ਚੰਡੀਗੜ੍ਹ- ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੂੰ ਦੇਖਦਿਆਂ ਸੂਬੇ ਦੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੱਚਿਆਂ ਅਤੇ ਸਕੂਲ ਸਟਾਫ਼ ਦੀ ਸਿਹਤ ਤੇ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਰਾਜ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਹੁਣ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਵਾਂਗ ਮੁੜ ਖੁੱਲ੍ਹਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਸਾਂਝੀ ਕੀਤੀ। ਉਨ੍ਹਾਂ ਲਿਖਿਆ ਕਿ ਰਾਜ ਵਿੱਚ ਲਗਾਤਾਰ ਵੱਧ ਰਹੀ ਠੰਢ ਅਤੇ ਧੁੰਦ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ, ਤਾਂ ਜੋ ਛੋਟੇ ਬੱਚਿਆਂ ਅਤੇ ਅਧਿਆਪਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਿਹਤ ਸਬੰਧੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ, ਜਿਸ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਗਈ ਹੈ। ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ ਵੀ ਠੰਢ ਅਤੇ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਕਾਰਨ ਸਵੇਰ ਵੇਲੇ ਸਕੂਲ ਜਾਣ ਵਾਲੇ ਬੱਚਿਆਂ ਲਈ ਕਾਫੀ ਜੋਖਮ ਬਣਿਆ ਹੋਇਆ ਸੀ।
ਸਰਕਾਰ ਦੇ ਇਸ ਫੈਸਲੇ ਨਾਲ ਮਾਪਿਆਂ ਅਤੇ ਅਧਿਆਪਕਾਂ ਨੇ ਸੁੱਖ ਦਾ ਸਾਹ ਲਿਆ ਹੈ। ਖਾਸ ਤੌਰ ‘ਤੇ ਪੇਂਡੂ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਰਹਿਣ ਵਾਲੇ ਬੱਚਿਆਂ ਲਈ ਇਹ ਫੈਸਲਾ ਅਹਿਮ ਮੰਨਿਆ ਜਾ ਰਿਹਾ ਹੈ। ਅਧਿਆਪਕਾਂ ਅਤੇ ਵੱਖ-ਵੱਖ ਯੂਨੀਅਨਾਂ ਵੱਲੋਂ ਵੀ ਪਹਿਲਾਂ ਛੁੱਟੀਆਂ ਵਧਾਉਣ ਦੀ ਮੰਗ ਕੀਤੀ ਜਾ ਰਹੀ ਸੀ। ਰਾਜ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਹਾਲਾਤ ਆਮ ਹੋਣ ‘ਤੇ 8 ਜਨਵਰੀ ਤੋਂ ਸਾਰੇ ਸਕੂਲ ਨਿਯਮਤ ਸਮੇਂ ਅਤੇ ਵਿਵਸਥਾ ਅਨੁਸਾਰ ਚਲਾਏ ਜਾਣਗੇ।
