜ਼ਦੂਰਾਂ ਦੇ ਪੱਖੀ ਹੋਣ ਦਾ ਡਰਾਮਾ ਕਰ ਰਹੀ ਹੈ ਅਤੇ ਮਗਰਮੱਛੀ ਹੰਝੂ ਵਹਾ ਰਹੀ ਹੈ ਅਤੇ ਦੂਜੇ ਪਾਸੇ ਮਜ਼ਦੂਰ ਆਗੂਆਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿੱਚ ਸੁੱਟ ਰਹੀ ਹੈ।
ਇਸ ਤੋਂ ਪੰਜਾਬ ਸਰਕਾਰ ਦਾ ਦਲਿਤ ਅਤੇ ਮਜ਼ਦੂਰ ਵਿਰੋਧੀ ਚਿਹਰਾ ਨੰਗਾ ਹੋ ਰਿਹਾ ਹੈ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਬਿੱਕਰ ਸਿੰਘ ਅਥੋਆ ਅਤੇ ਧਰਮਵੀਰ ਹਰੀਗੜ੍ਹ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੁਕੇਸ਼ ਮਲੌਦ ਨੂੰ ਤੁਰੰਤ ਰਿਹਾਅ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਜਥੇਬੰਦੀ ਜੋਰਦਾਰ ਸੰਘਰਸ਼ ਕਰੇਗੀ, ਜਿਸ ਦੇ ਸਿੱਟੇ ਆਮ ਆਦਮੀ ਪਾਰਟੀ ਨੂੰ ਭੁਗਤਣੇ ਪੈਣਗੇ।
