ਲੁਧਿਆਣਾ: ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਪਣੀ ਚੋਣ ਮੁਹਿੰਮ ਦੀ ਰਸਮੀ ਸ਼ੁਰੂਆਤ ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਇੰਡੋਰ ਸਟੇਡੀਅਮ ਤੋਂ ਕਰ ਦਿੱਤੀ ਹੈ। ਇਸ ਵਿਸ਼ੇਸ਼ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦੀ ਮੌਜੂਦਗੀ ਵਿੱਚ ਚੋਣ ਪ੍ਰਚਾਰ ਪੈਂਫਲੇਟ “ਮਾਨ ਸਰਕਾਰ ਦੇ ਮੁਨਾਫ਼ੇ” ਜਾਰੀ ਕਰਦਿਆਂ ਚੋਣ ਬਿਗੁਲ ਫੂਕਿਆ।
ਇਸ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਪਣੀ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਕੀਤੀਆਂ ਗਈਆਂ ਪ੍ਰਾਪਤੀਆਂ, ਮੁਫ਼ਤ ਬਿਜਲੀ, ਸੜਕ ਸੁਰੱਖਿਆ ਫੋਰਸ ਅਤੇ ਹੋਰ ਜਨ-ਕਲਿਆਣਕਾਰੀ ਯੋਜਨਾਵਾਂ ਦਾ ਵੇਰਵਾ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਦਿੱਤੀਆਂ ਗਈਆਂ ਗਾਰੰਟੀਆਂ ਤੋਂ ਵੱਧ ਕੇ ਕੰਮ ਕੀਤਾ ਹੈ। ਇਸ ਮੌਕੇ ਵਿਰੋਧੀ ਧਿਰਾਂ ‘ਤੇ ਵੀ ਤਿੱਖੇ ਨਿਸ਼ਾਨੇ ਸਾਧੇ ਗਏ।
ਇਸ ਚੋਣ ਮੁਹਿੰਮ ਦੇ ਅਗਲੇ ਪੜਾਅ ਵਿੱਚ ਪਾਰਟੀ ਵੱਲੋਂ ਪੂਰੇ ਸੂਬੇ ਵਿੱਚ ਘਰ-ਘਰ ਪ੍ਰਚਾਰ ਅਭਿਆਨ ਅਰੰਭਿਆ ਜਾਵੇਗਾ, ਜਿਸ ਤਹਿਤ ਲੱਖਾਂ ਬੂਥ ਕਮੇਟੀ ਮੈਂਬਰ ਆਮ ਲੋਕਾਂ ਤੱਕ ਪਹੁੰਚ ਕਰਕੇ ਸਰਕਾਰ ਦੇ ਕੰਮਾਂ ਬਾਰੇ ਜਾਣਕਾਰੀ ਦੇਣਗੇ। ਇਸ ਦੇ ਨਾਲ ਹੀ ਪਾਰਟੀ ਵੱਲੋਂ ਨਵੇਂ ਮੈਂਬਰਾਂ ਨੂੰ ਜੋੜਨ ਲਈ ਵਿਸ਼ੇਸ਼ ਮੈਂਬਰਸ਼ਿਪ ਮੁਹਿੰਮ ਵੀ ਚਲਾਈ ਜਾ ਰਹੀ ਹੈ।
