ਇੱਕੋ ਮੈਰਿਟ ਸੂਚੀ ਜਾਰੀ ਕਰਨ ਦੀ ਕੀਤੀ ਮੰਗ
ਪਟਿਆਲਾ: ਖੋਜ ਸਹਾਇਕ ਉਮੀਦਵਾਰ ਯੂਨੀਅਨ, ਪੰਜਾਬ ਦੇ ਪ੍ਰੈਸ ਸਕੱਤਰ ਅਰਸ਼ ਰੰਡਿਆਲਾ ਨੇ ਪੰਜਾਬ ਸਰਕਾਰ, ਭਾਸ਼ਾ ਵਿਭਾਗ ਅਤੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (PSSSB) ‘ਤੇ ਖੋਜ ਸਹਾਇਕ (ਗਰੁੱਪ-ਬੀ) ਦੀ ਭਰਤੀ ਪ੍ਰਕਿਰਿਆ ਵਿੱਚ ਗੰਭੀਰ ਬੇਨਿਯਮੀਆਂ ਦੇ ਦੋਸ਼ ਲਗਾਉਂਦਿਆਂ ਭਰਤੀ ਨੂੰ ਪਾਰਦਰਸ਼ੀ ਬਣਾਉਣ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਸ਼ਤਿਹਾਰ ਨੰਬਰ 05/2023 ਤਹਿਤ 42 ਅਸਾਮੀਆਂ ਦੀ ਭਰਤੀ ਸ਼ੁਰੂ ਤੋਂ ਹੀ ਵਿਵਾਦਾਂ ਵਿੱਚ ਰਹੀ ਹੈ। ਇਸ ਸਬੰਧੀ ਉਮੀਦਵਾਰਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸਿਵਲ ਰਿੱਟ ਪਟੀਸ਼ਨ ਸੀਡਬਲਿਊਪੀ-19199-2025 ਦਾਇਰ ਕੀਤੀ ਗਈ ਹੈ। ਯੂਨੀਅਨ ਦਾ ਦੋਸ਼ ਹੈ ਕਿ ਇਸ਼ਤਿਹਾਰ ਵਿੱਚ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿਸ਼ਿਆਂ ਵਿੱਚ ਪੋਸਟ ਗ੍ਰੈਜੂਏਸ਼ਨ ਵਾਲੇ ਉਮੀਦਵਾਰਾਂ ਨੂੰ ਤਰਜੀਹ ਦੇਣ ਦੀ ਸ਼ਰਤ ਹੋਣ ਦੇ ਬਾਵਜੂਦ ਗੈਰ-ਭਾਸ਼ਾਈ ਯੋਗਤਾਵਾਂ ਵਾਲੇ ਉਮੀਦਵਾਰਾਂ ਨੂੰ ਵਿਚਾਰਿਆ ਜਾ ਰਿਹਾ ਹੈ।
ਪ੍ਰੈਸ ਸਕੱਤਰ ਨੇ ਦੱਸਿਆ ਕਿ 42 ਅਸਾਮੀਆਂ ਲਈ ਇੱਕੋ ਮੈਰਿਟ ਸੂਚੀ ਜਾਰੀ ਕਰਨ ਦੀ ਬਜਾਏ ਨਤੀਜੇ ਟੁਕੜਿਆਂ ਵਿੱਚ ਜਾਰੀ ਕੀਤੇ ਜਾ ਰਹੇ ਹਨ, ਜਿਸ ਨਾਲ ਰਾਖਵੇਂਕਰਨ ਦੇ ਨਿਯਮ ਪ੍ਰਭਾਵਿਤ ਹੋ ਰਹੇ ਹਨ ਅਤੇ ਰਾਖਵੀਆਂ ਸ਼੍ਰੇਣੀਆਂ ਦੇ ਯੋਗ ਉਮੀਦਵਾਰਾਂ ਨਾਲ ਅਨਿਆਂ ਹੋ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਰੀਆਂ ਅਸਾਮੀਆਂ ਦੀ ਇੱਕੋ ਵਰਟੀਕਲ ਮੈਰਿਟ ਸੂਚੀ ਤਿਆਰ ਕਰਨ ਨਾਲ ਯੋਗ ਉਮੀਦਵਾਰਾਂ ਨੂੰ ਉਨ੍ਹਾਂ ਦਾ ਸੰਵਿਧਾਨਕ ਹੱਕ ਮਿਲ ਸਕੇਗਾ।
ਯੂਨੀਅਨ ਨੇ ਰੋਸਟਰ ਪ੍ਰਣਾਲੀ ਵਿੱਚ ਵੀ ਬੇਨਿਯਮੀਆਂ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਪੁਰਾਣੇ ਰੋਸਟਰ ਨੂੰ ਪੂਰਾ ਕਰਨ ਦੀ ਬਜਾਏ ਨਵਾਂ ਰੋਸਟਰ ਸ਼ੁਰੂ ਕਰ ਦਿੱਤਾ ਗਿਆ, ਜਿਸ ਨਾਲ ਅਨੁਸੂਚਿਤ ਜਾਤੀਆਂ, ਪਿਛੜੀਆਂ ਸ਼੍ਰੇਣੀਆਂ ਅਤੇ ਔਰਤਾਂ ਲਈ ਰਾਖਵੇਂਕਰਨ ਪ੍ਰਭਾਵਿਤ ਹੋਇਆ ਹੈ। ਆਰਟੀਆਈ ਰਾਹੀਂ ਮਿਲੀ ਜਾਣਕਾਰੀ ਦਾ ਹਵਾਲਾ ਦਿੰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਕਈ ਉਮੀਦਵਾਰਾਂ ਦੇ ਦਸਤਾਵੇਜ਼ਾਂ ਅਤੇ ਯੋਗਤਾ ਸਬੰਧੀ ਕਮੀਆਂ ਸਾਹਮਣੇ ਆਈਆਂ ਹਨ ਅਤੇ ਯੂਜੀਸੀ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਵੀ ਹਨ।
ਉਨ੍ਹਾਂ ਦੋਸ਼ ਲਗਾਇਆ ਕਿ ਭਰਤੀ ਨਾਲ ਜੁੜੇ ਅਧਿਕਾਰੀ ਜਵਾਬਦੇਹੀ ਤੋਂ ਪਾਸਾ ਵੱਟ ਰਹੇ ਹਨ। ਯੂਨੀਅਨ ਨੇ ਪੰਜਾਬ ਸਰਕਾਰ ਅਤੇ ਭਾਸ਼ਾ ਵਿਭਾਗ ਤੋਂ ਮੰਗ ਕੀਤੀ ਕਿ ਟੁਕੜਿਆਂ ਵਿੱਚ ਸੂਚੀਆਂ ਜਾਰੀ ਕਰਨ ਦੀ ਪ੍ਰਕਿਰਿਆ ਤੁਰੰਤ ਬੰਦ ਕਰਕੇ ਸਾਰੀਆਂ 42 ਅਸਾਮੀਆਂ ਦੀ ਇੱਕੋ ਪਾਰਦਰਸ਼ੀ ਵਰਟੀਕਲ ਮੈਰਿਟ ਸੂਚੀ ਸਹੀ ਰੋਸਟਰ ਅਨੁਸਾਰ ਜਾਰੀ ਕੀਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਸੁਧਾਰ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
