ਚੰਡੀਗੜ੍ਹ- ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਉੱਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਸ ਵਿਵਾਦੀ ਮਾਮਲੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਮੰਤਰੀ ਮੰਡਲ ਦੀ ਇੱਕ ਐਮਰਜੈਂਸੀ ਮੀਟਿੰਗ ਸੱਦ ਲਈ ਹੈ, ਜਿਸ ਵਿੱਚ ਸੂਬੇ ਨਾਲ ਜੁੜੇ ਕਈ ਅਹਿਮ ਅਤੇ ਗੰਭੀਰ ਮੁੱਦਿਆਂ ਉੱਤੇ ਵਿਚਾਰ-ਚਰਚਾ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਚੀਫ਼ ਜਸਟਿਸ ਦੀ ਨਿਯੁਕਤੀ ਉੱਤੇ ਤਿੱਖੇ ਸਵਾਲ ਚੁੱਕਦਿਆਂ ਇਸ ਨੂੰ ਪੰਜਾਬ ਨਾਲ ਸਰਾਸਰ ਧੱਕੇਸ਼ਾਹੀ ਕਰਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਹੈ ਕਿ ਪੰਜਾਬ ਸਰਕਾਰ ਇਸ ਨਿਯੁਕਤੀ ਨੂੰ ਕਿਸੇ ਵੀ ਕੀਮਤ ਉੱਤੇ ਪ੍ਰਵਾਨਗੀ ਨਹੀਂ ਦਿੰਦੀ।
ਇਸ ਐਮਰਜੈਂਸੀ ਮੀਟਿੰਗ ਦੌਰਾਨ ਸਰਕਾਰ ਵੱਲੋਂ ਇਸ ਨਿਯੁਕਤੀ ਨੂੰ ਲੈ ਕੇ ਕੋਈ ਸਖ਼ਤ ਕਾਨੂੰਨੀ ਜਾਂ ਪ੍ਰਸ਼ਾਸਨਿਕ ਕਦਮ ਚੁੱਕਣ ਬਾਰੇ ਅਹਿਮ ਫ਼ੈਸਲੇ ਲਏ ਜਾਣ ਦੀ ਪੂਰੀ ਸੰਭਾਵਨਾ ਹੈ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਸੂਬੇ ਦੀ ਸਿਆਸਤ ਵਿੱਚ ਵੀ ਭਾਰੀ ਗਰਮਾ-ਗਰਮੀ ਵੇਖਣ ਨੂੰ ਮਿਲ ਰਹੀ ਹੈ ਅਤੇ ਸਾਰੀਆਂ ਧਿਰਾਂ ਦੀਆਂ ਨਜ਼ਰਾਂ ਸ਼ਾਮ ਨੂੰ ਹੋਣ ਵਾਲੀ ਇਸ ਉੱਚ-ਪੱਧਰੀ ਮੀਟਿੰਗ ਦੇ ਨਤੀਜਿਆਂ ’ਤੇ ਟਿਕੀਆਂ ਹੋਈਆਂ ਹਨ।
