ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜਸਟਿਸ ਨੇ ਦਿੜ੍ਹਬਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਪੁਲੀਸ ਨੂੰ ਬਿਨਾਂ ਕਿਸੇ ਪੱਖਪਾਤ ਦੇ ਨਿਰਪੱਖ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਡੀ.ਐੱਸ.ਪੀ. ਦਿੜ੍ਹਬਾ ਰੁਪਿੰਦਰ ਕੌਰ ਬਾਜਵਾ ਨੇ ਦੱਸਿਆ ਕਿ ਮੁੱਖ ਜਸਟਿਸ ਨੇ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਹੈ ਅਤੇ ਢੁਕਵੀਂ ਜਾਂਚ ਕਰਨ ਲਈ ਕਿਹਾ ਹੈ। ਡੀ.ਐੱਸ.ਪੀ. ਨੇ ਕਿਹਾ ਕਿ ਇਸ ਵੇਲੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (SIT) ਕਰ ਰਹੀ ਹੈ ਅਤੇ ਜਾਂਚ ਦੇ ਤੱਥ ਨਸ਼ਰ ਨਹੀਂ ਕੀਤੇ ਜਾ ਸਕਦੇ। ਦੱਸਣਯੋਗ ਹੈ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ਦੇ ਪਿੰਡ ਤੂਰਬੰਜਾਰਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਨੇ ਪੰਚਾਇਤ ਦੇ ਦਬਾਅ ਕਾਰਨ ਖ਼ੁਦਕੁਸ਼ੀ ਕਰ ਲਈ ਸੀ। ਗੁਲਜ਼ਾਰ ਸਿੰਘ ਨੇ ਵਿੱਤ ਮੰਤਰੀ ਦੇ ਪ੍ਰੋਗਰਾਮ ਵਿੱਚ ਨਸ਼ੇ ਦਾ ਮੁੱਦਾ ਚੁੱਕਿਆ ਸੀ।
