November 8, 2026
ਖਾਸ ਖ਼ਬਰਪੰਜਾਬਰਾਸ਼ਟਰੀ

ਬੁੱਢੇ ਦਰਿਆ ਦੀ ਸਫ਼ਾਈ ‘ਚ ਲਾਪਰਵਾਹੀ ਬਰਦਾਸ਼ਤ ਨਹੀਂ: ਅਧਿਕਾਰੀਆਂ ‘ਤੇ ਵਰ੍ਹੇ ਸੰਤ ਸੀਚੇਵਾਲ

ਬੁੱਢੇ ਦਰਿਆ ਦੀ ਸਫ਼ਾਈ 'ਚ ਲਾਪਰਵਾਹੀ ਬਰਦਾਸ਼ਤ ਨਹੀਂ: ਅਧਿਕਾਰੀਆਂ 'ਤੇ ਵਰ੍ਹੇ ਸੰਤ ਸੀਚੇਵਾਲ
ਲੁਧਿਆਣਾ:  ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੁਧਿਆਣਾ ਦੇ ਪ੍ਰਦੂਸ਼ਿਤ ਬੁੱਢੇ ਦਰਿਆ (ਬੁੱਢੇ ਨਾਲੇ) ਦੀ ਸਫ਼ਾਈ ਪ੍ਰੋਜੈਕਟ ਵਿੱਚ ਹੋ ਰਹੀ ਦੇਰੀ ਅਤੇ ਲਾਪਰਵਾਹੀ ਨੂੰ ਲੈ ਕੇ ਸਬੰਧਤ ਅਧਿਕਾਰੀਆਂ ਦੀ ਤਿੱਖੀ ਕਲਾਸ ਲਗਾਈ ਹੈ। ਬੁੱਢੇ ਦਰਿਆ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਪਹੁੰਚੇ ਸੰਤ ਸੀਚੇਵਾਲ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ ਕਿ ਵਾਤਾਵਰਨ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਦਰਿਆ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਨ ਤੋਂ ਬਾਅਦ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਸੰਤ ਸੀਚੇਵਾਲ ਨੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ (STPs) ਦੀ ਕਾਰਗੁਜ਼ਾਰੀ ਅਤੇ ਉਦਯੋਗਿਕ ਕੈਮੀਕਲ ਯੁਕਤ ਪਾਣੀ ਨੂੰ ਦਰਿਆ ਵਿੱਚ ਸੁੱਟੇ ਜਾਣ ‘ਤੇ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਨਗਰ ਨਿਗਮ, ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਆੜੇ ਹੱਥੀਂ ਲੈਂਦਿਆਂ ਸਵਾਲ ਕੀਤਾ ਕਿ ਕਰੋੜਾਂ ਰੁਪਏ ਦੇ ਬਜਟ ਅਤੇ ਸਰਕਾਰੀ ਦਾਅਵਿਆਂ ਦੇ ਬਾਵਜੂਦ ਵੀ ਬੁੱਢੇ ਦਰਿਆ ਵਿੱਚ ਜ਼ਹਿਰੀਲਾ ਪਾਣੀ ਡਿੱਗਣਾ ਬੰਦ ਕਿਉਂ ਨਹੀਂ ਹੋ ਰਿਹਾ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਰਿਆ ਵਿੱਚ ਗੰਦਾ ਅਤੇ ਜ਼ਹਿਰੀਲਾ ਪਾਣੀ ਪਾਉਣ ਵਾਲੀਆਂ ਉਦਯੋਗਿਕ ਇਕਾਈਆਂ ਖ਼ਿਲਾਫ਼ ਬਿਨਾਂ ਕਿਸੇ ਪੱਖਪਾਤ ਦੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਸੰਤ ਸੀਚੇਵਾਲ ਨੇ ਕਿਹਾ ਕਿ ਬੁੱਢੇ ਦਰਿਆ ਦਾ ਪ੍ਰਦੂਸ਼ਿਤ ਪਾਣੀ ਅੱਗੇ ਜਾ ਕੇ ਸਤਲੁਜ ਨਦੀ ਵਿੱਚ ਮਿਲਦਾ ਹੈ, ਜਿਸ ਨਾਲ ਮਾਲਵਾ ਖੇਤਰ ਅਤੇ ਰਾਜਸਥਾਨ ਤੱਕ ਦੇ ਲੱਖਾਂ ਲੋਕ ਕੈਂਸਰ ਅਤੇ ਹੋਰ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।
ਉਨ੍ਹਾਂ ਸਬੰਧਤ ਵਿਭਾਗਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਨਿਸ਼ਚਿਤ ਸਮੇਂ ਅੰਦਰ ਸਫ਼ਾਈ ਦੇ ਕੰਮਾਂ ਵਿੱਚ ਤੇਜ਼ੀ ਨਾ ਲਿਆਂਦੀ ਗਈ ਅਤੇ ਲਾਪਰਵਾਹ ਅਧਿਕਾਰੀਆਂ ਨੇ ਆਪਣਾ ਰਵੱਈਆ ਨਾ ਬਦਲਿਆ, ਤਾਂ ਇਸ ਦਾ ਗੰਭੀਰ ਨੋਟਿਸ ਲਿਆ ਜਾਵੇਗਾ ਅਤੇ ਉੱਚ ਪੱਧਰ ‘ਤੇ ਜਵਾਬਦੇਹੀ ਤੈਅ ਕੀਤੀ ਜਾਵੇਗੀ।

Related posts

ਮੁੱਖ ਮੰਤਰੀ ਵੱਲੋਂ ਉੜੀਸਾ ਦੇ ਬਾਲਾਸੌਰ ਵਿਖੇ ਵਾਪਰੇ ਰੇਲ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Current Updates

ਵਿੱਤ ਮੰਤਰੀ ਚੀਮਾ ਵੱਲੋਂ ਅੰਕੜਿਆਂ ਆਧਾਰਤ ਕਿਤਾਬ ‘ਪੰਜਾਬ ਸਟੇਟ ਐਟ ਏ ਗਲਾਂਸ 2022’ ਜਾਰੀ

Current Updates

ਵਸੀਅਤ ਵਿਵਾਦ: ਅਦਾਲਤ ਨੇ ਕਰਿਸ਼ਮਾ ਦੇ ਬੱਚਿਆਂ ਦੀ ਪਟੀਸ਼ਨ ਸਵੀਕਾਰ ਕੀਤੀ; ਮਾਮਲੇ ਦੀ ਅਗਲੀ ਸੁਣਵਾਈ 9 ਅਕਤੂਬਰ ਨੂੰ

Current Updates

Leave a Comment