ਫ਼ਰੀਦਕੋਟ- ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਹਰੀ ਨੌਂ ਦੇ ਵਸਨੀਕਾਂ ਨੇ ਇੱਕ ਮਤਾ ਪਾਸ ਕਰਕੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਉਨ੍ਹਾਂ ਦੀ ਸਿਆਸੀ ਜਥੇਬੰਦੀ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਵੱਲੋਂ ਸਮਰਥਨ ਪ੍ਰਾਪਤ ਕਿਸੇ ਵੀ ਉਮੀਦਵਾਰ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ, ਵਿਸ਼ੇਸ਼ ਜਾਂਚ ਟੀਮ (SIT) ਨੇ ਸਥਾਨਕ ਸਿੱਖ ਕਾਰਕੁਨ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਨਾਮਜ਼ਦ ਕੀਤਾ ਸੀ। ‘ਵਾਰਿਸ ਪੰਜਾਬ ਦੇ’ ਦੇ ਸਾਬਕਾ ਸਾਥੀ ਅਤੇ ਸਥਾਨਕ ਕਾਰਕੁਨ ਗੁਰਪ੍ਰੀਤ ਸਿੰਘ ਨੂੰ 9 ਅਕਤੂਬਰ 2024 ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਐੱਸ ਆਈ ਟੀ ਨੇ ਅੰਮ੍ਰਿਤਪਾਲ ਸਿੰਘ ਦੀ ਕਥਿਤ ਸ਼ਮੂਲੀਅਤ ਨੂੰ ਸਾਬਤ ਕਰਨ ਲਈ ਇੱਕ ਚਾਰਜਸ਼ੀਟ ਦਾਇਰ ਕੀਤੀ ਸੀ।
ਆਪਣੀ ਹੀ ਇਲਾਕੇ ਦੇ ਨੌਜਵਾਨ ਦੇ ਕਤਲ ਤੋਂ ਗੁੱਸੇ ਵਿੱਚ ਆਏ ਪਿੰਡ ਦੇ ਬਜ਼ੁਰਗਾਂ ਅਤੇ ਵਸਨੀਕਾਂ ਨੇ ਬਾਈਕਾਟ ਦਾ ਮਤਾ ਪਾਸ ਕਰਨ ਲਈ ਇੱਕ ਜਨਤਕ ਇਕੱਠ ਸੱਦਿਆ। ਉਨ੍ਹਾਂ ਐਲਾਨ ਕੀਤਾ ਕਿ ਅੰਮ੍ਰਿਤਪਾਲ ਸਿੰਘ ਜਾਂ ਉਨ੍ਹਾਂ ਦੀ ਜਥੇਬੰਦੀ ਦੀ ਨੁਮਾਇੰਦਗੀ ਕਰਨ ਵਾਲੇ ਕਿਸੇ ਵੀ ਸਿਆਸੀ ਵਰਕਰ, ਪ੍ਰਚਾਰਕ ਜਾਂ ਉਮੀਦਵਾਰ ਨੂੰ ਹਰੀ ਨੌਂ ਵਿੱਚ ਵੋਟਾਂ ਮੰਗਣ ਜਾਂ ਸਿਆਸੀ ਸਰਗਰਮੀਆਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਦੱਸਿਆ ਜਾਂਦਾ ਹੈ ਕਿ ਗੁਰਪ੍ਰੀਤ ਸਿੰਘ ਦਾ ਕਤਲ ਉਸ ਸਮੇਂ ਕੀਤਾ ਗਿਆ ਜਦੋਂ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੇ ਧੜੇ ਤੋਂ ਦੂਰੀ ਬਣਾ ਲਈ ਸੀ ਅਤੇ ਔਨਲਾਈਨ ਉਨ੍ਹਾਂ ਦੀ ਵਿਚਾਰਧਾਰਾ ਨੂੰ ਚੁਣੌਤੀ ਦੇਣੀ ਸ਼ੁਰੂ ਕਰ ਦਿੱਤੀ ਸੀ।
ਐੱਸ ਆਈ ਟੀ ਨੇ ਦਾਇਰ ਕੀਤੀ ਚਾਰਜਸ਼ੀਟ ਵਿੱਚ ਦੋਸ਼ ਲਾਇਆ ਸੀ ਕਿ ਇਹ ਕਤਲ ਅੰਮ੍ਰਿਤਪਾਲ ਸਿੰਘ—ਜੋ ਐੱਨ ਐੱਸ ਏ ਤਹਿਤ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹਨ—ਦੇ ਕਹਿਣ ‘ਤੇ ਕੈਨੇਡਾ ਸਥਿਤ ਅਤਿਵਾਦੀ ਅਰਸ਼ਦੀਪ ਸਿੰਘ (ਅਰਸ਼ ਡੱਲਾ) ਨਾਲ ਮਿਲ ਕੇ ਕਰਵਾਇਆ ਗਿਆ ਸੀ। ਗੁਰਪ੍ਰੀਤ ਸਿੰਘ ਸਥਾਨਕ ਸੋਸ਼ਲ ਮੀਡੀਆ ਪੇਜ ‘ਹਰੀ ਨੌਂ ਵਿਲੇਜ’ ਚਲਾਉਂਦੇ ਸਨ ਅਤੇ ਪਹਿਲਾਂ ‘ਵਾਰਿਸ ਪੰਜਾਬ ਦੇ’ ਦੇ ਇੱਕ ਅਹਿਮ ਸਾਥੀ ਸਨ। ਉਨ੍ਹਾਂ ਨੂੰ 9 ਅਕਤੂਬਰ 2024 ਨੂੰ ਉਸ ਸਮੇਂ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ ਜਦੋਂ ਉਹ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਘਰ ਵਾਪਸ ਆ ਰਹੇ ਸਨ।
