ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਏ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਇਸ ਮਾਮਲੇ ਵਿੱਚ 16 ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਪਹਿਲਾਂ ਹੀ ਸਖ਼ਤ ਕਾਰਵਾਈ ਕੀਤੀ ਜਾ ਚੁੱਕੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮਾਮਲਾ ਸਰੂਪਾਂ ਦੇ ਲਾਪਤਾ ਹੋਣ ਦਾ ਨਹੀਂ ਬਲਕਿ ਪ੍ਰਬੰਧਕੀ ‘ਹੇਰਾਫੇਰੀ’ ਦਾ ਸੀ। ਉਨ੍ਹਾਂ ਅਦਾਲਤੀ ਦਸਤਾਵੇਜ਼ਾਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਖ਼ੁਦ ਸਰਕਾਰ ਪਹਿਲਾਂ ਅਦਾਲਤ ਵਿੱਚ ਇਹ ਮੰਨ ਚੁੱਕੀ ਹੈ ਕਿ ਸ਼੍ਰੋਮਣੀ ਕਮੇਟੀ ਆਪਣੇ ਫ਼ੈਸਲੇ ਲੈਣ ਦੇ ਪੂਰੀ ਤਰ੍ਹਾਂ ਸਮਰੱਥ ਹੈ, ਪਰ ਹੁਣ ਅਚਾਨਕ ਪੁਲੀਸ ਕੇਸ ਦਰਜ ਕਰਨਾ ਸਰਕਾਰ ਦੀ ਗਲਤ ਮਨਸ਼ਾ ਨੂੰ ਜ਼ਾਹਿਰ ਕਰਦਾ ਹੈ। ਧਾਮੀ ਨੇ ਸਰਕਾਰ ’ਤੇ ਲੋਕਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸੇ ਵੀ ਦੋਸ਼ੀ ਕਰਮਚਾਰੀ ਨੂੰ ਬਚਾ ਨਹੀਂ ਰਹੀ, ਕਿਉਂਕਿ ਬਰਖ਼ਾਸਤ ਕੀਤੇ ਗਏ ਵਿਅਕਤੀਆਂ ਨਾਲ ਹੁਣ ਸੰਸਥਾ ਦਾ ਕੋਈ ਲੈਣ-ਦੇਣ ਨਹੀਂ ਹੈ।
