June 23, 2026
ਖਾਸ ਖ਼ਬਰਪੰਜਾਬਰਾਸ਼ਟਰੀ

ਸਤਿਕਾਰ ਐਕਟ 2026 ‘ਤੇ ਭਖਿਆ ਵਿਵਾਦ: SGPC ਵੱਲੋਂ ਸਰਕਾਰ ਨੂੰ ਕਾਨੂੰਨ ਦੀ ਮੁੜ ਪੜਚੋਲ ਕਰਨ ਦੀ ਅਪੀਲ

ਸਤਿਕਾਰ ਐਕਟ 2026 'ਤੇ ਭਖਿਆ ਵਿਵਾਦ: SGPC ਵੱਲੋਂ ਸਰਕਾਰ ਨੂੰ ਕਾਨੂੰਨ ਦੀ ਮੁੜ ਪੜਚੋਲ ਕਰਨ ਦੀ ਅਪੀਲ

ਅੰਮ੍ਰਿਤਸਰ- ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026” ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਚਾਰਕਾਂ, ਗ੍ਰੰਥੀਆਂ, ਪ੍ਰਬੰਧਕ ਕਮੇਟੀਆਂ ਤੇ ਅਖੰਡ ਪਾਠੀ ਸਭਾਵਾਂ ਦੀ ਕੀਤੀ ਮੀਟਿੰਗ ਵਿੱਚ ਆਖਿਆ ਕਿ ਸਰਕਾਰ ਨੂੰ ਇਸ ਕਾਨੂੰਨ ਬਾਰੇ ਮੁੜ ਪੜਚੋਲ ਕਰਨੀ ਚਾਹੀਦੀ ਹੈ। ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਿੱਖ ਸੰਸਥਾਵਾਂ ਨਾਲ ਵਿਚਾਰ ਕਰਕੇ ਇਸ ਵਿੱਚ ਜ਼ਰੂਰੀ ਸੋਧਾਂ ਕਰੇ। ਸ਼੍ਰੋਮਣੀ ਕਮੇਟੀ ਕੈਂਪਸ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਪ੍ਰਚਾਰਕ, ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਗ੍ਰੰਥੀ ਸਿੰਘ, ਪ੍ਰਬੰਧਕ ਕਮੇਟੀਆਂ ਅਤੇ ਅਖੰਡਪਾਠੀ ਸਭਾਵਾਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026” ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੀ ਹੈ।

ਉਨ੍ਹਾਂ ਕੌਮ ਨੂੰ ਸੁਚੇਤ ਹੋਣ ਲਈ ਆਖਦਿਆਂ ਕਿਹਾ ਕਿ ਪਾਸ ਕੀਤੇ ਗਏ ਐਕਟ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ‘ਸਟੋਰ’ ਸ਼ਬਦ ਵਰਤਣਾ ਪੰਥਕ ਭਾਵਨਾਵਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਸਿੱਖ ਪਰੰਪਰਾ ਅਤੇ ਮਰਿਆਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਬਿਰਾਜਮਾਨ ਕਰਨ ਲਈ ਸੁਖਆਸਣ ਅਤੇ ਸੱਚਖੰਡ ਅਸਥਾਨ ਸ਼ਬਦਾਂ ਦੀ ਵਰਤੋਂ ਕੀਤੀ ਜਾਂਦੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜਾਗਤ ਜੋਤ ਗੁਰੂ ਹਨ, ਜਿਸ ਨੂੰ ਸਟੋਰ ਕੀਤੇ ਜਾਣ ਦੀ ਸ਼ਬਦਾਵਲੀ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਐਕਟ ਨੌਜਵਾਨਾਂ ਨੂੰ ਧਾਰਮਿਕ ਜ਼ਿੰਮੇਵਾਰੀਆਂ ਤੋਂ ਦੂਰ ਰੱਖਣ ਦਾ ਕਾਰਨ ਬਣੇਗਾ, ਜੋ ਕੌਮ ਦੇ ਕਦੇ ਵੀ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਕੁਝ ਹਿੱਸੇ ਨੂੰ ਭਾਵੁਕ ਹੋ ਕੇ ਇਸ ਐਕਟ ਦੀ ਹਰ ਮੱਧ ਦੀ ਪ੍ਰੋੜਤਾ ਨਹੀਂ ਕਰਨੀ ਚਾਹੀਦੀ।

ਇਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਸ ਕੀਤਾ ਗਿਆ ਇਹ ਕਾਨੂੰਨ ਜਿਥੇ ਸਿੱਖ ਸੰਸਥਾਵਾਂ ਵਿਚ ਸਿੱਧੀ ਦਖ਼ਲਅੰਦਾਜ਼ੀ ਹੈ, ਉਥੇ ਸਿੱਖ ਸੰਗਤਾਂ ਅੰਦਰ ਵੀ ਵੱਡੇ ਸ਼ੰਕੇ ਪੈਦਾ ਕਰ ਰਿਹਾ ਹੈ। ਪੰਜਾਬੀ ਬੋਲਦੇ ਸੂਬੇ ਅੰਦਰ ਹੀ ਇਸ ਦਾ ਤਰਜ਼ਮਾ ਪੰਜਾਬੀ ਵਿਚ ਮੌਜੂਦ ਨਹੀਂ ਹੈ। ਵੱਖ-ਵੱਖ ਬੁਲਾਰਿਆਂ ਦੇ ਵਿਚਾਰ ਜਾਣਨ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ “ ਐਕਟ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਥਾਂ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਹੀ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼ ਹੈ। ਖ਼ਾਲਸਾ ਪੰਥ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇ ਹੱਕ ਵਿਚ ਹੈ ਅਤੇ ਅਜਿਹੇ ਕਿਸੇ ਵੀ ਕਾਨੂੰਨ ਦਾ ਵਿਰੋਧ ਨਹੀਂ ਕਰਦਾ, ਜੋ ਬੇਅਦਬੀ ਕਰਨ ਵਾਲਿਆਂ ਨੂੰ ਕਰੜੀਆਂ ਸਜ਼ਾਵਾਂ ਦਿੰਦਾ ਹੋਵੇ, ਪਰ ਇਹ ਹਰਗਿਜ਼ ਪ੍ਰਵਾਨ ਨਹੀਂ ਹੈ ਕਿ ਸਰਕਾਰ ਸਿੱਖ ਸੰਸਥਾਵਾਂ, ਗੁਰਦੁਆਰਾ ਕਮੇਟੀਆਂ ਅਤੇ ਪੰਥ ਦੇ ਮਾਮਲਿਆਂ ਵਿਚ ਸਰਕਾਰੀ ਦਖ਼ਲਅੰਦਾਜ਼ੀ ਦਾ ਰਾਹ ਪੱਧਰਾ ਕਰੇ।

ਉਨ੍ਹਾਂ ਕਿਹਾ ਕਿ ਅੱਜ ਦੇ ਇਕੱਠ ਨੇ ਸਰਕਾਰ ਦੀ ਇਸ ਸਿਆਸੀ ਚਾਲ ਦਾ ਵਿਰੋਧ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਬਾਰੇ ਗੰਭੀਰਤਾ ਨਾਲ ਵਿਚਾਰ ਕਰਕੇ ਆਦੇਸ਼ ਦੇਣ ਦੀ ਅਪੀਲ ਕੀਤੀ ਹੈ। ਜੋ ਵੀ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤਾ ਜਾਵੇਗਾ ਸਮੁੱਚੇ ਖ਼ਾਲਸਾ ਪੰਥ ਨੂੰ ਪ੍ਰਵਾਨ ਹੋਵੇਗਾ।

ਉਨ੍ਹਾਂ ਕਿਹਾ ਕਿ ਇਸ ਐਕਟ ਵਿਚ ਬਹੁਤ ਸਾਰੇ ਸ਼ਬਦ ਸਿੱਖ ਭਾਵਨਾਵਾਂ ਦੇ ਵਿਰੁੱਧ ਹਨ ਅਤੇ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਸਰਕਾਰ ਨੂੰ ਇਸ ਕਾਨੂੰਨ ਬਾਰੇ ਮੁੜ ਪੜਚੋਲ ਕਰਨੀ ਚਾਹੀਦੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਿੱਖ ਸੰਸਥਾਵਾਂ ਨਾਲ ਵਿਚਾਰ ਕਰਕੇ ਜ਼ਰੂਰੀ ਸੋਧਾਂ ਕਰਨੀਆਂ ਚਾਹੀਦੀਆਂ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ, ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਰਾਠੌਰ, ਮੈਨੇਜਰ ਗੁਰਦੀਪ ਸਿੰਘ ਕੰਗ, ਗ੍ਰੰਥੀ ਸਭਾਵਾਂ ਵੱਲੋਂ ਭਾਈ ਜਸਮੇਰ ਸਿੰਘ ਛਾਜਲਾ ਨੇ ਵੀ ਸੰਬੋਧਨ ਕੀਤਾ। ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਵੱਲੋਂ ਸਟੇਜ ਦੀ ਸੇਵਾ ਨਿਭਾਈ ਗਈ।

Related posts

ਸੱਟੇਬਾਜ਼ੀ: ਈਡੀ ਵੱਲੋਂ ਯੁਵਰਾਜ ਸਿੰਘ, ਸੋਨੂ ਸੂਦ ਸਣੇ ਹੋਰਾਂ ਦੀ ਜਾਇਦਾਦ ਜ਼ਬਤ

Current Updates

ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਕੀਤੀਆਂ ਟਿੱਪਣੀਆਂ ਤੋਂ ਨਰਸਿੰਗ ਸਟਾਫ਼ ’ਚ ਰੋਸ

Current Updates

ਮੁੱਖ ਮੰਤਰੀ ਮੋਹਾਲੀ ਦੇ ਕੌਮਾਂਤਰੀ ਹਵਾਈ ਅੱਡਾ ਵਿਖੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਸਮਰਪਿਤ ਕਰਨਗੇ

Current Updates

Leave a Comment