ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਦੇ ਕੈਨੇਡਾ ਪਹੁੰਚਣ ਦੀਆਂ ਖ਼ਬਰਾਂ ਨਾਲ ਸਿਆਸੀ ਅਤੇ ਧਾਰਮਿਕ ਹਲਕਿਆਂ ਵਿੱਚ ਵੱਡੀ ਚਰਚਾ ਛਿੜ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸੰਭਾਵੀ ਗ੍ਰਿਫ਼ਤਾਰੀ ਦੇ ਡਰੋਂ ਉਨ੍ਹਾਂ ਨੇ ਵਿਦੇਸ਼ ਜਾਣ ਦਾ ਕਦਮ ਚੁੱਕਿਆ ਹੈ।
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਸ੍ਰੀ ਅਨੰਦਪੁਰ ਸਾਹਿਬ ਥਾਣੇ ਵਿਖੇ ਇੱਕ ਮਹਿਲਾ ਦੀ ਸ਼ਿਕਾਇਤ ‘ਤੇ ਸੰਗੀਨ ਧਾਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਮੁਤਾਬਕ ਪੰਜਾਬ ਦੇ ਮਾਲਵਾ ਖੇਤਰ ਨਾਲ ਸਬੰਧਤ ਪੀੜਤ ਮਹਿਲਾ ਨੇ ਉਨ੍ਹਾਂ ‘ਤੇ ਗੰਭੀਰ ਦੋਸ਼ ਲਗਾਏ ਹਨ। ਇਸ ਸਬੰਧੀ ਮਹਿਲਾ ਦੇ ਬਿਆਨ ਵੀ ਅਦਾਲਤ ਵਿੱਚ ਦਰਜ ਕਰਵਾਏ ਜਾ ਚੁੱਕੇ ਹਨ।
ਮਾਮਲਾ ਦਰਜ ਹੋਣ ਤੋਂ ਤੁਰੰਤ ਬਾਅਦ ਅਮਰਜੀਤ ਸਿੰਘ ਚਾਵਲਾ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨਗੀ ਪਦ ਅਤੇ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਤੋਂ ਆਪਣੇ ਅਸਤੀਫ਼ੇ ਦਾ ਐਲਾਨ ਕਰ ਦਿੱਤਾ ਸੀ। ਉਨ੍ਹਾਂ ਨੇ ਆਪਣੇ ਅਸਤੀਫ਼ੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਭੇਜ ਦਿੱਤੇ ਸਨ। ਅਸਤੀਫ਼ੇ ਦੌਰਾਨ ਉਨ੍ਹਾਂ ਨੇ ਆਪਣੇ ਉੱਪਰ ਲੱਗੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਇਸ ਨੂੰ ਇੱਕ ਵੱਡੀ ਸਿਆਸੀ ਸਾਜ਼ਿਸ਼ ਅਤੇ ਚੋਣਾਂ ਤੋਂ ਪਹਿਲਾਂ ਅਕਸ ਖ਼ਰਾਬ ਕਰਨ (ਕਿਰਦਾਰਕੁਸ਼ੀ) ਦੀ ਕੋਸ਼ਿਸ਼ ਕਰਾਰ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਉਹ ਅਦਾਲਤ ਰਾਹੀਂ ਆਪਣੇ ਆਪ ਨੂੰ ਨਿਰਦੋਸ਼ ਸਾਬਤ ਕਰਨਗੇ ਅਤੇ ਜਦੋਂ ਤੱਕ ਉਹ ਦੋਸ਼ ਮੁਕਤ ਨਹੀਂ ਹੋ ਜਾਂਦੇ, ਉਦੋਂ ਤੱਕ ਕਿਸੇ ਵੀ ਧਾਰਮਿਕ ਜਾਂ ਸਿਆਸੀ ਅਹੁਦੇ ‘ਤੇ ਸੇਵਾ ਨਹੀਂ ਨਿਭਾਉਣਗੇ।
ਦੂਜੇ ਪਾਸੇ, ਮਾਮਲੇ ਦੀ ਸੰਵੇਦਨਸ਼ੀਲਤਾ ਅਤੇ ਹਾਈ-ਪ੍ਰੋਫਾਈਲ ਹੋਣ ਕਾਰਨ ਰੂਪਨਗਰ ਅਤੇ ਅਨੰਦਪੁਰ ਸਾਹਿਬ ਪੁਲਿਸ ਵੱਲੋਂ ਫਿਲਹਾਲ ਵਧੇਰੇ ਵੇਰਵੇ ਸਾਂਝੇ ਕਰਨ ਤੋਂ ਗੁਰੇਜ਼ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ, ਜਦਕਿ ਉਨ੍ਹਾਂ ਦੇ ਅਚਾਨਕ ਵਿਦੇਸ਼ ਰਵਾਨਾ ਹੋਣ ਦੀ ਖ਼ਬਰ ਤੋਂ ਬਾਅਦ ਪੁਲਿਸ ਦੀਆਂ ਅਗਲੀਆਂ ਕਾਨੂੰਨੀ ਹਰਕਤਾਂ ਅਤੇ ਕਾਰਵਾਈ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
