September 26, 2026
ਖਾਸ ਖ਼ਬਰਪੰਜਾਬਰਾਸ਼ਟਰੀ

ਫ਼ਰੀਦਕੋਟ ਗੁਰਦੁਆਰਾ ਸਾਹਿਬ ਵਿਖੇ ਮੁੱਖ ਮੰਤਰੀ ਖ਼ਿਲਾਫ਼ ਲੱਗਾ ਅਕਾਲ ਤਖ਼ਤ ਸਾਹਿਬ ਦਾ ‘ਹੁਕਮਨਾਮਾ ਬੋਰਡ’ ਪਾੜਿਆ; ‘ਆਪ’ ਸਮਰਥਕਾਂ ’ਤੇ ਵਾਰਦਾਤ ਦੇ ਦੋਸ਼

ਫ਼ਰੀਦਕੋਟ ਗੁਰਦੁਆਰਾ ਸਾਹਿਬ ਵਿਖੇ ਮੁੱਖ ਮੰਤਰੀ ਖ਼ਿਲਾਫ਼ ਲੱਗਾ ਅਕਾਲ ਤਖ਼ਤ ਸਾਹਿਬ ਦਾ ‘ਹੁਕਮਨਾਮਾ ਬੋਰਡ’ ਪਾੜਿਆ; ‘ਆਪ’ ਸਮਰਥਕਾਂ ’ਤੇ ਵਾਰਦਾਤ ਦੇ ਦੋਸ਼

ਫ਼ਰੀਦਕੋਟ-   ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਢਿੱਲਵਾਂ ਕਲਾਂ ਸਥਿਤ ਗੁਰਦੁਆਰਾ ਗੋਦਾਵਰੀ ਸਰ ਵਿਖੇ ਆਮ ਆਦਮੀ ਪਾਰਟੀ (ਆਪ) ਦੇ ਕਾਰਕੁਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਹੁਕਮਨਾਮੇ ਵਾਲੇ ਬੋਰਡ ਨੂੰ ਕਥਿਤ ਤੌਰ ’ਤੇ ਪਾੜ ਕੇ ਜ਼ਮੀਨ ’ਤੇ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਧਾਰਮਿਕ ਅਸਥਾਨ ਦੇ ਅੰਦਰ ਵਾਪਰੀ ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ (CCTV) ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜਿਸ ਤੋਂ ਬਾਅਦ ਇਲਾਕੇ ਵਿੱਚ ਸਿਆਸੀ ਤੇ ਧਾਰਮਿਕ ਮਾਹੌਲ ਗਰਮਾ ਗਿਆ ਹੈ।

ਜਾਣਕਾਰੀ ਅਨੁਸਾਰ ਇਹ ਬੋਰਡ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਬੰਧ ਅਧੀਨ ਆਉਂਦੇ ਸਾਰੇ ਗੁਰਦੁਆਰਾ ਸਾਹਿਬਾਨ ਦੇ ਮੁੱਖ ਦੁਆਰਾਂ ’ਤੇ ਲਗਾਇਆ ਗਿਆ ਸੀ। ਇੱਕ ਕਥਿਤ ਵਾਇਰਲ ਵੀਡੀਓ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਇਸ ਹੁਕਮਨਾਮੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਪੰਥ ਦੋਖੀ’ ਅਤੇ ਸਿੱਖ ਵਿਰੋਧੀ ਘੋਸ਼ਿਤ ਕਰਦਿਆਂ ਸਿੱਖ ਸੰਗਤ ਨੂੰ ਉਨ੍ਹਾਂ ਨਾਲ ਕੋਈ ਵੀ ਸਾਂਝ ਨਾ ਰੱਖਣ ਦਾ ਸੱਦਾ ਦਿੱਤਾ ਗਿਆ ਸੀ। ਅੱਜ ਕਥਿਤ ਮੁਲਜ਼ਮਾਂ ਨੇ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਦਾਖ਼ਲ ਹੋ ਕੇ ਪੰਜ ਸਿੰਘ ਸਾਹਿਬਾਨ ਦੇ ਪਵਿੱਤਰ ਦਸਤਖ਼ਤਾਂ ਵਾਲੇ ਇਸ ਪੋਸਟਰ ਨੂੰ ਪਾੜ ਦਿੱਤਾ ਅਤੇ ਇਸ ਨੂੰ ਜ਼ਮੀਨ ’ਤੇ ਸੁੱਟ ਕੇ ਮਰਿਆਦਾ ਦੀ ਕਥਿਤ ਉਲੰਘਣਾ ਕੀਤੀ।

ਗੁਰਦੁਆਰਾ ਸਾਹਿਬ ਦੇ ਮੈਨੇਜਰ ਨੇ ਦੱਸਿਆ ਕਿ ਇਹ ਪੋਸਟਰ ਮੁੱਖ ਗੇਟ ਦੀ ਕੰਧ ’ਤੇ ਇੱਕ ਵੱਡੇ ਬੋਰਡ ਦੇ ਰੂਪ ਵਿੱਚ ਪ੍ਰਦਰਸ਼ਿਤ ਕੀਤਾ ਗਿਆ ਸੀ, ਜਿਸ ਨੂੰ ਪਿੰਡ ਦੇ ਹੀ ਕੁਝ ‘ਆਪ’ ਨਾਲ ਸਬੰਧਤ ਵਿਅਕਤੀਆਂ ਵੱਲੋਂ ਪਾੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੰਦਭਾਗੀ ਘਟਨਾ ਬਾਰੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਮੇਤ ਫ਼ਰੀਦਕੋਟ ਪੁਲੀਸ ਨੂੰ ਐਮਰਜੈਂਸੀ ਹੈਲਪਲਾਈਨ 112 ਰਾਹੀਂ ਤੁਰੰਤ ਸੂਚਿਤ ਕਰ ਦਿੱਤਾ ਗਿਆ ਹੈ। ਮੈਨੇਜਰ ਮੁਤਾਬਕ ਪ੍ਰਬੰਧਕਾਂ ਵੱਲੋਂ ਹੁਕਮਨਾਮੇ ਵਾਲਾ ਬੋਰਡ ਦੁਬਾਰਾ ਉੱਥੇ ਲਗਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੇ ਪੁਲੀਸ ਪ੍ਰਸ਼ਾਸਨ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਲਾਲੀ ਬਾਦਲ ਨੇ ਇਸ ਘਟਨਾ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਅਕਾਲੀ ਆਗੂਆਂ ਨੇ ਦੋਸ਼ ਲਾਇਆ ਕਿ ‘ਆਪ’ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਰਵਉੱਚ ਆਦੇਸ਼ਾਂ ਦੀ ਉਲੰਘਣਾ ਕਰਕੇ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਉਨ੍ਹਾਂ ਆਖਿਆ ਕਿ ਜੇਕਰ ਭਗਵੰਤ ਮਾਨ ਨੂੰ ਲੱਗਦਾ ਹੈ ਕਿ ਉਨ੍ਹਾਂ ਨੇ ਕੁਝ ਗਲਤ ਨਹੀਂ ਕੀਤਾ, ਤਾਂ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਦੀ ਬਜਾਏ ਉੱਥੇ ਖ਼ੁਦ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਲਾਲੀ ਬਾਦਲ ਨੇ ਚੇਤਾਵਨੀ ਦਿੱਤੀ ਕਿ ਉਹ ਇਸ ਸਬੰਧੀ ਐੱਸ.ਐੱਸ.ਪੀ. ਫ਼ਰੀਦਕੋਟ ਨੂੰ ਰਸਮੀ ਸ਼ਿਕਾਇਤ ਸੌਂਪ ਰਹੇ ਹਨ ਅਤੇ ਘਟਨਾ ਦੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਵਾ ਕੇ ਹੀ ਦਮ ਲੈਣਗੇ।

Related posts

ਵਿਸਾਵਦਰ ਸੀਟ ਤੋਂ ‘ਆਪ’ ਉਮੀਦਵਾਰ ਇਤਾਲੀਆ ਗੋਪਾਲ ਜੇਤੂ

Current Updates

ਸੁਖਬੀਰ ਬਾਦਲ ਦਾ ਅਸਤੀਫ਼ਾ ਪ੍ਰਵਾਨ

Current Updates

ਇਟਲੀ ਵਿੱਚ ਗੁਰਦੁਆਰਾ ਸਾਹਿਬ ਦੇ ਸਾਹਮਣੇ 2 ਭਾਰਤੀਆਂ ਦਾ ਗੋਲੀਆਂ ਮਾਰ ਕੇ ਕਤਲ

Current Updates

Leave a Comment