ਅਬੋਹਰ: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਮਾਲਵਾ ਖੇਤਰ ਦੀਆਂ ਨਹਿਰਾਂ ਵਿੱਚ ਵਹਿ ਰਹੇ ਪ੍ਰਦੂਸ਼ਿਤ ਅਤੇ ਜ਼ਹਿਰੀਲੇ ਪਾਣੀ ਦੇ ਗੰਭੀਰ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਅਬੋਹਰ ਹਲਕੇ ਵਿੱਚ ਨਹਿਰਾਂ ਅਤੇ ਸੇਮ ਨਾਲਿਆਂ ਦਾ ਦੌਰਾ ਕਰਨ ਤੋਂ ਬਾਅਦ ਜਾਖੜ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ, “ਜਾਗੋ ਮੁੱਖ ਮੰਤਰੀ ਜੀ ਜਾਗੋ“, ਅਤੇ ਦੋਸ਼ ਲਾਇਆ ਕਿ ਸਰਕਾਰ ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਵਿੱਚ ਇੰਨੀ ਰੁੱਝੀ ਹੋਈ ਹੈ ਕਿ ਉਸ ਨੂੰ ਲੋਕਾਂ ਦੀ ਸਿਹਤ ਦੀ ਕੋਈ ਪਰਵਾਹ ਨਹੀਂ।
ਨਹਿਰਾਂ ਵਿੱਚ ਵਹਿ ਰਿਹਾ ਹੈ ‘ਕਾਲਾ ਜ਼ਹਿਰ’- ਸੁਨੀਲ ਜਾਖੜ ਨੇ ਦੱਸਿਆ ਕਿ ਪਿਛਲੇ ਇੱਕ ਮਹੀਨੇ ਤੋਂ ਨਹਿਰਾਂ ਵਿੱਚ ਬੇਹੱਦ ਗੰਧਲਾ ਅਤੇ ਕਾਲਾ ਪਾਣੀ ਵਹਿ ਰਿਹਾ ਹੈ, ਜੋ ਕਿ ਨਾ ਪੀਣ ਦੇ ਯੋਗ ਹੈ ਅਤੇ ਨਾ ਹੀ ਖੇਤੀ ਲਈ ਸੁਰੱਖਿਅਤ। ਉਨ੍ਹਾਂ ਕਿਹਾ ਕਿ ਉਦਯੋਗਾਂ ਦਾ ਜ਼ਹਿਰੀਲਾ ਮਾਦਾ ਅਤੇ ਸੀਵਰੇਜ ਦਾ ਪਾਣੀ ਸਿੱਧਾ ਨਹਿਰਾਂ ਵਿੱਚ ਸੁੱਟਿਆ ਜਾ ਰਿਹਾ ਹੈ, ਜਿਸ ਕਾਰਨ ਪਾਣੀ ਵਿੱਚ ਮੱਛੀਆਂ ਮਰ ਰਹੀਆਂ ਹਨ ਅਤੇ ਲੋਕ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦੇ ਆਪਣੇ ਵਿਭਾਗਾਂ ਨੇ ਵੀ ਇਸ ਪਾਣੀ ਨੂੰ ਵਰਤੋਂ ਲਈ ਅਯੋਗ ਕਰਾਰ ਦਿੱਤਾ ਹੈ, ਜਿਸ ਕਾਰਨ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦਾ ਵੱਡਾ ਸੰਕਟ ਪੈਦਾ ਹੋ ਗਿਆ ਹੈ।
ਕਿੰਨੂ ਦੇ ਬਾਗਾਂ ‘ਤੇ ਮੰਡਰਾ ਰਿਹਾ ਖ਼ਤਰਾ- ਖੇਤੀਬਾੜੀ ਦੇ ਨੁਕਸਾਨ ਦਾ ਜ਼ਿਕਰ ਕਰਦਿਆਂ ਜਾਖੜ ਨੇ ਕਿਹਾ ਕਿ ਫ਼ਾਜ਼ਿਲਕਾ ਅਤੇ ਅਬੋਹਰ ਖੇਤਰ ਵਿੱਚ ਕਿੰਨੂ ਦੇ ਬਾਗ, ਜੋ ਕਿ ਪੰਜਾਬ ਦੀ ਫ਼ਸਲੀ ਵਿਭਿੰਨਤਾ ਦਾ ਪ੍ਰਤੀਕ ਹਨ, ਇਸ ਜ਼ਹਿਰੀਲੇ ਪਾਣੀ ਅਤੇ ਸੇਮ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਬਰਬਾਦ ਹੋ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਤੋਂ ‘ਆਪ’ ਸਰਕਾਰ ਆਈ ਹੈ, ਕਿੰਨੂ ਦੇ ਬਾਗ ਲਗਾਤਾਰ ਪੁੱਟੇ ਜਾ ਰਹੇ ਹਨ ਕਿਉਂਕਿ ਕਿਸਾਨਾਂ ਨੂੰ ਲੋੜੀਂਦੀ ਸਹੂਲਤ ਅਤੇ ਸਾਫ਼ ਪਾਣੀ ਨਹੀਂ ਮਿਲ ਰਿਹਾ।
ਸਰਕਾਰ ‘ਤੇ ਸਿਆਸੀ ਹਮਲਾ- ਭਾਜਪਾ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਕੇਂਦਰ ਸਰਕਾਰ ਦੀਆਂ ਗ੍ਰਾਂਟਾਂ ਨਾਲ ਨਹਿਰਾਂ ਪੱਕੀਆਂ ਕਰਨ ਦੇ ਵੱਡੇ-ਵੱਡੇ ਦਾਅਵੇ ਤਾਂ ਕਰਦੇ ਹਨ, ਪਰ ਪਾਣੀ ਦੀ ਗੁਣਵੱਤਾ (Water Quality) ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਮਾਨਸੂਨ ਦੇ ਸੀਜ਼ਨ ਤੋਂ ਪਹਿਲਾਂ ਸੇਮ ਨਾਲਿਆਂ ਦੀ ਸਫ਼ਾਈ ਤੁਰੰਤ ਕਰਵਾਈ ਜਾਵੇ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ।
ਗਵਰਨਰ ਅਤੇ ਮਾਨਵ ਅਧਿਕਾਰ ਕਮਿਸ਼ਨ ਦੀ ਦਖ਼ਲਅੰਦਾਜ਼ੀ- ਜ਼ਿਕਰਯੋਗ ਹੈ ਕਿ ਇਸ ਮੁੱਦੇ ‘ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਪੰਜਾਬ ਮਾਨਵ ਅਧਿਕਾਰ ਕਮਿਸ਼ਨ ਨੇ ਵੀ ਸਖ਼ਤ ਨੋਟਿਸ ਲੈਂਦਿਆਂ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਹੈ। ਜਾਖੜ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਤੁਰੰਤ ਕੋਈ ਕਾਰਵਾਈ ਨਾ ਕੀਤੀ ਤਾਂ ਭਾਜਪਾ ਵੱਲੋਂ ਇਸ ਮੁੱਦੇ ਨੂੰ ਲੈ ਕੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
