ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਤੋਂ ਕੀਤੇ ਗਏ ਫੈਸਲੇ ਨੂੰ ਸਾਜਿਸ਼ ਆਖੇ ਜਾਣ ’ਤੇ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਉਹ(ਬਾਦਲ) ਇਹ ਗੱਲ ਸ੍ਰੀ ਅਕਾਲ ਤਖ਼ਤ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਅਤੇ ਪੰਜ ਪਿਆਰਿਆਂ ਦੀ ਹਾਜ਼ਰੀ ਵਿੱਚ ਆ ਕੇ ਕਹਿਣ ਅਤੇ ਸੰਗਤ ਦੇ ਸਾਹਮਣੇ ਸਾਬਤ ਕਰ ਦੇਣ ਤਾਂ ਉਹ ਹਰ ਤਰ੍ਹਾਂ ਦੀ ਸਜ਼ਾ ਵਾਸਤੇ ਤਿਆਰ ਹਨ।
ਗਿਆਨੀ ਰਘਬੀਰ ਸਿੰਘ ਨੇ ਇਹ ਪ੍ਰਤੀਕਰਮ ਇੱਕ ਵੀਡੀਓ ਸੁਨੇਹੇ ਰਾਹੀ ਜਾਰੀ ਕੀਤਾ। ਹਾਲ ਹੀ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਨੂੰ ਇੱਕ ਸਾਜ਼ਿਸ਼ ਤਹਿਤ ਸ੍ਰੀ ਅਕਾਲ ਤਖ਼ਤ ਤੋਂ ਤਨਖਾਹ ਲਾਈ ਗਈ ਸੀ। ਇਸ ਸਬੰਧੀ ਲਾਏ ਗਏ ਦੋਸ਼ਾਂ ’ਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਜਥੇਦਾਰ ਨੇ ਆਖਿਆ ਕਿ ਦੋ ਦਸੰਬਰ 2024 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਅਤੇ ਸੰਗਤ ਦੀ ਹਾਜ਼ਰੀ ਵਿੱਚ ਪੰਜ ਸਿੰਘ ਸਾਹਿਬਾਨ ਵੱਲੋਂ ਲਾਈ ਗਈ ਤਨਖਾਹ ਨੂੰ ਸਾਜਿਸ਼ ਕਰਾਰ ਦੇਣਾ ਸ੍ਰੀ ਅਕਾਲ ਤਖ਼ਤ ਦੀਆ ਪਰੰਪਰਾਵਾਂ ਅਤੇ ਮਰਿਆਦਾ ਦੀ ਘੋਰ ਉਲੰਘਣਾ ਹੈ।
ਉਨ੍ਹਾਂ ਆਖਿਆ ਕਿ ਦੋ ਦਸੰਬਰ 2024 ਨੂੰ ਸੰਗਤ ਦੀ ਹਾਜ਼ਰੀ ਵਿੱਚ ਸੁਖਬੀਰ ਸਿੰਘ ਬਾਦਲ ਤੇ ਉਹਨਾਂ ਦੇ ਸਾਥੀਆਂ ਨੇ ਉਨ੍ਹਾਂ ਖ਼ਿਲਾਫ਼ ਸੰਗਤ ਵੱਲੋਂ ਲਾਏ ਜਾ ਰਹੇ ਦੋਸ਼ਾਂ ਨੂੰ ਕਬੂਲ ਕੀਤਾ ਸੀ। ਸੁਖਬੀਰ ਸਿੰਘ ਬਾਦਲ ਤੇ ਉਨਾਂ ਦੇ ਸਹਿਯੋਗੀਆਂ ਵੱਲੋਂ ਲੱਗੇ ਦੋਸ਼ ਕਬੂਲ ਕੀਤੇ ਜਾਣ ਤੋਂ ਬਾਅਦ ਹੀ ਉਸ ਦੇ ਆਧਾਰ ਤੇ ਪੰਜ ਸਿੰਘ ਸਾਹਿਬਾਨ ਵੱਲੋਂ ਤਨਖਾਹ ਲਾਈ ਗਈ ਸੀ। ਜਿਸ ਨੂੰ ਉਨ੍ਹਾਂ ਸਿਰ ਮੱਥੇ ਪ੍ਰਵਾਨ ਕਰਦਿਆਂ ਤਨਖਾਹ ਨੂੰ ਪੂਰਾ ਕੀਤਾ ਸੀ। ਪਰ ਹੁਣ ਸਮਾਂ ਲੰਘ ਜਾਣ ਤੋਂ ਬਾਅਦ ਇਸ ਨੂੰ ਸਾਜ਼ਿਸ਼ ਕਰਾਰ ਦੇਣਾ ਜਾਇਜ਼ ਨਹੀਂ ਹੈ।
ਉਨ੍ਹਾਂ ਸਪਸ਼ਟ ਕੀਤਾ ਕਿ ਉਸ ਦੇ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਤੋਂ ਕਿਸੇ ਵੀ ਤਰ੍ਹਾਂ ਦੀ ਨਿੱਜੀ ਰੰਜਿਸ਼ ਤਹਿਤ ਕੋਈ ਕਾਰਵਾਈ ਨਹੀਂ ਕੀਤੀ ਗਈ। ਗਿਆਨੀ ਰਘਬੀਰ ਸਿੰਘ ਨੇ ਇਸ ਸਬੰਧ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਕੋਈ ਵੀ ਦਿਨ ਤੈਅ ਕਰ ਲੈਣ ਅਤੇ ਆਪਣੇ ਪਰਿਵਾਰ ਸਮੇਤ ਸ੍ਰੀ ਅਕਾਲ ਤਖ਼ਤ ਵਿਖੇ ਹਾਜ਼ਰ ਹੋਣ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ਵਿੱਚ ਅਤੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਲਾਏ ਗਏ ਆਪਣੇ ਦੋਸ਼ਾਂ ਨੂੰ ਸੰਗਤ ਦੇ ਸਾਹਮਣੇ ਸਾਬਤ ਕਰਨ। ਜੇ ਉਹ ਲਾਏ ਦੋਸ਼ਾਂ ਨੂੰ ਸਾਬਤ ਕਰ ਦੇਣ ਤਾਂ ਉਹ ਪੰਥ ਵੱਲੋਂ ਪ੍ਰਵਾਨ ਕੀਤੀ ਕਿਸੇ ਵੀ ਸਜ਼ਾ ਨੂੰ ਖਿੜੇ ਮੱਥੇ ਕਬੂਲ ਕਰਨਗੇ।
ਦੱਸਣਯੋਗ ਹੈ ਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਤੋਂ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੇ ਸਾਥੀਆਂ ਨੂੰ ਤਨਖਾਹ ਲਾਉਣ ਵਾਲੇ ਸਾਰੇ ਪ੍ਰਮੁੱਖ ਜਥੇਦਾਰ ਇਸ ਵੇਲੇ ਆਪਣੇ ਉਨ੍ਹਾਂ ਅਹੁਦਿਆਂ ਤੇ ਨਹੀਂ ਰਹੇ ਹਨ। ਗਿਆਨੀ ਰਘਬੀਰ ਸਿੰਘ, ਗਿਆਨੀ ਹਰਪ੍ਰੀਤ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਜੋ 2 ਦਸੰਬਰ 2024 ਨੂੰ ਸੁਖਬੀਰ ਸਿੰਘ ਬਾਦਲ ਤੇ ਹੋਰਨਾ ਖ਼ਿਲਾਫ਼ ਤਨਖਾਹ ਲਾਉਣ ਵਾਲੇ ਪੰਜ ਸਿੰਘ ਸਾਹਿਬਾਨ ਵਿੱਚ ਸ਼ਾਮਿਲ ਸਨ, ਇਸ ਵੇਲੇ ਆਪਣੇ ਇਹਨਾ ਅਹੁਦਿਆਂ ਤੋ ਫਾਰਿਗ ਕੀਤੇ ਜਾ ਚੁੱਕੇ ਹਨ।
