ਅੰਮ੍ਰਿਤਸਰ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜਿਲ੍ਹੇ ਵਿੱਚ 12 ਸਤੰਬਰ ਸ਼ਨਿਚਰਵਾਰ ਨੂੰ ਨੈਗੋਸ਼ੀਏਬਲ ਐਕਟ ਤਹਿਤ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਅਧਿਸੂਚਨਾ ਮੁੱਖ ਸਕੱਤਰ ਦੇ ਦਫ਼ਤਰ ਵੱਲੋਂ ਜਾਰੀ ਕੀਤੀ ਗਈ ਹੈ। ਜਿਸ ਵਿੱਚ ਦੱਸਿਆ ਗਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ 12 ਸਤੰਬਰ ਸ਼ਨਿਚਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦੀ ਘੋਸ਼ਣਾ ਕੀਤੀ ਗਈ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਵੀ ਘੋਸ਼ਿਤ ਕੀਤੀ ਗਈ ਹੈ।
ਦੱਸਣ ਯੋਗ ਹੈ ਕਿ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਵਾਸਤੇ ਵੱਡੇ ਪੱਧਰ ਤੇ ਪ੍ਰਬੰਧ ਕੀਤੇ ਗਏ ਹਨ। ਬੀਤੇ ਦਿਨੀ ਇਸ ਸੰਬੰਧ ਵਿੱਚ ਸਭਾ ਸੁਸਾਇਟੀਆਂ ਅਤੇ ਜਥੇਬੰਦੀਆਂ ਨਾਲ ਮੀਟਿੰਗ ਵੀ ਕੀਤੀ ਗਈ ਸੀ। ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਹੀ ਇਸ ਦਿਵਸ ਨੂੰ ਸਭਾ ਸੋਸਾਇਟੀਆਂ, ਜਥੇਬੰਦੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਵੱਡੇ ਪੱਧਰ ਤੇ ਮਨਾਇਆ ਜਾਂਦਾ ਹੈ।
