ਮੋਗਾ- ਮੋਗਾ ਦੇ ਬਾਘਾਪੁਰਾਣਾ ਇਲਾਕੇ ਵਿੱਚ ਇੱਕ ਕਾਰੋਬਾਰੀ ਨਾਲ 8.5 ਲੱਖ ਰੁਪਏ ਦੀ ਵੱਡੀ ਸਾਈਬਰ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਰੋਹਿਤ ਮਿੱਤਲ ਨੇ ਦੱਸਿਆ ਕਿ 29 ਦਸੰਬਰ 2025 ਨੂੰ ਉਸ ਦੇ ਬੈਂਕ ਖਾਤੇ ਵਿੱਚੋਂ ਦੋ ਵੱਖ-ਵੱਖ ਨੈੱਟ ਬੈਂਕਿੰਗ ਟ੍ਰਾਂਜੈਕਸ਼ਨਾਂ ਰਾਹੀਂ ਬਿਨਾਂ ਕਿਸੇ ਇਜਾਜ਼ਤ ਦੇ ਪੈਸੇ ਕੱਢ ਲਏ ਗਏ।
ਹੈਰਾਨੀ ਦੀ ਗੱਲ ਇਹ ਹੈ ਕਿ ਵਾਰਦਾਤ ਤੋਂ ਕੁਝ ਦਿਨ ਪਹਿਲਾਂ ਰੋਹਿਤ ਨੂੰ ਵਾਰ-ਵਾਰ ਸ਼ੱਕੀ OTP (ਵਨ-ਟਾਈਮ ਪਾਸਵਰਡ) ਆ ਰਹੇ ਸਨ, ਜਿਸ ਬਾਰੇ ਉਸ ਨੇ ਬੈਂਕ ਨੂੰ ਵੀ ਸੁਚੇਤ ਕੀਤਾ ਸੀ, ਪਰ ਇਸ ਦੇ ਬਾਵਜੂਦ ਉਹ ਠੱਗੀ ਦਾ ਸ਼ਿਕਾਰ ਹੋ ਗਿਆ। ਸਾਈਬਰ ਹੈਲਪਲਾਈਨ ’ਤੇ ਸ਼ਿਕਾਇਤ ਮਿਲਣ ਤੋਂ ਬਾਅਦ ਮੋਗਾ ਸਾਈਬਰ ਸੈੱਲ ਨੇ ਜਦੋਂ ਬੈਂਕ ਖਾਤਿਆਂ ਦੀ ਜਾਂਚ ਕੀਤੀ, ਤਾਂ ਪਤਾ ਲੱਗਾ ਕਿ ਇਹ ਰਕਮ ਗੁਜਰਾਤ ਦੇ ਨਵਸਾਰੀ ਜ਼ਿਲ੍ਹੇ ਦੇ ਵਸਨੀਕ ਆਫਤਾਬ ਐਨ. ਸ਼ੇਖ ਦੇ ਖਾਤੇ ਵਿੱਚ ਟ੍ਰਾਂਸਫਰ ਕੀਤੀ ਗਈ ਸੀ।
ਮੋਗਾ ਪੁਲੀਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਸ਼ੇਖ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 318(4) ਅਤੇ ਆਈ.ਟੀ. ਐਕਟ ਦੀ ਧਾਰਾ 66D ਤਹਿਤ ਐਫ.ਆਈ.ਆਰ. ਦਰਜ ਕਰ ਲਈ ਹੈ। ਪੁਲੀਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਇਸ ਧੋਖਾਧੜੀ ਪਿੱਛੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।
