September 19, 2026
ਖਾਸ ਖ਼ਬਰਪੰਜਾਬਰਾਸ਼ਟਰੀ

‘ਆਪ’ ਵੱਲੋਂ ਦੋ ਲੈਬਾਰਟਰੀਆਂ ਦੀ ਰਿਪੋਰਟ ਪੇਸ਼; ਵੀਡੀਓ ‘ਚ ਭਗਵੰਤ ਮਾਨ ਨਾ ਹੋਣ ਦਾ ਦਾਅਵਾ

‘ਆਪ’ ਵੱਲੋਂ ਦੋ ਲੈਬਾਰਟਰੀਆਂ ਦੀ ਰਿਪੋਰਟ ਪੇਸ਼; ਵੀਡੀਓ 'ਚ ਭਗਵੰਤ ਮਾਨ ਨਾ ਹੋਣ ਦਾ ਦਾਅਵਾ
ਮੁਹਾਲੀ- ਆਮ ਆਦਮੀ ਪਾਰਟੀ ਵੱਲੋਂ ਅੱਜ ਮੁਹਾਲੀ ਵਿਖੇ ਇੱਕ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਗਿਆ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਸਬੰਧੀ ਵਾਇਰਲ ਹੋਈ ਵਿਵਾਦਤ ਵੀਡੀਓ ਬਾਰੇ ਉੱਚ ਪੱਧਰੀ ਜਾਂਚ ਦੀ ਮੰਗ ਕਰਨ ਲਈ ਪਾਰਟੀ ਦਾ ਇੱਕ ਵਫਦ ਅੱਜ ਡੀਜੀਪੀ ਪੰਜਾਬ ਨੂੰ ਮਿਲੇਗਾ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਬੁਲਾਰੇ ਬਲਤੇਜ ਪੰਨੂ ਵੱਲੋਂ ਕੀਤੀ ਪ੍ਰੈਸ ਕਾਨਫਰੰਸ ਵਿੱਚ ਕਿਹਾ ਗਿਆ ਕਿ ਵਿਵਾਦਤ ਵੀਡੀਓ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਹੋਣ ਦਾ ਕੀਤਾ ਗਿਆ ਜ਼ਿਕਰ ਅਕਾਲੀ ਦਲ ਵੱਲੋਂ ਸਾਜ਼ਿਸ਼ ਤਹਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਵਾਦਗ੍ਰਸਤ ਵੀਡੀਓ ਭਾਰਤ ਦੀਆਂ ਦੋ ਪ੍ਰਮੁੱਖ ਲੈਬਾਰਟਰੀਆਂ ਵਿੱਚ ਚੈੱਕ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਚੈੱਕ ਕਰਵਾਈ ਗਈ ਵੀਡੀਓ ਵਿੱਚ ਮੌਜੂਦ ਵਿਅਕਤੀ ਦੀ 1191 ਐਂਗਲਾਂ ਤੋਂ ਪੜਤਾਲ ਕੀਤੀ ਗਈ ਹੈ। ਜਿਸ ਵਿੱਚ ਦੋਵਾਂ ਲੈਬਾਰਟਰੀਆਂ ਨੇ ਇਹ ਰਿਪੋਰਟ ਦਿੱਤੀ ਹੈ ਕਿ ਵੀਡੀਓ ਵਿੱਚ ਨਜ਼ਰ ਆ ਰਿਹਾ ਵਿਅਕਤੀ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਹੈ, ਸਗੋਂ ਕੋਈ ਹੋਰ ਹੈ।
ਇਸ ਮੌਕੇ ਦੋਵੇਂ ਆਗੂਆਂ ਨੇ ਅਕਾਲੀ ਦਲ ਉੱਤੇ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਇਸ ਵੀਡੀਓ ਪਿੱਛੇ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਅਤੇ ਉਨਾਂ ਦੇ ਸਾਥੀਆਂ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਸਰਕਾਰ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਕਾਨੂੰਨ ਬਣਾਇਆ ਗਿਆ ਹੈ ਉਦੋਂ ਤੋਂ ਹੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਨੂੰ ਲਗਾਤਾਰ ਟਾਰਗੇਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਹੁਤ ਵੱਡੀ ਸਾਜਸ਼ ਰਚੀ ਗਈ ਸੀ ਅਤੇ ਮੁੱਖ ਮੰਤਰੀ ਨੂੰ ਬਦਨਾਮ ਕਰਨ ਲਈ ਅਜਿਹਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੇ ਹਨ ਤੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੇ ਹਨ, ਜਿਸ ਨੂੰ ਕਿ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
ਉਨ੍ਹਾਂ ਅਕਾਲੀ ਦਲ ਦੀ ਸਰਕਾਰ ਸਮੇਂ 1986 ਵਿੱਚ ਨਕੋਦਰ ਅਤੇ 2015 ਵਿੱਚ ਬਰਗਾੜੀ ਤੇ ਬਹਿਬਲ ਕਲਾਂ ਵਿਖੇ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਅਤੇ ਬੇਦੋਸ਼ੇ ਨੌਜਵਾਨਾਂ ਨੂੰ ਗੋਲੀਆਂ ਮਰਾਉਣ ਦੇ ਦੋਸ਼ ਵੀ ਲਾਏ ਅਤੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਅਜਿਹੀਆਂ ਸਾਜਸ਼ਾਂ ਰਚਦਾ ਆਇਆ ਹੈ ਜਦੋਂ ਕਿ ਪੰਜਾਬ ਦੇ ਮੁੱਖ ਮੰਤਰੀ ਪੰਜਾਬੀਆਂ ਲਈ ਕੰਮ ਕਰਨ ਨੂੰ ਤਰਜੀਹ ਦੇ ਰਹੇ ਹਨ, ਜਿਸ ਤੋਂ ਅਕਾਲੀ ਦਲ ਅਤੇ ਉਨਾਂ ਦੇ ਚਹੇਤਿਆਂ ਨੂੰ ਤਕਲੀਫ ਹੋ ਰਹੀ ਹੈ।

Related posts

ਮੈਕਸਵੈੱਲ ਨੇ ਇੱਕ ਰੋਜ਼ਾ ਕ੍ਰਿਕਟ ਤੋਂ ਸੰਨਿਆਸ ਲਿਆ

Current Updates

ਹਰਿਆਲੀ ਨੂੰ ਵਿਕਾਸ ਦਾ ਹਿੱਸਾ ਬਣਾਈਏ: ਵਣਪਾਲ ਸਾਗਰ

Current Updates

ਵਿਰੋਧੀਆਂ ਦਾ ਤਨਜ਼: ਰਾਘਵ ਚੱਢਾ ਦੇ ਬਿਆਨ ਨੇ ਛੇੜੀ ਚਰਚਾ; ‘ਆਪ’ ਸਰਕਾਰ ‘ਤੇ ਸਾਧਿਆ ਨਿਸ਼ਾਨਾ

Current Updates

Leave a Comment