October 16, 2026
ਖਾਸ ਖ਼ਬਰਰਾਸ਼ਟਰੀ

CM ਮਾਨ ਨੂੰ ਵੱਡੀ ਰਾਹਤ; ਸੁਪਰੀਮ ਕੋਰਟ ਦਾ FIR ਰੱਦ ਕਰਨ ਦੇ ਹਾਈ ਕੋਰਟ ਦੇ ਫੈਸਲੇ ‘ਚ ਦਖ਼ਲ ਤੋਂ ਇਨਕਾਰ

CM ਮਾਨ ਨੂੰ ਵੱਡੀ ਰਾਹਤ; ਸੁਪਰੀਮ ਕੋਰਟ ਦਾ FIR ਰੱਦ ਕਰਨ ਦੇ ਹਾਈ ਕੋਰਟ ਦੇ ਫੈਸਲੇ 'ਚ ਦਖ਼ਲ ਤੋਂ ਇਨਕਾਰ

ਨਵੀਂ ਦਿੱਲੀ-  ਸੁਪਰੀਮ ਕੋਰਟ ਨੇ ਵੀਰਵਾਰ ਨੂੰ ਟਿੱਪਣੀ ਕੀਤੀ ਕਿ ਉਹ ਬਿਜਲੀ ਦਰਾਂ ਵਿੱਚ ਵਾਧੇ ਖ਼ਿਲਾਫ਼ 2020 ਦੇ ਇੱਕ ਪ੍ਰਦਰਸ਼ਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ‘ਆਪ’ ਆਗੂਆਂ ਖ਼ਿਲਾਫ਼ ਦਰਜ ਐੱਫ ਆਈ ਆਰ (FIR) ਨੂੰ ਰੱਦ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਵਿਰੁੱਧ ਚੰਡੀਗੜ੍ਹ ਪ੍ਰਸ਼ਾਸਨ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਦੇ ਇੱਛੁਕ ਨਹੀਂ ਹਨ। ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਇਮਾਲਿਆ ਬਾਗਚੀ ਅਤੇ ਵੀ ਮੋਹਨਾ ਦੀ ਬੈਂਚ ਨੇ ਚੰਡੀਗੜ੍ਹ ਪ੍ਰਸ਼ਾਸਨ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਹ ਜ਼ੁਬਾਨੀ ਟਿੱਪਣੀ ਕੀਤੀ। ਇਹ ਪਟੀਸ਼ਨ ਹਾਈ ਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦੇਣ ਲਈ ਦਾਇਰ ਕੀਤੀ ਗਈ ਸੀ, ਜਿਸ ਵਿੱਚ 2020 ਵਿੱਚ ਚੰਡੀਗੜ੍ਹ ਵਿਖੇ ਹੋਏ ਰੋਸ ਮਾਰਚ ਨਾਲ ਜੁੜੀ ਐੱਫ ਆਈ ਆਰ (FIR) ਅਤੇ ਚਾਰਜਸ਼ੀਟ ਨੂੰ ਰੱਦ ਕਰ ਦਿੱਤਾ ਗਿਆ ਸੀ।

ਚੀਫ਼ ਜਸਟਿਸ (CJI) ਨੇ ਕਿਹਾ, “ਲੋਕਤੰਤਰ ਵਿੱਚ ਹਰ ਕੋਈ ‘ਨਾਅਰੇਬਾਜ਼ੀ’ ਕਰਦਾ ਹੈ। ਹੁਣ ਜਦੋਂ ਉਹ (ਮਾਨ) ਇੱਕ ਜ਼ਿੰਮੇਵਾਰ ਅਹੁਦੇ ‘ਤੇ ਹਨ, ਅਸੀਂ ਸਮਝਦੇ ਹਾਂ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਵੀ ਸਮਝਣਗੇ।”ਚੀਫ਼ ਜਸਟਿਸ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੇਸ਼ ਹੋਏ ਐਡੀਸ਼ਨਲ ਸਾਲੀਸਿਟਰ ਜਨਰਲ ਐੱਸ ਵੀ ਰਾਜੂ ਨੂੰ ਸਪਸ਼ਟ ਕਿਹਾ, “ਜੇਕਰ ਤੁਸੀਂ ਕੇਸ ਦੇ ਗੁਣ-ਦੋਸ਼ (ਮੈਰਿਟ) ਦੇ ਅਧਾਰ ‘ਤੇ ਬਹਿਸ ਕਰਨਾ ਚਾਹੁੰਦੇ ਹੋ, ਤਾਂ ਹੀ ਅਸੀਂ ਤੁਹਾਡੀ ਗੱਲ ਸੁਣਾਂਗੇ, ਨਹੀਂ ਤਾਂ ਅਸੀਂ (ਹਾਈ ਕੋਰਟ ਦੇ ਫੈਸਲੇ ਵਿੱਚ) ਦਖ਼ਲ ਦੇਣ ਦੇ ਇੱਛੁਕ ਨਹੀਂ ਹਾਂ।” ਇਸ ਦੌਰਾਨ ਅਦਾਲਤ ਤੋਂ ਰਾਜੂ ਨੇ ਚੰਡੀਗੜ੍ਹ ਪ੍ਰਸ਼ਾਸਨ ਨਾਲ ਸਬੰਧਿਤ ਇਨ੍ਹਾਂ ਅਦਾਲਤੀ ਮਾਮਲਿਆਂ ਦੀਆਂ ਫਾਈਲਾਂ ਨੂੰ ਤਰਤੀਬਵਾਰ (ਸਹੀ) ਕਰਨ ਲਈ ਕੁਝ ਸਮਾਂ ਮੰਗਿਆ। ਰਾਜੂ ਨੇ ਦਲੀਲ ਦਿੱਤੀ ਕਿ ਚੰਡੀਗੜ੍ਹ ਪ੍ਰਸ਼ਾਸਨ ਨੂੰ ਹਾਈ ਕੋਰਟ ਦੇ ਵੱਖ-ਵੱਖ ਹੁਕਮਾਂ ਖ਼ਿਲਾਫ਼ ਦਾਇਰ ਤਿੰਨ ਵੱਖ-ਵੱਖ ਪਟੀਸ਼ਨਾਂ ਵਿੱਚ ਕੁਝ ਤਕਨੀਕੀ ਇਤਰਾਜ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸ ਮੁੱਦੇ ਨੂੰ ਸੁਲਝਾਉਣ ਲਈ ਸਮਾਂ ਮੰਗਿਆ।

ਹਾਈ ਕੋਰਟ ਨੇ ਇਸ ਤੋਂ ਪਹਿਲਾਂ ਇਹ ਮੰਨਿਆ ਸੀ ਕਿ ‘ਆਪ’ ਆਗੂਆਂ ਖ਼ਿਲਾਫ਼ ਪਹਿਲੀ ਨਜ਼ਰੇ ਕੋਈ ਕੇਸ ਨਹੀਂ ਬਣਦਾ ਅਤੇ ਉਨ੍ਹਾਂ ਵਿਰੁੱਧ ਆਈ ਪੀ ਸੀ (IPC) ਤਹਿਤ ਲਗਾਈਆਂ ਗਈਆਂ ਧਾਰਾਵਾਂ ਦੇ ਲੋੜੀਂਦੇ ਤੱਤ ਤੇ ਸਬੂਤ ਮੌਜੂਦ ਨਹੀਂ ਸਨ। ਸਿੱਟੇ ਵਜੋਂ ਕੋਰਟ ਨੇ ਆਈ ਪੀ ਸੀ ਦੀਆਂ ਧਾਰਾਵਾਂ 147 (ਦੰਗੇ), 149 (ਗੈਰ-ਕਾਨੂੰਨੀ ਸਭਾ), 332 (ਸਰਕਾਰੀ ਕਰਮਚਾਰੀ ਨੂੰ ਡਿਊਟੀ ਤੋਂ ਰੋਕਣ ਲਈ ਜਾਣਬੁੱਝ ਕੇ ਸੱਟ ਪਹੁੰਚਾਉਣਾ) ਅਤੇ 353 (ਸਰਕਾਰੀ ਕਰਮਚਾਰੀ ਨੂੰ ਡਿਊਟੀ ਨਿਭਾਉਣ ਤੋਂ ਰੋਕਣ ਲਈ ਹਮਲਾ ਜਾਂ ਅਪਰਾਧਿਕ ਬਲ ਦੀ ਵਰਤੋਂ) ਤਹਿਤ ਦਰਜ ਐੱਫ ਆਈ ਆਰ ਅਤੇ ਚਾਰਜਸ਼ੀਟ ਨੂੰ ਰੱਦ ਕਰ ਦਿੱਤਾ ਸੀ।

ਇਹ ਐੱਫ ਆਈ ਆਰ ਸਾਲ 2020 ਵਿੱਚ ਕਾਂਸਟੇਬਲ ਮਨਪ੍ਰੀਤ ਕੌਰ ਦੀ ਸ਼ਿਕਾਇਤ ‘ਤੇ ਦਰਜ ਕੀਤੀ ਗਈ ਸੀ, ਜਿਸ ਨੇ ਦੋਸ਼ ਲਗਾਇਆ ਸੀ ਕਿ ਬਿਜਲੀ ਦਰਾਂ ਵਿੱਚ ਵਾਧੇ ਖ਼ਿਲਾਫ਼ ‘ਆਪ’ ਦੇ ਇੱਕ ਪ੍ਰਦਰਸ਼ਨ ਦੌਰਾਨ ਮਾਨ, ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਮੀਤ ਹੇਅਰ, ਬਲਜਿੰਦਰ ਕੌਰ, ਅਮਨ ਅਰੋੜਾ ਅਤੇ ਹੋਰਾਂ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਨੇ ਲਗਪਗ 750-800 ਪਾਰਟੀ ਵਰਕਰਾਂ ਨੂੰ ਸੈਕਟਰ 2, ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਲਈ ਉਕਸਾਇਆ ਸੀ। ਪੁਲੀਸ ਵੱਲੋਂ ਲਗਾਏ ਗਏ ਦੋਸ਼ਾਂ ਅਨੁਸਾਰ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਸੀ। ਇਸ ਤੋਂ ਬਾਅਦ ਜਦੋਂ ਭੀੜ ਨੂੰ ਹਟਾਉਣ ਲਈ ਪਾਣੀ ਦੀਆਂ ਬੌਛਾਰਾਂ ਕੀਤੀਆਂ ਗਈਆਂ, ਤਾਂ ਪ੍ਰਦਰਸ਼ਨਕਾਰੀਆਂ ਨੇ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਕਈ ਪੁਲੀਸ ਮੁਲਾਜ਼ਮਾਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ।

Related posts

ਯੂਟਿਊਬਰ ਰਣਵੀਰ ਅੱਲਾਹਾਬਾਦੀਆ ਅਸ਼ਲੀਲ ਟਿੱਪਣੀ ਨੂੰ ਲੈ ਕੇ ਕਾਨੂੰਨੀ ਮੁਸੀਬਤ ਵਿੱਚ ਫਸਿਆ

Current Updates

ਆਈਟੀ ਸ਼ੇਅਰਾਂ ਵਿੱਚ ਵਿਕਰੀ ਦੇ ਦਬਾਅ ਕਾਰਨ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ

Current Updates

ਦਿੱਲੀ ਦੀਆਂ ਮਹਿਲਾਵਾਂ ਨੂੰ 8 ਮਾਰਚ ਤੱਕ 2500 ਰੁਪਏ ਮਾਸਿਕ ਸਹਾਇਤਾ ਮਿਲ ਜਾਵੇਗੀ: ਰੇਖਾ ਗੁਪਤਾ

Current Updates

Leave a Comment