September 6, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

Punjab Cabinet ਵੱਲੋਂ High Court ਦੇ ਚੀਫ਼ ਜਸਟਿਸ ਦੀ ਨਿਯੁਕਤੀ ਖ਼ਿਲਾਫ਼ ਮਤਾ ਪਾਸ

Punjab Cabinet ਵੱਲੋਂ High Court ਦੇ ਚੀਫ਼ ਜਸਟਿਸ ਦੀ ਨਿਯੁਕਤੀ ਖ਼ਿਲਾਫ਼ ਮਤਾ ਪਾਸ

ਚੰਡੀਗੜ੍ਹ-  ਪੰਜਾਬ ਕੈਬਨਿਟ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਦੀ ਨਿਯੁਕਤੀ ’ਤੇ ਇਤਰਾਜ਼ ਜਤਾਉਂਦੇ ਹੋਏ ਇੱਕ ਮਤਾ ਪਾਸ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਉਦੋਂ ਤੱਕ ਅਹੁਦੇ ਦੀ ਸਹੁੰ ਨਾ ਚੁਕਾਈ ਜਾਵੇ ਜਦੋਂ ਤੱਕ ਪੰਜਾਬ ਸਰਕਾਰ ਆਪਣੀ ਸਹਿਮਤੀ ਨਹੀਂ ਦਿੰਦੀ।

ਦੱਸਣਯੋਗ ਹੈ ਕਿ ਹਾਈ ਕੋਰਟ ਦੇ ਨਵੇਂ ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਭਲਕੇ ਸੋਮਵਾਰ ਨੂੰ ਰਾਜਪਾਲ ਵੱਲੋਂ ਸਹੁੰ ਚੁਕਾਏ ਜਾਣ ਦਾ ਪ੍ਰੋਗਰਾਮ ਨਿਰਧਾਰਿਤ ਹੈ। ਪੰਜਾਬ ਕੈਬਨਿਟ ਵੱਲੋਂ ਪਾਸ ਕੀਤੇ ਮਤੇ ਵਿੱਚ ਇਹ ਪੱਖ ਰੱਖਿਆ ਗਿਆ ਹੈ ਕਿ ਸੂਬੇ ਦੇ ਸੰਵਿਧਾਨਕ ਅਤੇ ਪ੍ਰਸ਼ਾਸਨਿਕ ਹਿੱਤਾਂ ’ਤੇ ਅਸਰ ਪਾਉਣ ਵਾਲੇ ਮਾਮਲਿਆਂ ’ਤੇ ਸੂਬਾ ਸਰਕਾਰ ਨਾਲ ਸਲਾਹ-ਮਸ਼ਵਰਾ ਕੀਤਾ ਜਾਣਾ ਚਾਹੀਦਾ ਹੈ। ਪੰਜਾਬ ਸਰਕਾਰ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਸੂਬੇ ਨਾਲ ਸਬੰਧਤ ਮਾਮਲਿਆਂ ’ਤੇ ਇਕਪਾਸੜ ਫ਼ੈਸਲੇ ਲੈ ਕੇ ‘ਪੰਜਾਬ ਨਾਲ ਬੇਇਨਸਾਫ਼ੀ’ ਕਰ ਰਹੀ ਹੈ।

ਪੰਜਾਬ ਕੈਬਨਿਟ ਵੱਲੋਂ ਪਾਸ ਕੀਤੇ ਮਤੇ ਨਾਲ ਹੁਣ ਜਿੱਥੇ ਪੰਜਾਬ ਸਰਕਾਰ ਅਤੇ ਕੇਂਦਰ ਦਰਮਿਆਨ ਮੁੜ ਇੱਕ ਟਕਰਾਅ ਪੈਦਾ ਹੋਣ ਦਾ ਮੁੱਢ ਬੱਝ ਗਿਆ ਹੈ, ਉੱਥੇ ਹੀ ਸੂਬਾਈ ਸਰਕਾਰ ਉੱਚ ਅਦਾਲਤ ਨਾਲ ਵੀ ਤਲਖ਼ੀ ’ਚ ਆ ਗਈ ਹੈ। ਪੰਜਾਬ ਸਰਕਾਰ ਨੇ ਅੱਜ ਐਮਰਜੈਂਸੀ ਕੈਬਨਿਟ ਮੀਟਿੰਗ ਬੁਲਾਈ ਜੋ ਕਿ ਵੀਡੀਓ ਕਾਨਫ਼ਰੰਸ ਜ਼ਰੀਏ ਹੋਈ। ਕੈਬਨਿਟ ਮੀਟਿੰਗ ’ਚ ਨਵੇਂ ਮੁੱਖ ਜਸਟਿਸ ਦੀ ਨਿਯੁਕਤੀ ’ਤੇ ਸਵਾਲ ਉਠਾਏ ਗਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਹਿਲਾਂ ਹੀ ਆਖ ਚੁੱਕੇ ਹਨ ਕਿ ਪੰਜਾਬ ਸਰਕਾਰ ਨਾਲ ਬਿਨਾਂ ਕੋਈ ਸਲਾਹ-ਮਸ਼ਵਰਾ ਕੀਤੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਮੁੱਖ ਜੱਜ ਨਿਯੁਕਤ ਕਰ ਦਿੱਤਾ ਗਿਆ ਹੈ। ਚੀਮਾ ਨੇ ਕਿਹਾ ਕਿ ਮੁੱਖ ਜੱਜ ਦੀ ਨਿਯੁਕਤੀ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਆਪਣਾ ਮਸ਼ਵਰਾ ਦੇਣ ਦਾ ਕੋਈ ਮੌਕਾ ਨਹੀਂ ਦਿੱਤਾ ਗਿਆ, ਜੋ ਕਿ ਕੇਂਦਰ ਵੱਲੋਂ ਪੰਜਾਬ ਦੇ ਸੰਵਿਧਾਨਕ ਅਧਿਕਾਰਾਂ ਅਤੇ ਦੇਸ਼ ਦੇ ਸੰਘੀ ਢਾਂਚੇ ਪ੍ਰਤੀ ਸਤਿਕਾਰ ਨੂੰ ਢਾਹ ਲਾਉਣ ਵਾਂਗ ਹੈ।

ਚੀਮਾ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 12 ਅਗਸਤ 2026 ਨੂੰ ਭੇਜੇ ਗਏ ਪੱਤਰ ਅਤੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਦੇ ਪੱਤਰ ਵਿੱਚ ਹੀ ਸਬੰਧਤ ਪ੍ਰਕਿਰਿਆ ਦਾ ਜ਼ਿਕਰ ਕੀਤਾ ਗਿਆ ਸੀ। ਚੀਮਾ ਨੇ ਜਸਟਿਸ ਜੀ ਐੱਸ ਸੰਧਾਵਾਲੀਆ (ਜੋ ਉਸ ਸਮੇਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਸਨ) ਬਾਰੇ ਪਹਿਲਾਂ ਕੀਤੀ ਗਈ ਸਿਫ਼ਾਰਸ਼ ਨੂੰ ਕੇਂਦਰ ਸਰਕਾਰ ਵੱਲੋਂ ਨਜਿੱਠਣ ਦੇ ਤਰੀਕੇ ’ਤੇ ਵੀ ਸਵਾਲ ਚੁੱਕੇ। ਚੀਮਾ ਨੇ ਕਿਹਾ ਕਿ ਸੁਪਰੀਮ ਕੋਰਟ ਕੌਲਿਜੀਅਮ ਨੇ ਜੁਲਾਈ 2024 ਵਿੱਚ ਜਸਟਿਸ ਸੰਧਾਵਾਲੀਆ ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਸੀ, ਪਰ ਇਹ ਨਿਯੁਕਤੀ ਦੋ ਮਹੀਨਿਆਂ ਤੋਂ ਵੱਧ ਸਮੇਂ ਤੱਕ ਲਟਕੀ ਰਹੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰ ਦਿੱਤਾ ਗਿਆ।

ਵਿੱਤ ਮੰਤਰੀ ਨੇ ਕਿਹਾ ਕਿ, ‘ਮੈਂ ਪੁੱਛਣਾ ਚਾਹੁੰਦਾ ਹਾਂ ਕਿ ਕੌਲਿਜੀਅਮ ਦੀ ਸਿਫ਼ਾਰਸ਼ ਦੇ ਬਾਵਜੂਦ ਜਸਟਿਸ ਜੀ ਐੱਸ ਸੰਧਾਵਾਲੀਆ ਦੀ ਮੱਧ ਪ੍ਰਦੇਸ਼ ਦੇ ਚੀਫ਼ ਜਸਟਿਸ ਵਜੋਂ ਨਿਯੁਕਤੀ ਵਿੱਚ ਦੇਰੀ ਕਿਉਂ ਕੀਤੀ ਗਈ, ਜਦਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਦੀ ਪ੍ਰਕਿਰਿਆ ਪੰਜਾਬ ਸਰਕਾਰ ਨਾਲ ਸਲਾਹ-ਮਸ਼ਵਰਾ ਕੀਤੇ ਬਿਨਾਂ ਹੀ ਪੂਰੀ ਕਰ ਲਈ ਗਈ?’ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਵਾਰ-ਵਾਰ ਸੂਬਿਆਂ ਦੇ ਅਧਿਕਾਰਾਂ ਵਿੱਚ ਦਖ਼ਲਅੰਦਾਜ਼ੀ ਨਹੀਂ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਸੰਵਿਧਾਨਕ ਅਧਿਕਾਰਾਂ ਅਤੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਏਗੀ।

ਦੱਸਣਯੋਗ ਹੈ ਕਿ ਜਸਟਿਸ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਬਤੌਰ ਕਾਰਜਕਾਰੀ ਚੀਫ਼ ਜਸਟਿਸ ਸੇਵਾਵਾਂ ਨਿਭਾ ਰਹੇ ਸਨ। ਸੁਪਰੀਮ ਕੋਰਟ ਦੇ ਕੌਲਿਜੀਅਮ ਦੀ ਜਸਟਿਸ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰੈਗੂਲਰ ਮੁੱਖ ਜੱਜ ਵਜੋਂ ਨਿਯੁਕਤ ਕਰਨ ਬਾਰੇ ਸਿਫ਼ਾਰਸ਼ ਮਗਰੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 9 ਅਗਸਤ ਨੂੰ ਸੋਸ਼ਲ ਮੀਡੀਆ ’ਤੇ ਦੋਸ਼ ਲਾਏ ਸਨ ਕਿ ਸੀਨੀਅਰਤਾ ਦੀ ਅਣਦੇਖੀ ਕੀਤੀ ਜਾ ਰਹੀ ਹੈ। ਇਹ ਵੀ ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਜਸਟਿਸ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੇ ਹੀ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦਾ ਬਕਾਇਆ ਮਹਿੰਗਾਈ ਭੱਤਾ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਸਨ ਅਤੇ ਇਸ ਫ਼ੈਸਲੇ ਮਗਰੋਂ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਨੂੰ 14,100 ਕਰੋੜ ਰੁਪਏ ਦੇਣ ਦੀ ਨੌਬਤ ਖੜ੍ਹੀ ਹੋ ਗਈ।

Related posts

ਪ੍ਰਧਾਨ ਮੰਤਰੀ ਮੋਦੀ ਬਿਰਲਾ ਨੂੰ ਲਿਖਦੇ ਹਨ ਜੋ ਫਿਰ ਸੰਸਦ ਮੈਂਬਰਾਂ ਨੂੰ ਆਤਮ-ਨਿਰੀਖਣ ਕਰਨ ਲਈ ਕਹਿੰਦੇ ਹਨ

Current Updates

ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨੂੰ ਉਹਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

Current Updates

ਅਧਿਆਪਕਾਂ ਵੱਲੋਂ ਮੋਮਬੱਤੀ ਮਾਰਚ

Current Updates

Leave a Comment